

ਜਲੰਧਰ, 14 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਰਿਹਾਇਸ਼ੀ ਪਲਾਟਾਂ ਅਤੇ ਸੂਬਾ ਸਰਕਾਰ ਵਲੋਂ ਮੰਨੀਆਂ ਹੋਰ ਮੰਗਾਂ ਲਾਗੂ ਕਰਵਾਉਣ ਲਈ ਡੀਸੀ ਜਲੰਧਰ ਦੇ ਦਫਤਰ ਅੱਗੇ ਧਰਨਾ ਲਾਕੇ ਸ਼ਹਿਰ ਵਿੱਚ ਰੋਹ ਭਰਭੂਰ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਵੇਂ ਮਜ਼ਦੂਰਾਂ ਨੂੰ 5 -5 ਮਰਲੇ ਦੇ ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਚਿੱਠੀ ਜਾਰੀ ਕਰ ਦਿੱਤੀ ਹੈ ਪਰ ਕੋਈ ਵੀ ਅਧਿਕਾਰੀ ਇਸ ‘ਤੇ ਅਮਲ ਨਹੀਂ ਕਰ ਰਿਹਾ। ਆਗੂਆਂ ਨੇ ਕਿਹਾ ਕਿ ਭਾਵੇਂ ਸੂਬੇ ਦਾ ਮੁੱਖ ਮੰਤਰੀ ਦਲਿਤ ਭਾਈਚਾਰੇ ਚੋਂ ਬਣ ਗਿਆ ਹੈ ਪਰ ਦਲਿਤਾਂ ਦੀ ਆਵਾਜ਼ ਅੱਜ ਵੀ ਸੁਣੀ ਨਹੀਂ ਜਾ ਰਹੀ। ਮਜ਼ਦੂਰਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਤੋਂ ਲੈ ਕੇ ਡੀਸੀ ਦਫਤਰ ਤੱਕ ਮੁਜ਼ਾਹਰਾ ਕੀਤਾ। ਡਿਪਟੀ ਕਮਿਸ਼ਨਰ ਦੀ ਗੈਰਹਾਜ਼ਰੀ ਕਾਰਨ ਗੁੱਸੇ ਵਿੱਚ ਆਏ ਮਜ਼ਦੂਰਾਂ ਨੇ ਜੰਮਕੇ ਨਾਅਰੇਬਾਜ਼ੀ ਕੀਤੀ। ਡੀਸੀ ਦੀ ਤਰਫੋਂ ਐੱਸਡੀਐੱਮ ਹਰਪ੍ਰੀਤ ਸਿੰਘ ਅਟਵਾਲ ਨੇ ਮੰਗ ਪੱਤਰ ਲੈ ਕੇ 18 ਅਕਤੂਬਰ ਨੂੰ ਡੀਸੀ ਨਾਲ ਮੀਟਿੰਗ ਤੈਅ ਕਰਵਾਈ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਅੱਜ ਦੇ ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਬਲਦੇਵ ਸਿੰਘ ਨੂਰਪੁਰੀ, ਹਰਪਾਲ ਸਿੰਘ ਬਿੱਟੂ, ਨਿਰਮਲ ਸਿੰਘ ਮਲਸੀਆਂ, ਸੁਖਜਿੰਦਰ ਲਾਲੀ, ਪਰਮਜੀਤ ਸਿੰਘ ਰੰਧਾਵਾ ਅਤੇ ਸੁਰਿੰਦਰ ਟੋਨੀ ਨੇ ਵੀ ਸੰਬੋਧਨ ਕੀਤਾ।