Now Reading
ਬੱਜਟ ਦੇ ਵਿਰੋਧ ਿਵੱਚ ਕਿਸਾਨਾਂ-ਮਜ਼ਦੂਰਾਂ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬੱਜਟ ਦੇ ਵਿਰੋਧ ਿਵੱਚ ਕਿਸਾਨਾਂ-ਮਜ਼ਦੂਰਾਂ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਾਨਸਾ – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪਣੇ ਚੌਥੇ ਬਜਟ ਸੈਸ਼ਨ ਵਿੱਚ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਤੋਂ ਪਾਸਾ ਵੱਟਣ ਤੇ ਝੂਠੇ ਲਾਰੇ ਲਾਉਣ ਦੇ ਵਿਰੋਧ ਵਿੱਚ ਮਾਨਸਾ ਬਲਾਕ ਦੇ ਪਿੰਡ ਸਹਾਰਨਾ ਦੇ ਕਿਸਾਨਾਂ-ਮਜ਼ਦੂਰਾਂ ਵੱਲੋਂ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਦੋਸ਼ ਲਾਇਆ ਕਿ ਪਿਛਲੀਆਂ ਲੋਕ ਸਭਾ ਚੋਣਾਂ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਵਿੱਚ ਇੱਕ ਵੱਡੇ ਇਕੱਠ ਦੌਰਾਨ ਕਿਸਾਨਾਂ-ਮਜ਼ਦੂਰਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਕਿਸਾਨਾਂ ਨੂੰ ਫਸਲਾਂ ਦੇ ਰੇਟ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਆਧਾਰ ਮੰਨ ਕੇ ਮੁਨਾਫੇ ਵਾਲੇ ਦਿੱਤੇ ਜਾਣਗੇ, ਪਰ ਹੁਣ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੀ ਨੂੰ ਚਾਰ ਸਾਲ ਬੀਤ ਚੁੱਕੇ ਹਨ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਰਿਆਇਤਾਂ ਦੇਣ ਦੇ ਵਾਅਦੇ ਕਰਨ ਵਾਲੀ ਮੋਦੀ ਸਰਕਾਰ ਵੱਲੋਂ ਤਾਜ਼ਾ ਪੇਸ਼ ਕੀਤੇ ਬਜਟ ਵਿੱਚ ਮਨਰੇਗਾ ਦੇ ਫੰਡਾਂ ਨੂੰ ਨਾ ਵਧਾ ਕੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਅਕਾਲੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵਿੱਚ ਬਤੌਰ ਮੰਤਰੀ ਬੈਠੇ ਹਨ, ਪਰ ਉਨ੍ਹਾਂ ਵੱਲੋਂ ਕਿਸਾਨਾਂ ਮਜ਼ਦੂਰਾਂ ਦੇ ਮਸਲੇ ਹੱਲ ਕਰਵਾਉਣ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾਂ ਕੀਤੀਆਂ, ਕਰਜ਼ੇ ਖਤਮ ਨਾ ਕੀਤੇ ਤਾਂ ਅਕਾਲੀ ਬੀਜੇਪੀ ਆਗੂਆਂ ਨੂੰ ਇਸ ਵਾਅਦਾ ਖਿਲਾਫੀ ਦੇ ਨਤੀਜੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪਿੰਡਾਂ ਦੀਆਂ ਸੱਥਾਂ ਵਿੱਚ ਭੁਗਤਣੇ ਪੈਣਗੇ। ਇਸ ਮੌਕੇ ਛੱਜੂ ਰਾਮ ਰਿਸ਼ੀ, ਅਮਰੀਕ ਸਿੰਘ ਫਫੜੇ ਭਾਈਕੇ, ਬਲਾਕ ਪ੍ਰਧਾਨ ਮੇਜਰ ਸਿੰਘ ਦੂਲੋਵਾਲ, ਬੁੱਧੂ ਖਾਂ ਫਫੜੇ ਅਤੇ ਰਾਜਿੰਦਰ ਕੁਮਾਰ ਕਲੈਹਰੀ ਨੇ ਵੀ ਸੰਬੋਧਨ ਕੀਤਾ।

Scroll To Top