ਰਈਆ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇਸ਼ ਅੰਦਰ ਜਾਤ ਰਹਿਤ ਸਮਾਜ ਦੀ ਸਿਰਜਣਾ ਕਰਨ ਅਤੇ ਔਰਤਾਂ ਖ਼ਿਲਾਫ਼ ਹੋ ਰਹੇ ਜ਼ੁਲਮਾਂ ਖ਼ਿਲਾਫ਼ ਲਹੂ ਵਿਟਵਾਂ ਸੰਘਰਸ਼ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪਾਰਟੀ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਅਮਰੀਕ ਸਿੰਘ ਦਾਊਦ, ਗੁਰਮੇਜ ਸਿੰਘ ਤਿੰਮੋਵਾਲ, ਬਲਦੇਵ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਕੀਤੀ। ਸਾਥੀ ਪਾਸਲਾ ਨੇ ਕਿਹਾ ਕਿ ਅਮਰੀਕਨ ਸਾਮਰਾਜ ਡੂੰਘੇ ਆਰਥਿਕ ਸੰਕਟ ਦਾ ਸ਼ਿਕਾਰ ਹੈ ਅਤੇ ਆਪਣਾ ਸੰਕਟ ਦੂਰ ਕਰਨ ਲਈ ਹਿੰਦੁਸਤਾਨ ਦੀ ਮੰਡੀ ’ਤੇ ਕਬਜ਼ਾ ਕਰ ਰਿਹਾ ਹੈ ਅਤੇ ਦੇਸ਼ ਦੇ ਕੁਦਰਤੀ ਖ਼ਜ਼ਾਨੇ ਲੁੱਟ ਰਿਹਾ ਹੈ ਅਤੇ ਦੇਸ਼ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਸਾਮਰਾਜ ਨਾਲ ਭਿਆਲੀ ਪਾ ਕੇ ਇਸ ਕਰਮ ਵਿੱਚ ਭਾਗੀਦਾਰ ਹੈ।
ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧ ਗਈਆਂ ਹਨ ਅਤੇ ਗ਼ਰੀਬ ਲੋਕ ਰੋਟੀ, ਕੱਪੜਾ, ਮਕਾਨ, ਸਿਹਤ ਸਹੂਲਤਾਂ, ਵਿੱਦਿਆ ਜ਼ਰੂਰੀ ਲੋੜਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਰੁਜ਼ਗਾਰ ਦੇਣ ਦੀ ਥਾਂ ਲੋਕਾਂ ਨੂੰ ਨੌਕਰੀ ਤੋਂ ਵਾਂਝੇ ਕੀਤਾ ਜਾ ਰਿਹਾ ਹੈ ਅਤੇ ਲੋਕ ਮਸਲੇ ਹੱਲ ਕਰਨ ਦੀ ਥਾਂ ਲੋਕਾਂ ਨੂੰ ਡੰਡੇ ਨਾਲ ਦਬਾਇਆ ਜਾ ਰਿਹਾ ਹੈ। ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ ਅਤੇ ਸੂਬਾਈ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਦੇ ਨਿੱਤ ਦਿਨ ਦੇ ਮਸਲਿਆਂ ਨੂੰ ਲੈ ਕੇ 12 ਨਵੰਬਰ ਨੂੰ ਜਲ੍ਹਿਆਂ ਵਾਲੇ ਬਾਗ਼ ਤੋਂ ਦੋ ਜਥੇ ਚਲਾਏ ਜਾਣਗੇ ਜੋ ਸਾਰੇ ਪੰਜਾਬ ਵਿੱਚ ਕਿਰਤੀ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ 10 ਦਸੰਬਰ ਨੂੰ ਜਲੰਧਰ ਵਿੱਚ ਰੈਲੀ ਕੀਤੀ ਜਾਵੇਗੀ।
ਇਸ ਮੌਕੇ ਹਰਪ੍ਰੀਤ ਸਿੰਘ ਬੁਟਾਰੀ, ਗੁਰਨਾਮ ਸਿੰਘ ਭਿੰਡਰ, ਨਿਰਮਲ ਸਿੰਘ ਛੱਜਲਵੱਡੀ, ਸ਼ਿੰਗਾਰਾ ਸਿੰਘ ਸੁਧਾਰ, ਪਲਵਿੰਦਰ ਸਿੰਘ ਟਾਗਰਾਂ, ਮਲਕੀਤ ਸਿੰਘ ਜੱਬੋਵਾਲ ਹਾਜ਼ਰ ਸਨ।