ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਅਤੇ ਐਮਸੀਪੀਆਈ (ਯੂ) ’ਤੇ ਅਧਾਰਤ ਖੱਬੀਆਂ ਪਾਰਟੀਆਂ ਦੀ ਤਾਲਮੇਲ ਕਮੇਟੀ ਨੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਅਤੇ ਸਰਕਾਰਾਂ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਖ਼ਿਲਾਫ਼ ਰੋਹ ਪ੍ਰਗਟਾਉਣ ਲਈ ਦੇਸ਼ ਦੇ ਲੋਕਾਂ ਨੂੰ 10 ਸਤੰਬਰ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਸੱਦਾ ਦਿੱਤਾ ਹੈ। ਬਿਆਨ ’ਚ ਤਾਲਮੇਲ ਕਮੇਟੀ ਦੇ ਕਨਵੀਨਰਾਂ ਮੰਗਤ ਰਾਮ ਪਾਸਲਾ ਅਤੇ ਮੁਹੰਮਦ ਗੌਸ ਨੇ ਮੋਦੀ ਸਰਕਾਰ ਦੀ ਇਸ ਪੱਖੋਂ ਸਖਤ ਨਿਖੇਧੀ ਕੀਤੀ ਹੈ ਕਿ ਉਹ ਇਨ੍ਹਾਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਕਾਬੂ ਕਰਨ ’ਚ ਅਸਲੋਂ ਨਾਕਾਮ ਸਿੱਧ ਹੋਈ ਹੈ, ਜਿਸ ਦਾ ਮਾਰੂ ਅਸਰ ਦੇਸ਼ ਅੰਦਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਚ ਤਿੱਖੇ ਵਾਧੇ ਦੇ ਰੂਪ ਵਿਚ ਹੋ ਰਿਹਾ ਹੈ।
ਦੋਹਾਂ ਆਗੂਆਂ ਨੇ ਮੰਗ ਕੀਤੀ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਸਰਕਾਰ ਆਪਣੇ ਹੱਥ ਵਿਚ ਲਵੇ ਅਤੇ ਇਸ ਦੇ ਨਾਲ ਹੀ ਇਨ੍ਹਾਂ ਉਪਰ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਲਾਏ ਗਏ ਭਾਰੀ ਟੈਕਸ ਵਾਪਸ ਲਏ ਜਾਣ ਕਿਉਂਕਿ ਇਨ੍ਹਾਂ ਦੀ ਵਰਤੋਂ ਖੇਤੀ, ਟਰਾਂਸਪੋਰਟ ਅਤੇ ਸਨਅਤ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦੀ ਹੈ। ਸਾਥੀ ਮੰਗਤ ਰਾਮ ਪਾਸਲਾ ਅਤੇ ਸਾਥੀ ਗੌਸ ਨੇ ਦੇਸ਼ ਵਾਸੀਆਂ, ਵਿਸ਼ੇਸ਼ ਕਰਕੇ ਮਿਹਨਤੀ ਵਰਗਾਂ ਨੂੰ ਇਸ ਬੰਦ ਦੇ ਸੱਦੇ ਦੀ ਕਾਮਯਾਬੀ ਲਈ ਸਰਵਪੱਖੀ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।