ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅਮਲ ਦੌਰਾਨ ਕਥਿਤ ਤੌਰ ’ਤੇ ਕੀਤੀਆਂ ਬੇਨਿਯਮੀਆਂ ਖ਼ਿਲਾਫ਼ ਅੱਜ ਇੱਥੇ ਐੱਸਡੀਐੱਮ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਤੇ ਇਸ ਸਬੰਧੀ ਮੰਗ ਪੱਤਰ ਵੀ ਅਧਿਕਾਰੀਆਂ ਨੂੰ ਦਿੱਤਾ ਗਿਆ|
ਧਰਨਾਕਾਰੀਆਂ ਦੀ ਅਗਵਾਈ ਪਾਰਟੀ ਆਗੂ ਆਗੂ ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਪੰਡੋਰੀ, ਹਰਦੀਪ ਸਿੰਘ ਰਸੂਲਪੁਰ ਅਤੇ ਚਰਨਜੀਤ ਸਿੰਘ ਬਾਠ ਨੇ ਕੀਤੀ|
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏ ਆਦਿ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਗੂਆਂ ਨੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਦੇ ਪਰਚੇ ਦਾਖਲ ਕਰਨ ਤੋਂ ਰੋਕ ਕੇ ਲੋਕਾਂ ਦੇ ਜਮਹੂਰੀ ਹੱਕਾਂ ਤੇ ਡਾਕਾ ਮਾਰਿਆ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਇਕ ਸਾਜਿਸ਼ ਤਹਿਤ ਕਾਂਗਰਸੀ ਆਗੂਆਂ ਨੇ ਪਹਿਲਾਂ ਕਾਗਜ਼ ਦਾਖਲ ਕਰਨ ਸਮੇਂ ਕਥਿਤ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਫਿਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਮੀਦਵਾਰਾਂ ਦੇ ਜਾਅਲੀ ਦਸਤਖ਼ਤ ਕਰਕੇ ਕਈ ਉਮੀਦਵਾਰਾਂ ਵੱਲੋਂ ਆਪਣੀ ਕਾਗਜ਼ ਵਾਪਸ ਲੈਣ ਦਾ ਡਰਾਮਾ ਰਚਿਆ। ਆਗੂਆਂ ਅਜਿਹਾ ਕਰਨ ਖਿਲਾਫ਼ ਇਲਾਕੇ ਅੰਦਰ ਵਿਧਾਇਕ ਦੇ ਪੁਤਲੇ ਸਾੜਨ ਦਾ ਵੀ ਐਲਾਨ ਕੀਤਾ| ਧਰਨੇ ਵਿਚ ਪਾਰਟੀ ਦੀਆਂ ਮਹਿਲਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਸਰਕਾਰ ਖਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।