ਸੁਧਾਰ, 11 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਗ੍ਰਾਮ ਪੰਚਾਇਤ ਰੱਤੋਵਾਲ ਦੇ ਸਹਿਯੋਗ ਨਾਲ ਪਿੰਡ ‘ਚ ਇੱਕ ਪਬਲਿਕ ਮੀਟਿੰਗ ਕੀਤੀ। ਪਿੰਡ ਰੱਤੋਵਾਲ ਦੇ ਪ੍ਰਧਾਨ ਸਿਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਆਖਿਆ ਕਿ ਅਸੀ ਪਿੰਡ-ਪਿੰਡ ਜਾ ਕੇ ਔਰਤਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਨ ਲਈ ਪ੍ਰੇਰਿਤ ਕਰਾਂਗੀਆਂ। ਉਹਨਾ ਕਿਹਾ ਕਿ ਇਹ ਪਾਸ ਕੀਤੇ ਕਾਲੇ ਕਾਨੂੰਨਾਂ ਨੇ ਸਾਡੇ ਘਰਾਂ ਦੇ ਚੁੱਲੇ ਠੰਡੇ ਕਰ ਦੇਣੇ ਹਨ ਜੋ ਕਿ ਉਹ ਨਹੀਂ ਹੋਣ ਦੇਣਗੀਆਂ। ਉਹਨਾ ਇਹ ਵੀ ਕਿਹਾ ਕਿ ਕਣਕ ਦੀ ਵਾਢੀ ਦੌਰਾਨ ਔਰਤਾਂ ਚੱਲ ਰਹੇ ਮੋਰਚਿਆਂ ‘ਤੇ ਵੱਡੀ ਗਿਣਤੀ ਵਿੱਚ ਹਾਜਰ ਹੋਇਆ ਕਰਨਗੀਆਂ ਤਾਂ ਕਿ ਸਾਡੇ ਵੀਰ ਕਣਕ ਦੀ ਵਾਢੀ ਕਰ ਸਕਣ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਪ੍ਰੋਫੈਸਰ ਪਰਮਜੀਤ ਕੌਰ, ਜ਼ਿਲ੍ਹਾ ਖਜ਼ਾਨਚੀ ਡਾ. ਕਲਮ ਰਤਨ, ਡਾ. ਗਗਨਦੀਪ ਕੌਰ, ਕੁਲਜੀਤ ਕੌਰ ਗਰੇਵਾਲ ਨੇ ਸਰਕਾਰ ਦੀ ਨੁਕਤਾਚੀਨੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਦਲਵੀਰ ਕੌਰ, ਜਸਵੀਰ ਕੌਰ, ਕਰਮਜੀਤ ਕੌਰ, ਮਨਜੀਤ ਕੌਰ, ਜਸਵੀਰ ਕੌਰ, ਸ਼ਿੰਦਰ ਕੌਰ, ਬਲਵੀਰ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ, ਡਾ. ਮਨਜਿੰਦਰ ਸਿੰਘ, ਜਸਪਾਲ ਸਿੰਘ ਚਾਹਲ, ਕੁਲਦੀਪ ਸਿੰਘ, ਜਗਦੀਪ ਸਿੰਘ ਕੈਪਟਨ ਦਲੀਪ ਸਿੰਘ, ਕਰਮਜੀਤ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
