Now Reading
ਭਾਜਪਾ ਦੀ ਸ਼ਹਿ ’ਤੇ ਸੁਖਬੀਰ ਬਾਦਲ ਸਿਆਸੀ ਰੈਲੀਆਂ ਕਰ ਰਿਹੈ

ਭਾਜਪਾ ਦੀ ਸ਼ਹਿ ’ਤੇ ਸੁਖਬੀਰ ਬਾਦਲ ਸਿਆਸੀ ਰੈਲੀਆਂ ਕਰ ਰਿਹੈ

ਮਾਨਸਰ, 11 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਜਪਾ ਦੀ ਸ਼ਹਿ ’ਤੇ ਹੀ ਸੁਖਬੀਰ ਬਾਦਲ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਸੂਬੇ ਅੰਦਰ ਸਿਆਸੀ ਰੈਲੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਚਾਹੁੰਦਾ ਹੈ ਕਿ ਲੋਕ ਸੂਬੇ ਅੰਦਰ ਹੋ ਰਹੀਆਂ ਸਿਆਸੀ ਰੈਲੀਆਂ ਵਿੱਚ ਉਲਝ ਕੇ ਰਹਿ ਜਾਣ ਅਤੇ ਦਿੱਲੀ ਵਿੱਚ ਲੱਗੇ ਮੋਰਚੇ ਵਿੱਚ ਸ਼ਮੂਲੀਅਤ ਨਾ ਕਰ ਸਕਣ। ਸ੍ਰੀ ਰਾਜੇਵਾਲ ਅੱਜ ਮੁਕੇਰੀਆਂ ਦੇ ਕਸਬਾ ‘ਮਾਨਸਰ’ ਟੌਲ ਪਲਾਜ਼ਾ ’ਤੇ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨ ਆਏ ਸਨ। ਇਸ ਮਹਾਪੰਚਾਇਤ ਵਿੱਚ ਪੰਜਾਬ ਤੋਂ ਛੁੱਟ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਰਾਜੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਰੈਲੀਆਂ ਦਾ ਵਿਰੋਧ ਲੋਕ ਆਪਮੁਹਾਰੇ ਕਰ ਰਹੇ ਹਨ ਕਿਉਂਕਿ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਦੇ ਪੱਖ ਵਿੱਚ ਹਰ ਸਿਆਸੀ ਪਾਰਟੀ ਅਤੇ ਕਿਸਾਨਾਂ ਨਾਲ ਹਮਦਰਦੀ ਰੱਖਣ ਵਾਲੀ ਧਿਰ ਨੇ ਡੱਟਵਾਂ ਸਾਥ ਦਿੱਤਾ ਹੈ, ਪਰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਇਸ ਪੱਖ ਵਿੱਚ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਮਨਾਹੀ ਦੇ ਬਾਵਜੂਦ ਸਿਆਸੀ ਰੈਲੀਆਂ ਕਰਨ ਦੀ ਕਾਹਲ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਕਿਉਂ ਹੈ? ਉਨ੍ਹਾਂ ਸਪੱਸ਼ਟ ਕੀਤਾ ਕਿ ਹਰਸਿਮਰਤ ਕੌਰ ਬਾਦਲ ਨੇ ਵੀ ਅਸਤੀਫਾ ਉਸ ਵੇਲੇ ਦਿੱਤਾ ਜਦੋਂ ਕਿਸਾਨੀ ਸੰਘਰਸ਼ ਦੇਸ਼ ਅੰਦਰ ਸਿਖਰਾਂ ਛੂਹ ਰਿਹਾ ਸੀ। ਸ੍ਰੀ ਰਾਜੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਅਮਰੀਕਾ ਦੌਰੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸ੍ਰੀ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਵਿਦੇਸ਼ ਜਾ ਕੇ ਆਪਣੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਹੇਠੀ ਕਰਵਾਈ ਹੈ।

ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਸਾਨਾਂ ਨੂੰ 12 ਅਕਤੂਬਰ ਲਖੀਮਪੁਰ ਖੀਰੀ ਵੱਲ ਵੱਡੇ ਪੱਧਰ ’ਤੇ ਕੂਚ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਫ਼ਸਲਾਂ ਤੇ ਨਸਲਾਂ ਤਬਾਹ ਕਰਨ ਵੱਲ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸਿੱਖਾਂ ਵਿੱਚ ਤਰੇੜਾਂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਤੇ ਕਿਸਾਨੀ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਲਈ ਭਾਜਪਾ ਵਰਕਰਾਂ ਨੂੰ ਉਕਸਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਮੋਰਚੇ ਦੇ ਆਗੂ ਮਨਜੀਤ ਰਾਏ, ਜੰਗਵੀਰ ਸਿੰਘ ਚੌਹਾਨ, ਡਾ. ਸਵੈਮਾਣ ਸਿੰਘ, ਬੂਟਾ ਸਿੰਘ ਸ਼ਾਦੀਪੁਰ, ਪ੍ਰਿੰਸੀਪਲ ਡਾ. ਨਵਜੋਤ ਕੌਰ, ਮੱਖਣ ਸਿੰਘ ਕੋਹਾੜ ਨੇ ਵੀ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਆਪਣੀ ਇਕਜੁੱਟਤਾ ਬਣਾਈ ਰੱਖਣ ਤੇ ਹੇਠਲੇ ਪੱਧਰ ’ਤੇ ਗੰਨੇ ਤੇ ਝੋਨੇ ਦੇ ਮਸਲਿਆਂ ’ਤੇ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖ਼ਿਲਾਫ਼ ਸੰਘਰਸ਼ ਲਾਮਬੰਦ ਕਰਨ ਦਾ ਸੱਦਾ ਦਿੱਤਾ। ਕਿਸਾਨ ਮੋਰਚੇ ਦੇ ਆਗੂਆਂ ਨੇ ਸੱਦਾ ਦਿੱਤਾ ਕਿ 12 ਅਕਤੂਬਰ ਨੂੰ ਦੇਸ਼ ਭਰ ਅੰਦਰ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਸਮਰਥਨ ਵਿੱਚ ਮੋਮਬੱਤੀ ਮਾਰਚ ਕੀਤੇ ਜਾਣ, 15 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣ ਅਤੇ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲਖੀਮਪੁਰ ਖੀਰੀ ’ਚ ਕਿਸਾਨਾਂ ਨੂੰ ਗੱਡੀ ਹੇਠਾਂ ਦੇ ਕੇ ਸ਼ਹੀਦ ਕਰਨ ਵਾਲੇ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਵੇ, ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫਾਸਟ ਟਰੈਕ ਕੋਰਟ ਰਾਹੀਂ ਸਖ਼ਤ ਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ।

ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਦਾ ਵਫ਼ਦ ਸੰਯੁਕਤ ਮੋਰਚੇ ਦੇ ਆਗੂ ਨੂੰ ਮਿਲਿਆ

See Also

ਮਾਨਸਰ ਟੌਲ ਪਲਾਜ਼ਾ ’ਤੇ ਅੱਜ ਕਰਵਾਈ ਗਈ ਮਹਾਪੰਚਾਇਤ ਮੌਕੇ ਪੰਜਾਬ ਤੋਂ ਇਲਾਵਾ ਗੁਆਂਢੀ ਸੂਬੇ ਜੰਮੂ ਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਪਿੰਡਾਂ ਤੋਂ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਪਿੰਡਾਂ ਤੋਂ ਆਏ ਕਿਸਾਨਾਂ ਦਾ ਇੱਕ ਵਫ਼ਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੁਲਵੰਤ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ਮੈਂਬਰ ਰਾਣਾ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰੋਕ ਲਗਾ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ’ਚ ਖਰੀਦ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਫ਼ਸਲ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਸਰਹੱਦੀ ਖ਼ੇਤਰ ’ਚ 18 ਲੱਖ ਟਨ ਦੇ ਕਰੀਬ ਝੋਨੇ ਦੀ ਫ਼ਸਲ ਰੁਲ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੁਲਵੰਤ ਸਿੰਘ ਸੰਧੂ ਨੇ ਉਕਤ ਕਿਸਾਨਾਂ ਨੂੰ ਜਥੇਬੰਦ ਹੋਣ ਦਾ ਸੱਦਾ ਦਿੰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮਗਰੋਂ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਠਾਕੁਰਦੁਆਰਾ ਕਸਬੇ ’ਚ ਕਿਸਾਨਾਂ ਦੀ ਮੀਟਿੰਗ ਸੱਦ ਲਈ ਹੈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੁਲਵੰਤ ਸਿੰਘ ਸੰਧੂ ਤੇ ਨੌਜਵਾਨ ਆਗੂ ਧਰਮਿੰਦਰ ਸਿੰਘ ਸ਼ਿਰਕਤ ਕਰਨਗੇ।

Scroll To Top