Now Reading
ਤਰਨਤਾਰਨ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਤਰਨਤਾਰਨ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਤਰਨ ਤਾਰਨ, 29 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਸਥਾਨਕ ਬਜ਼ਾਰਾਂ ‘ਚ ਰੋਸ ਮਾਰਚ ਕਰਕੇ ਹਲਕਾ ਤਰਨਤਾਰਨ ਦੇ ਐਮਐਲਏ ਡਾ. ਧਰਮਬੀਰ ਅਗਨੀਹੋਤਰੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜੁੜੇ ਹੋਏ ਖੇਤ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮੜੇ ਲੋਕ ਵਿਰੋਧੀ ਖੇਤੀ ਕਾਨੂੰਨ ਤੇ ਬਿਜਲੀ ਸੋਧ ਬਿੱਲ 2020 ਰੱਦ ਕੀਤੇ ਜਾਣ, ਕਿਰਤ ਕਾਨੂੰਨਾਂ ‘ਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਰੱਦ ਕੀਤੀਆਂ ਜਾਣ, ਮਜ਼ਦੂਰਾਂ ਤੇ ਗਰੀਬ ਕਿਸਾਨਾਂ ਸਿਰ ਚੜ੍ਹੇ ਗੈਰ ਸਰਕਾਰੀ ਕਰਜੇ ਸਮੇਤ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਮੁਆਫ਼ ਕੀਤੇ ਜਾਣ ਅਤੇ ਮਜ਼ਦੂਰਾਂ ਨੂੰ ਬਿਨ੍ਹਾਂ ਵਿਆਜ, ਬਿਨ੍ਹਾਂ ਗਰੰਟੀ ਲੰਮੀ ਮਿਆਦ ਦੇ ਕਰਜੇ ਦੇਣ ਦੀ ਵਿਵਸਥਾ ਕੀਤੀ ਜਾਵੇ। ਮਜ਼ਦੂਰਾਂ ਦੀ ਕਰਜਾ ਮੁਆਫੀ ਦੇ ਐਲਾਨ ਨੂੰ ਅਮਲੀ ਤੌਰ ‘ਤੇ ਲਾਗੂ ਕੀਤਾ ਜਾਵੇ। ਲੋੜਵੰਦ ਸਾਰੇ ਮਜ਼ਦੂਰਾਂ ਨੂੰ 10-10 ਮਰਲੇ ਦੇ ਰਹਾਇਸ਼ੀ ਪਲਾਟ ਦਿੱਤੇ ਜਾਣ ਅਤੇ ਮਕਾਨ ਉਸਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ।
ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਹੱਕੀ ਤੇ ਵਾਜਬ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਿਤੀ 9 ਤੋਂ 11 ਅਗਸਤ ਤੱਕ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ 3 ਰੋਜਾ ਰਾਤ-ਦਿਨ ਦਾ ਵਿਸ਼ਾਲ ਧਰਨਾ ਦਿੱਤਾ ਜਾਵੇਗਾ, ਜੋ ਮੰਗਾਂ ਮਨਵਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਹਰਜਿੰਦਰ ਸਿੰਘ ਚੂੰਘ, ਜਰਨੈਲ ਸਿੰਘ ਰਸੂਲਪੁਰ, ਦਲਬੀਰ ਸਿੰਘ ਬਾਗੜੀਆਂ, ਕਿਸਾਨ ਆਗੂ ਹਰਦੀਪ ਸਿੰਘ ਰਸੂਲਪੁਰ, ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸੁਖਦੇਵ ਸਿੰਘ ਕੋਟ ਧਰਮਚੰਦ, ਜਗਿੰਦਰ ਸਿੰਘ ਵਲਟੋਹਾ, ਬੂਟਾ ਸਿੰਘ ਢੋਟੀਆ, ਮੇਜਰ ਸਿੰਘ ਦਾਰਾਪੁਰ, ਕਸ਼ਮੀਰ ਸਿੰਘ ਭਲਾਈਪੁਰ ਆਦਿ ਆਗੂ ਹਾਜ਼ਰ ਸਨ।

Scroll To Top