Now Reading
ਮਜ਼ਦੂਰ ਜਥੇਬੰਦੀਆਂ ਦੇ ਵਫਦਾਂ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਮਜ਼ਦੂਰ ਜਥੇਬੰਦੀਆਂ ਦੇ ਵਫਦਾਂ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਚੰਡੀਗੜ੍ਹ, 6 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ‘ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੇ ਸੱਦੇ ‘ਤੇ ਮੋਰਚੇ ਵਿੱਚ ਸ਼ਾਮਲ ਜੱਥੇਬੰਦੀਆਂ ਦੇ ਜਨਤਕ ਵਫ਼ਦਾਂ ਨੇ ਅੱਜ  ਤੀਸਰੇ ਦਿਨ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੈ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜ ਵੜਿੰਗ ਤੇ ਪ੍ਰਗਟ ਸਿੰਘ ਤੋਂ ਇਲਾਵਾ ਕਾਂਗਰਸੀ ਵਿਧਾਇਕਾਂ ਹਰਜੋਤ ਕਮਲ ਸਿੰਘ( ਮੋਗਾ), ਦਰਸ਼ਨ ਸਿੰਘ ਖੋਟੇ (ਬਾਘਾ ਪੁਰਾਣਾ), ਨਾਜਰ ਸਿੰਘ ਮਾਨਸ਼ਾਹੀਆ (ਮਾਨਸਾ), ਪਿਰਮਿਲ ਸਿੰਘ (ਭਦੌੜ) ਨੂੰ ਯਾਦ ਪੱਤਰ ਦਿੱਤੇ।ਯਾਦ ਪੱਤਰ ਦੇਣ ਵਾਲੇ ਵਫ਼ਦਾਂ ਨੇ ਮਜ਼ਦੂਰਾਂ ਦੀਆਂ ਭਖ਼ਦੀਆਂ ਮੰਗਾਂ ਦੇ ਹੱਲ ਲਈ ਹਫਤੇ ਦੇ ਅੰਦਰ-ਅੰਦਰ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨਾਲ ਮਜ਼ਦੂਰ ਜਥੇਬੰਦੀਆਂ ਦੀ ਪੈਨਲ ਮੀਟਿੰਗ ਕਰਾਉਣ ਦੀ ਮੰਗ ਕੀਤੀ।  ਜਿਕਰ ਯੋਗ ਹੈ ਕਿ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ 13 ਸਤੰਬਰ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਪਹੁੰਚੇ ਹਜ਼ਾਰਾਂ ਮਜ਼ਦੂਰਾਂ ਦੇ ਰੋਹ ਨੂੰ ਵੇਖਦਿਆਂ ਉੱਚ ਅਧਿਕਾਰੀਆਂ ਵੱਲੋਂ  ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 23 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਤਹਿ ਸ਼ੁਦਾ ਮੀਟਿੰਗ ਬਿਨਾ ਕਿਸੇ ਅਗਾਊਂ ਸੂਚਨਾ ਦੇ ਰੱਦ ਕਰ ਦਿੱਤੀ ਗਈ ਸੀ।ਵਫ਼ਦਾਂ ‘ਚ ਸ਼ਾਮਲ ਮਜ਼ਦੂਰ ਆਗੂਆਂ ਨੇ ਇਸ ਇੱਕ ਪਾਸੜ ਫੈਸਲੇ ਖਿਲਾਫ ਸਖ਼ਤ ਨਾਖੁਸ਼ੀ ਪ੍ਰਗਟਾਈ ਹੈ।ਅੱਜ ਦੇ ਸਾਂਝੇ ਵਫਦਾਂ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਮਜ਼ਦੂਰ  ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਗੌਰੀਆ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਬਬਲੀ ਅਟਵਾਲ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਵੱਲੋਂ ਕੀਤੀ ਗਈ।ਇਹ ਜਾਣਕਾਰੀ ਮੋਰਚੇ ਦੀ ਤਰਫੋਂ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਸਾਥੀ ਮਹੀਪਾਲ ਨੇ ਦਿੱਤੀ। ਉਹਨਾਂ ਦੱਸਿਆ ਕਿ 23 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮਜ਼ਦੂਰਾਂ ਦੀਆਂ ਕਰਜ਼ਾ ਮੁਆਫ਼ੀ, ਰੁਜ਼ਗਾਰ ਗਰੰਟੀ, ਮਨਰੇਗਾ ਦੀ ਦਿਹਾੜੀ 600 ਰੁਪਏ ਕਰਕੇ ਪੂਰੇ ਪਰਿਵਾਰ ਨੂੰ ਪੂਰਾ ਸਾਲ ਕੰਮ ਦੇਣ, ਬਿਨਾਂ ਨਾਗਾ 5000 ਰੁਪਏ ਮਹੀਨਾ ਬੁਢਾਪਾ-ਵਿਧਵਾ-ਅੰਗਹੀਨ- ਆਸ਼ਰਿਤ ਪੈਨਸ਼ਨਾਂ ਦੇਣ, ਸਰਵਜਨਕ ਜਨਤਕ ਵੰਡ ਪ੍ਰਣਾਲੀ ਸਥਾਪਤ ਕਰਨ, ਜ਼ਮੀਨੀ ਸੁਧਾਰ ਲਾਗੂ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਐਸ.ਸੀ. ਵਰਗ ਨੂੰ ਸਸਤੇ ਭਾਅ ਠੇਕੇ ‘ਤੇ ਦੇਣ, ਡੰਮੀ ਬੋਲੀਆਂ ਨੂੰ ਮੁਕੰਮਲ ਨੱਥ ਪਾਉਣ ਅਤੇ ਦਲਿਤਾਂ ‘ਤੇ ਜ਼ਬਰ ਬੰਦ ਕਰਨ ਆਦਿ ਮੰਗਾਂ ਦਾ ਯੋਗ ਨਿਪਟਾਰਾ ਕਰਨ ਦੀ ਸਹਿਮਤੀ ਬਣੀ ਸੀ।ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਕਤ ਹੱਕੀ ਮੰਗਾਂ ਦੀ ਅਣਦੇਖੀ ਕਰਨ ਅਤੇ ਮੀਟਿੰਗ ਰੱਦ ਕਰਨ ਤੋਂ ਬੇਜ਼ਮੀਨੇ-ਦਲਿਤ ਕਿਰਤੀ ਡਾਢੇ ਖ਼ਫ਼ਾ ਹਨ। ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਸਾਰੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Scroll To Top