ਜਲੰਧਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਸੂਬਾ ਕਮੇਟੀ ਦੀ ਮੀਟਿੰਗ ਸਾਥੀ ਮਨਦੀਪ ਰਤੀਆ ਦੀ ਪ੍ਰਧਾਨਗੀ ਹੇਠ ਸੂਬਾ ਦਫ਼ਤਰ ਜਲੰਧਰ ਵਿਖੇ ਹੋਈ। ਮੀਟਿੰਗ ਵਿਚ ਪਿਛਲੇ ਕੰਮਾਂ ਦਾ ਰਵਿਊ ਕਰਕੇ ਅਗਲੇ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਸਭਾ ਦੇ ਜਨਰਲ ਸਕੱਤਰ ਸਾਥੀ ਸ਼ਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ 30 ਅਕਤੂਬਰ ਤੋਂ 1 ਨਵੰਬਰ ਤੱਕ ਚੱਲਣ ਵਾਲੇ ਗਦਰੀ ਬਾਬਿਆਂ ਦੇ ਮੇਲੇ ਵਿਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਾਥੀ ਪੂਰੇ ਪੰਜਾਬ ਤੇ ਹਰਿਆਣਾ ‘ਚੋਂ ਵੱਡੀ ਗਿਣਤੀ ਵਿਚ ਵਲੰਟੀਅਰ ਦੇ ਰੂਪ ਵਿਚ ਸ਼ਾਮਲ ਹੋਣਗੇ। ਅਤੇ ਜਥੇਬੰਦਕ ਉਸਾਰੀ ਲਈ ਜਿੱਥੇ ਨਵੰਬਰ ਮਹੀਨੇ ਦੇ ਅੰਦਰ ਤਹਿਸੀਲਾਂ ਦੀਆਂ ਜਥੇਬੰਦਕ ਕਾਨਫਰੰਸਾਂ ਕੀਤੀਆਂ ਜਾਣਗੀਆਂ ਉਥੇ ਘਰ ਘਰ ਜਾ ਕੇ ਮੈਂਬਰਸ਼ਿਪ ਕਰਨ ਦਾ ਫੈਸਲਾ ਕੀਤਾ ਅਤੇ ਦਸੰਬਰ ਦੇ ਅਖੀਰ ਵਿਚ ਹਰਿਆਣਾ ਸੂਬਾ ਦਾ ਤਿੰਨ ਦਿਨਾਂ ਸਕੂਲ ਲਗਾਇਆ ਜਾਵੇਗਾ ਅਤੇ ਜਲ੍ਹਿਆਂਵਾਲਾ ਬਾਗ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਕੈਲੰਡਰ ਬਣਾਉਣ ਦਾ ਫੈਸਲਾ ਕੀਤਾ ਗਿਆ। ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਨੌਜਵਾਨ ਤੇ ਵਿਦਿਆਰਥੀ ਵਿਰੋਧੀ ਨੀਤੀਆਂ ਕਾਰਨ ਬੇਰੁਜ਼ਗਾਰੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਫਿਰਕਾਪ੍ਰਸਤੀ ਦੇ ਏਜੰਡੇ ਨੂੰ ਲਾਗੂ ਕਰਨ ਲਈ ਵਿਦਿਅਕ ਅਦਾਰਿਆਂ ਅੰਦਰ ਗੁੰਡਾਗਰਦੀ ਕੀਤੀ ਜਾ ਰਹੀ ਹੈ ਅਤੇ ਘੱਟ ਗਿਣਤੀਆਂ ‘ਤੇ ਅੱਤਿਆਚਾਰ ਕਰਨ ਦੀਆਂ ਘਟਨਾਵਾਂ ਰੋਜ਼ ਵਾਪਰਦੀਆਂ ਹਨ। ਮੀਟਿੰਗ ਵਿਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਚੋਣ ਵਾਅਦੇ ਲਾਗੂ ਨਾ ਕਰਨ ਤੇ ਆਉਣ ਸਮੇਂ ਵਿਚ ਜਥੇਬੰਦੀ ਵਲੋਂ ਪੰਜਾਬ ਅੰਦਰ ਵੱਡਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਕਰ ਰਹੇ ਅਧਿਆਪਕਾਂ ਨੂੰ ਦਬਾਉਣ ਲਈ ਪੰਜਾਬ ਸਰਕਾਰ ਵਲੋਂ ਅਪਣਾਈ ਗਈ ਜਾਬਰਾਨਾ ਪਹੁੰਚ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਅਧਿਆਪਕ ਸੰਘਰਸ਼ ਦੇ ਮੁਕੰਮਲ ਸਮਰਥਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਅਜੈ ਫਿਲੌਰ, ਰਵੀ ਕਟਾਰੂਚੱਕ, ਕੁਲਵੰਤ ਸਿੰਘ ਮੱਲੂਨੰਗਲ, ਸੁਲੱਖਣ ਸਿੰਘ ਤੁੜ, ਮਨਜਿੰਦਰ ਢੇਸੀ, ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਦੁਧਰਾਏ, ਜਤਿੰਦਰ ਫਰੀਦਕੋਟ, ਮੰਖਣ ਸੰਗਰਾਮੀ, ਦਲਵਿੰਦਰ ਕੁਲਾਰ, ਗੁਰਦੀਪ ਬੇਗਮਪੁਰ, ਪਰਮਜੀਤ ਲਾਲੀ ਆਦਿ ਹਾਜ਼ਰ ਸਨ।