ਸ੍ਰੀ ਮੁਕਤਸਰ ਸਾਹਿਬ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੱਦੇ ‘ਤੇ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਰੈਲੀ ਕੱਢੀ ਅਤੇ ਪੁਤਲਾ ਫ਼ੂਕਿਆ ਗਿਆ | ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ, ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਜੱਸੇਆਣਾ, ਵਿੱਤ ਸਕੱਤਰ ਜਸਵਿੰਦਰ ਸਿੰਘ ਸੰਗੂਧੌਣ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਕਾਰਨ ਜ਼ਖ਼ੀਰੇਬਾਜ਼ੀ ਅਤੇ ਕਾਲਾਬਾਜ਼ਾਰੀ ਨੂੰ ਖੁੱਲ੍ਹ ਦੇਣਾ ਹੈ, ਜਿਸ ਨੂੰ ਸਰਕਾਰ ਕੰਟਰੋਲ ਕਰਨ ਵਿਚ ਅਸਫ਼ਲ ਰਹੀ ਹੈ | ਉਨ੍ਹਾਂ ਕਿਹਾ ਕਿ ਵੱਧ ਰਹੀ ਮਹਿੰਗਾਈ ਦਾ ਇਕ ਕਾਰਨ ਤੇਲ ਕੰਪਨੀਆਂ ਦੇ ਮੁਨਾਫ਼ੇ ਵਧਾਉਣ ਦੀ ਸਰਕਾਰੀ ਨੀਤੀ ਅਤੇ ਤਰ੍ਹਾਂ-ਤਰ੍ਹਾਂ ਦੇ ਟੈਕਸਾਂ/ਸੈੱਸਾਂ ਰਾਹੀਂ ਵੀ ਮਹਿੰਗਾਈ ਵਿਚ ਵਾਧਾ ਹੋਇਆ ਹੈ | ਉਨ੍ਹਾਂ ਦੱਸਿਆ ਕਿ 9 ਤੋਂ 11 ਸਤੰਬਰ ਤੱਕ ਕੀਤੇ ਜਾ ਰਹੇ ਉਕਤ ਐਕਸ਼ਨਾਂ ਨੂੰ ਕਾਮਯਾਬ ਬਣਾਉਣ ਅਤੇ ਪਲਾਟਾਂ ਦੀ ਮੰਗ ਨੂੰ ਲੈ ਕੇ ਪਿੰਡਾਂ ਵਿਚ ਚੱਲ ਰਹੇ ਸੰਘਰਸ਼ਾਂ ਦੀ ਪੂਰਨ ਹਮਾਇਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬੇਘਰੇ ਅਤੇ ਲੋੜਵੰਦ ਗ਼ਰੀਬਾਂ ਨੂੰ 5-5 ਮਰਲੇ ਦੇ ਰਹਾਇਸ਼ੀ ਪਲਾਟ ਅਲਾਟਮੈਂਟ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪਲਾਟਾਂ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ਾਂ ਨੂੰ ਰੋਕਣ ਲਈ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ ‘ਤੇ ਕੱਟੇ ਹੋਏ ਨਾਜਾਇਜ਼ ਪਰਚੇ ਰੱਦ ਕੀਤੇ ਜਾਣ | ਇਸ ਮੌਕੇ ਗੁਰਮੀਤ ਸਿੰਘ ਕਾਕੂ, ਤਾਰਾ ਸਿੰਘ, ਚੜ੍ਹਤ ਸਿੰਘ ਬਧਾਈ ਨੇ ਵੀ ਸੰਬੋਧਨ ਕੀਤਾ |