
ਮੁਲਾਂਪੁਰ, 29 ਅਗਸਤ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਇਥੇ ਕਿਸਾਨ ਕਨਵੈਨਸ਼ਨ ਦੌਰਾਨ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਕਿਸਾਨੀ ਘੋਲ ਦੀ ਜਿੱਤ ਨੂੰ ਯਕੀਨੀ ਦੱਸਦਿਆਂ ਕਿਹਾ ਕਿ ਜ਼ੋਰ ਜਬਰਦਸਤੀ ਘੋਲਾਂ ਨੂੰ ਖ਼ਤਮ ਕਰਨ ਦੇ ਸੁਪਨੇ ਦੇਖਣ ਵਾਲੇ ਹਾਕਮਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰਦਾ। ਬਸਤਾੜਾ ਟੋਲ ਪਲਾਜ਼ਾ ਉੱਪਰ ਵਹਿਸ਼ੀਆਨਾ ਲਾਠੀਚਾਰਜ ਵਿਚ ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਸਾਨ ਆਗੂ ਨੇ ਦੇਸ਼ ਦੇ ਹਾਕਮਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲੈਣ।
ਇਸ ਮੌਕੇ ਉਨ੍ਹਾ ਲੁਧਿਆਣਾ ਜਿਲ੍ਹੇ ਦੇ ਕਿਸਾਨਾਂ ਨੂੰ ਕਿਲ੍ਹਾ ਰਾਏਪੁਰ ਤੋਂ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ ਅਡਾਨੀ ਨੂੰ ਭਜਾਉਣ ਲਈ ਵਧਾਈ ਦਿੱਤੀ ਅਤੇ ਕਿਹਾ ਕ ਮੋਦੀ ਹਕੂਮਤ ਝੁਕਾ ਕੇ ਘਰ ਮੁੜਾਂਗੇ, ਉਨ੍ਹਾ ਕਿਹਾ ਕਿ ਇਹ ਕਿਸਾਨੀ ਘੋਲ ਆਜ਼ਾਦੀ ਦੀ ਲੜਾਈ ਤੋਂ ਘੱਟ ਨਹੀਂ ਹੈ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਹੋਈ ਕਨਵੈਨਸ਼ਨ ਵਿਚ ਸ਼ਾਮਲ ਕਿਸਾਨ ਆਗੂਆਂ ਨੇ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਵਹਿਸ਼ੀਆਨਾ ਲਾਠੀਚਾਰਜ ਦੀ ਘੋਰ ਨਿੰਦਾ ਕੀਤੀ।
ਕਨਵੈਨਸ਼ਨ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਸੁਰਿੰਦਰ ਕੌਰ, ਖੇਤ ਮਜ਼ਦੂਰ ਆਗੂ ਅਮਰਜੀਤ ਸਿੰਘ ਮੱਟੂ, ਗੁਰਮੇਲ ਸਿੰਘ ਰੂਮੀ, ਮਹਿੰਦਰ ਸਿੰਘ ਅੱਚਰਵਾਲ, ਜਗਤਾਰ ਸਿੰਘ ਚਕੋਹੀ, ਅਮਰਜੀਤ ਸਿੰਘ ਸਹਿਜਾਦ, ਅਮਰੀਕ ਸਿੰਘ ਜੜਤੋਲੀ ਅਤੇ ਸੁਰਜੀਤ ਸਿੰਘ ਸੀਲੋਂ ਨੇ ਵੀ ਸੰਬੋਧਨ ਕੀਤਾ।