ਜੋਧਾਂ, 29 ਅਪ੍ਰੈਲ (ਸੰਗਰਾਮੀ ਲਹਿਰ ਬਿਉਰੋ)- ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਲੁਧਿਆਣਾ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਬੱਲੋਵਾਲ (82 ਸਾਲ) ਅੱਜ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਹ ਲੰਮਾ ਸਮਾਂ ਤਹਿਸੀਲ ਲੁਧਿਆਣਾ ਦੇ ਪ੍ਰਧਾਨ ਰਹੇ। ਉਹਨਾ ਦੀ ਅਗਵਾਈ ਵਿੱਚ ਇਲਾਕੇ ਵਿੱਚ ਜਥੇਬੰਦੀ ਵੱਲੋਂ ਕਿਸਾਨਾਂ ਮਜ਼ਦੂਰਾਂ ਦੇ ਲਈ ਕਈ ਸੰਘਰਸ਼ ਲੜੇ ਤੇ ਜਿੱਤੇ ਗਏ। ਉਹਨਾ ਦੀ ਮਿਤ੍ਰਕ ਦੇਹ ਦੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਅਮਰਜੀਤ ਸਿੰਘ ਸਹਿਜਾਦ, ਹਰਨੇਕ ਸਿੰਘ ਗੁੱਜਰਵਾਲ, ਮੱਘਰ ਸਿੰਘ ਖੰਡੂਰ, ਦਵਿੰਦਰ ਸਿੰਘ, ਸ਼ਿੰਦਰਪਾਲ ਸਿੰਘ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਝੰਡਾ ਪਾਇਆ। ਉਹਨਾ ਦੇ ਵਿਛੋੜੇ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਪ੍ਰੋਫੈਸਰ ਜੈਪਾਲ ਸਿੰਘ ਨੇ ਗਹਿਰੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ।
