Now Reading
ਹੱਕੀ ਮੰਗਾਂ ਦਾ ਨਿਪਟਾਰਾ ਕਰਨ ਲਈ ਮੁਖ ਮੰਤਰੀ ਨਾਲ ਮੀਟਿੰਗ ਦੀ ਕੀਤੀ ਮੰਗ

ਹੱਕੀ ਮੰਗਾਂ ਦਾ ਨਿਪਟਾਰਾ ਕਰਨ ਲਈ ਮੁਖ ਮੰਤਰੀ ਨਾਲ ਮੀਟਿੰਗ ਦੀ ਕੀਤੀ ਮੰਗ

ਬਠਿੰਡਾ, 5 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਲ ਸੰਗਠਨਾਂ ਦੇ ਆਗੂਆਂ ਦੇ ਇੱਕ ਜਨਤਕ ਵਫ਼ਦ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪ੍ਰਤੀਨਿਧ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਯਾਦ ਪੱਤਰ ਸੌਂਪਿਆ।
ਵਫ਼ਦ ਦੀ ਅਗਵਾਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਸਾਥੀ ਮਹੀਪਾਲ ਤੇ ਸੂਬਾ ਵਰਕਿੰਗ ਕਮੇਟੀ ਦੇ ਮੈਂਬਰ ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਕੁਲਵੰਤ ਸਿੰਘ ਸੇਲਬਰਾਹ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਪਰਮਜੀਤ ਸਿੰਘ ਸ਼ੇਖਪੁਰਾ ਅਤੇ ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੁਖਪਾਲ ਸਿੰਘ ਖਿਆਲੀਵਾਲੀ ਨੇ ਕੀਤੀ।
ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਮੋਰਚਾ ਆਗੂਆਂ ਦੀ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ 23 ਸਤੰਬਰ ਨੂੰ ਹੋਣ ਵਾਲੀ ਮੀਟਿੰਗ, ਜੋ ਬਿਨਾਂ ਕਾਰਣ ਹੀ ਰੱਦ ਕਰ ਦਿੱਤੀ ਗਈ ਸੀ, ਹਫਤੇ ਦੇ ਵਿੱਚ-ਵਿੱਚ ਬੁਲਾ ਕੇ ਬੇਜ਼ਮੀਨੇ-ਦਲਿਤ ਪੇਂਡੂ ਕਿਰਤੀਆਂ ਦੀਆਂ ਹੱਕੀ ਮੰਗਾਂ ਦਾ ਸਨਮਾਨਯੋਗ ਨਿਪਟਾਰਾ ਕੀਤਾ ਜਾਵੇ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਯਾਦ ਪੱਤਰ ਦੇ ਨਾਲ ਨੱਥੀ ਮੰਗ ਪੱਤਰ ਵਿੱਚ ਦਰਜ ਮੰਗਾਂ ਪ੍ਰਤੀ ਸੂਬਾ ਸਰਕਾਰ ਨੇ ਹਾਂ ਪੱਖੀ ਹੁੰਗਾਰਾ ਨਾ ਭਰਿਆ ਤਾਂ ਸਾਂਝੇ ਮਜ਼ਦੂਰ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੀਆਂ।
ਯਾਦ ਪੱਤਰ ਸੌਂਪੇ ਜਾਣ ਤੋਂ ਪਹਿਲਾਂ ਵਫ਼ਦ ਵਿੱਚ ਸ਼ਾਮਲ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਟਾਲ ਮਟੋਲ ਵਾਲੇ ਰਵੱਈਏ ਖਿਲਾਫ਼ ਆਕਾਸ਼ ਗੂੰਜਾਊ ਨਾਹਰਿਆਂ ਰਾਹੀਂ ਜਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ।

Scroll To Top