ਜਲੰਧਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਸ਼ਮਸ਼ੇਰ ਸਿੰਘ ਬਟਾਲਾ, ਪ੍ਰੈਸ ਸਕੱਤਰ ਅਜੈ ਫਿਲੌਰ, ਵਿੱਤ ਸਕੱਤਰ ਮਨਜਿੰਦਰ ਢੇਸੀ ਨੇ ਇਕ ਸਾਂਝੇ ਪ੍ਰੈਸ ਬਿਆਨ ਵਿਚ ਕਿਹਾ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਨ ਤੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਇਕ ਸੂਬਾਈ ਕਨਵੈਨਸ਼ਨ ਕੀਤੀ ਜਾ ਰਹੀ ਹੈ ਅਤੇ ਇਸ ਸੂਬਾਈ ਕਨਵੈਨਸ਼ਨ ਵਿਚ ਪੂਰੇ ਪੰਜਾਬ ਤੇ ਹਰਿਆਣਾ ਵਿਚੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਵਿਦਿਆਰਥੀ ਸ਼ਾਮਲ ਹੋਣਗੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਜਾਵੇਗਾ।
ਆਗੂ ਸਾਥੀਆ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਨਾਲ ਛੇੜਛਾੜ ਕੀਤੀ ਜਾ ਰਹੀ ਹੈ ਕਿਉਂਕਿ ਇਹ ਮੂਲ ਸਰੂਪ ਅੰਗਰੇਜ਼ੀ ਸਾਮਰਾਜ ਦੇ ਜਾਬ ਘਿਣਾਉਣੇ ਰੂਪ ਨੂੰ ਨੰਗਾ ਕਰਦੇ ਹੋਏ, ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਦਾ ਸੰਚਾਰ ਕਰਦਾ ਹੈ। ਜਲ੍ਹਿਆਵਾਲਾ ਬਾਗ ਦੇ ਮੂਲ ਸਰੂਪ ਨਾਲ ਛੇੜਛਾੜ ਕਰਨ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਤੋਂ ਨਾ ਹਟੀ ਤਾਂ ਜਥੇਬੰਦੀ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਸਾਥੀਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਵਿਦਿਆ ਦਾ ਨਿੱਜੀਕਰਨ ਹੋ ਰਿਹਾ ਅਤੇ ਉਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਜਾ ਰਹੀ ਹੈ। ਅਤੇ ਬੇਰੁਜ਼ਗਾਰੀ ਵਿਚ ਲਗਾਤਾਰ ਵੱਧਦੀ ਜਾ ਰਹੀ ਹੈ। ਸੇਹਤ ਸੇਵਾਵਾਂ ਖਤਮ ਕੀਤੀਆਂ ਜਾ ਰਹੀਆਂ ਹਨ। ਗੁੰਡਾਗਰਦੀ ਅਤੇ ਨਸ਼ਿਆਂ ਵਿਚ ਲਗਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ 31 ਜੁਲਾਈ ਨੂੰ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿਚ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।