ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਪੰਜਾਬ ਅੰਦਰ ਵੱਖ-ਵੱਖ ਥਾਵਾਂ ‘ਤੇ ਨਸ਼ਿਆਂ ਕਾਰਨ ਹੋਈਆਂ ਮੌਤਾਂ ਸਬੰਧੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏ ਅਤੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਪੰਡੋਰੀ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਨਸ਼ਿਆਂ ਨਾਲ ਤਬਾਹ ਹੋ ਰਹੀ ਜਵਾਨੀ ਨੂੰ ਜਾਗਰੂਕ ਕਰਨ, ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਵਿਰੁੱਧ ਅਤੇ ਨਸ਼ੇ ਦਾ ਵਪਾਰ ‘ਤੇ ਰੋਕ ਲਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇੱਥੇ ਇਹ ਵਰਨਣਯੋਗ ਵੀ ਹੈ ਕਿ ਅੱਜ ਨਸ਼ੀਲੇ ਪਦਾਰਥਾਂ ਅਤੇ ਤਸਕਰੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਦਿਨ ਵੀ ਹੈ।
ਉਕਤ ਆਗੂਆਂ ਨੇ ਕਿਹਾ ਕੇ ਕਾਂਗਰਸ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾ ਗੁਟਕੇ ‘ਤੇ ਹੱਥ ਰੱਖ ਕੇ ਚਾਰ ਹਫ਼ਤਿਆਂ ‘ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਨਸ਼ੇ ਦਾ ਵਪਾਰ ਸ਼ਰੇਆਮ ਹੋ ਰਿਹਾ ਹੈ।।ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਦੇ ਟੀਕੇ ਲਾਉਣ ਨਾਲ ਹੋ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ ਭਾਜਪਾ ਦੇ ਰਾਹ ‘ਤੇ ਹੀ ਚੱਲ ਰਹੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਨਸ਼ਿਆਂ ਨਾਲ ਤਬਾਹ ਕਰ ਰਹੀ ਹੈ। ਸਿਆਸੀ ਆਗੂਆਂ ਦੀ ਸ਼ਹਿ ਉੱਪਰ ਪੁਲੀਸ ਅਤੇ ਸਮਗਲਰਾਂ ਦਾ ਗੱਠਜੋੜ ਬਣਿਆ ਹੋਇਆ ਹੈ।।ਉਨ੍ਹਾਂ ਨੌਜਵਾਨਾਂ ਨੂੰ ਨਿਰਾਸ਼ਾ ਛੱਡ ਕੇ ਨਸ਼ਿਆਂ ਵਿਰੁੱਧ ਅਤੇ ਰੁਜ਼ਗਾਰ ਪ੍ਰਾਪਤੀ ਸੰਘਰਸ਼ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।