ਅਬੋਹਰ, 4 ਅਪਰੈਲ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਹਾਰੈਲੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਤਿੰਨੋਂ ਕਾਲੇ ਕਾਨੂੰਨ ਜਲਦੀ ਵਾਪਸ ਨਾ ਲਏ ਗਏ ਤਾਂ ਪੂਰੇ ਦੇਸ਼ ਵਿੱਚ ਅੰਨ ਸੰਕਟ ਪੈਦਾ ਹੋ ਸਕਦਾ ਹੈ ਕਿਉਂਕਿ ਪਿਛਲੇ ਕਰੀਬ 6 ਮਹੀਨਿਆਂ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਦੀ ਯੋਜਨਾਵਾਂ ਬਣਾ ਰਹੀ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਲ 2014 ਤੋਂ ਸੱਤਾ ਵਿੱਚ ਪਹਿਲੀ ਵਾਰ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਕਈ ਕਾਨੂੰਨ ਲਾਗੂ ਕੀਤੇ ਹਨ ਜੋ ਕਾਫੀ ਵਿਰੋਧ ਦੇ ਬਾਵਜੂਦ ਰੱਦ ਨਹੀਂ ਕੀਤੇ ਗਏ ਪਰ ਇਹ ਖੇਤੀ ਕਾਨੂੰਨ ਸਰਕਾਰ ਨੂੰ ਰੱਦ ਕਰਨੇ ਹੀ ਪੈਣਗੇ। ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਦੀਪ ਸਿੱਧੂ ਬਾਰੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਜੇਕਰ ਉਹ ਪੰਜਾਬ ਵਿੱਚ ਆ ਜਾਂਦਾ ਹੈ ਤਾਂ ਦਿੱਲੀ ਪੁਲੀਸ ਉਸ ਨੂੰ ਹੱਥ ਵੀ ਨਹੀਂ ਲਗਾ ਸਕਦੀ ਸੀ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਦਾ ਕਿਸਾਨ ਇਕਜੁੱਟ ਹੋ ਚੁੱਕਿਆ ਹੈ ਅਤੇ ਹੁਣ ਤਿੰਨੋਂ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ। ਰਾਕੇਸ਼ ਟਿਕੈਤ ’ਤੇ ਹੋਏ ਹਮਲੇ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਕੇਂਦਰ ਸਰਕਾਰ ਹਿਲਾ ਕੇ ਰੱਖ ਦਿੱਤੀ ਸੀ। ਇਸੇ ਕਾਰਨ ਮੋਦੀ ਸਰਕਾਰ ਕਿਸਾਨ ਆਗੂਆਂ ਉੱਪਰ ਹਮਲੇ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਬੰਗਾਲ ਅੰਦਰ ਭਾਜਪਾ ਸਰਕਾਰ ਹਾਰਨ ਵਾਲੀ ਹੈ ਅਤੇ ਜਲਦੀ ਹੀ ਕਿਸਾਨ ਵਿਰੋਧੀ ਬਿੱਲ ਰੱਦ ਹੋਣਗੇ। ਇਸ ਮੌਕੇ ਭਾਕਿਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ, ਗੁਰਨਾਮ ਸਿੰਘ ਚੜੂਨੀ, ਰਾਜਿੰਦਰ ਦੀਪ ਸਿੰਘ ਵਾਲਾ, ਕੁਲਵੰਤ ਸਿੰਘ ਸੰਧੂ ਤੋਂ ਇਲਾਵਾ ਸੁਭਾਸ਼ ਗੋਦਾਰਾ, ਮਨੋਜ ਗੋਦਾਰਾ, ਵਿਨੋਦ ਡੁੱਡੀ, ਕਿਸਾਨ ਆਗੂ ਸੁਸ਼ੀਲ ਸਿਆਗ, ਆਰਡੀ ਬਿਸ਼ਨੋਈ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
ਰੈਲੀ ਦੌਰਾਨ ਪੰਜਾਬੀ ਗਾਇਕਾ ਸੋਨੀਆ ਮਾਨ, ਗੁਰਵਿੰਦਰ ਸਿੰਘ ਬਰਾੜ, ਦਰਸ਼ਨ ਸਿੰਘ ਔਲਖ, ਬਲਜੀਤ ਸਿੰਘ ਸੰਧੂ ਨੇ ਵੀ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਸਲਾ ਵਧਾਇਆ।
