Now Reading
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸਿੰਘੂ ਮੋਰਚੇ ’ਤੇ ਵਾਪਰੇ ਘਟਨਾਕ੍ਰਮ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਉਣ ਦੀ ਕੀਤੀ ਮੰਗ

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸਿੰਘੂ ਮੋਰਚੇ ’ਤੇ ਵਾਪਰੇ ਘਟਨਾਕ੍ਰਮ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 20 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਖਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਕੇਂਦਰੀ ਏਜੰਸੀਆਂ ਅਤੇ ਉਨਾਂ ਦੇ ਹੱਥ ਠੋਕਿਆਂ ਦੀ ਗਿਣੀ ਮਿੱਥੀ ਸਾਜਿਸ਼ ਦੀਆਂ ਪਰਤਾਂ ਇੱਕ-ਇੱਕ ਕਰਕੇ ਖੁੱਲਣ ਲੱਗ ਪਈਆਂ ਹਨ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਸਿੰਘੂ ਮੋਰਚੇ ’ਤੇ ਮੀਟਿੰਗ ਕਰਕੇ 15 ਅਕਤੂਬਰ ਨੂੰ ਸਿੰਘੂ ਮੋਰਚੇ ’ਤੇ ਵਾਪਰੇ ਦੁਖਦ ਘਟਨਾਕ੍ਰਮ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕਰਨ ਦੇ ਨਾਲ-ਨਾਲ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫਿਆਂ ਦੀ ਮੰਗ ਵੀ ਕੀਤੀ ਹੈ। ਵਰਣਨਯੋਗ ਹੈ ਕਿ 15 ਅਕਤੂਬਰ ਨੂੰ ਵਾਪਰੇ ਘਟਨਾਕ੍ਰਮ ਦੀ ਜ਼ਿੰਮੇਵਾਰੀ ਲੈਣ ਵਾਲੇ ਅਖੌਤੀ ਨਿਹੰਗ ਅਮਨ ਸਿੰਘ ਦੀਆਂ ਆਪਣੇ ਸਾਥੀਆਂ ਸਮੇਤ ਭਾਜਪਾ ਮੰਤਰੀਆਂ ਨਾਲ ਤਸਵੀਰਾਂ ਬੀਤੇ ਕੱਲ ਅਖਬਾਰ ਵਿੱਚ ਨਸ਼ਰ ਹੋਈਆਂ ਹਨ।
32 ਜੱਥੇਬੰਦੀਆਂ ਦੀ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਸਾਰੇ ਘਟਨਾਕ੍ਰਮ ਨਾਲ ਜੁੜੇ ਵੱਖ-ਵੱਖ ਪਹਿਲੂਆਂ ਸਬੰਧੀ ਠੋਸ ਤੱਥ ਸਾਹਮਣੇ ਲਿਆਉਣ ਲਈ ਇੱਕ ਪੰਜ ਮੈਂਬਰੀ ਤੱਥ ਖੋਜ ਕਮੇਟੀ ਵੀ ਬਣਾਈ ਗਈ ਹੈ ਜੋ ਅਗਲੇ ਤਿੰਨ ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਜੱਥੇਬੰਦੀਆਂ ਨੂੰ ਦੇਵੇਗੀ। ਇਸ ਕਮੇਟੀ ਵਿੱਚ ਕੰਵਲਪ੍ਰੀਤ ਸਿੰਘ ਪੰਨੂੰ, ਬਲਦੇਵ ਸਿੰਘ ਸਿਰਸਾ, ਕਾਕਾ ਸਿੰਘ ਕੋਟੜਾ, ਪ੍ਰਗਟ ਸਿੰਘ ਜਾਮਾਰਾਏ ਅਤੇ ਜਤਿੰਦਰ ਸਿੰਘ ਛੀਨਾ ਨੂੰ ਸ਼ਾਮਲ ਕੀਤਾ ਗਿਆ ਹੈ। ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਸਰਕਾਰ ਦੀਆਂ ਮੋਰਚੇ ਖਿਲਾਫ਼ ਚੱਲ ਰਹੀਆਂ ਸਾਜਿਸ਼ਾਂ ਨੂੰ ਫੇਲ ਕਰਨ ਲਈ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੋਰਚਿਆਂ ਨੂੰ ਮਜ਼ਬੂਤ ਕੀਤਾ ਜਾਵੇ।
ਮੀਟਿੰਗ ਨੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਹੁਸੈਨੀਵਾਲਾ ਵਿਖੇ 24 ਅਕਤੂਬਰ ਨੂੰ ਜਲਪ੍ਰਵਾਹ ਕਰਨ ਲਈ ਮਾਝੇ, ਮਾਲਵੇ ਅਤੇ ਦੁਆਬੇ ਵਿੱਚ ‘ਕਲਸ਼ ਯਾਤਰਾ’ ਕੱਢਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪ੍ਰਬੰਧ ਕਰਨ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਮੀਟਿੰਗ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲਖੁਆਰੀ ਬੰਦ ਕੀਤੀ ਜਾਵੇ। ਝੋਨਾ 19% ਨਮੀ ਵਾਲਾ ਵੀ ਖਰੀਦ ਕੀਤਾ ਜਾਵੇ ਅਤੇ ਸ਼ੈਲਰਾਂ ਦੇ ਟਰਾਇਲ ਚਲਾਏ ਜਾਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਪ੍ਰਾਈਵੇਟ ਗੰਨਾ ਮਿੱਲਾਂ ਨੂੰ ਤੁਰੰਤ ਗੰਨਾ ਬਾਊਂਡ ਕਰਨ ਦੀ ਹਦਾਇਤ ਕਰੇ। ਡੀ.ਏ.ਪੀ. ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਉਣ ਅਤੇ ਸੁਸਾਇਟੀਆਂ ਤੇ ਪ੍ਰਾਈਵੇਟ ਦੁਕਾਨਾਂ ਉੱਪਰ ਖਾਦ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਮੀਟਿੰਗ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ, ਨਿਰਭੈ ਸਿੰਘ ਢੁੱਡੀਕੇ, ਕੁਲਵੰਤ ਸਿੰਘ ਸੰਧੂ, ਸਤਿਨਾਮ ਸਿੰਘ ਬਹਿਰੂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਰਾਏ, ਡਾ. ਦਰਸ਼ਨਪਾਲ, ਬਲਵੰਤ ਸਿੰਘ ਬਹਿਰਾਮਕੇ, ਜੰਗਵੀਰ ਸਿੰਘ ਚੌਹਾਨ, ਹਰਜਿੰਦਰ ਸਿੰਘ ਟਾਂਡਾ, ਕਾਕਾ ਸਿੰਘ ਕੋਟੜਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਬਲਵੰਤ ਸਿੰਘ ਲਤਾਲਾ, ਬਲਦੇਵ ਸਿੰਘ ਨਿਹਾਲਗੜ, ਸੁਰਜੀਤ ਫੂਲ, ਬਖਤਾਵਰ ਸਿੰਘ, ਬਲਵਿੰਦਰ ਸਿੰਘ ਰਾਜੂ, ਕਿਰਨਜੀਤ ਸੇਖੋਂ ਅਤੇ ਮੁਕੇਸ਼ ਚੰਦਰ ਸਮੇਤ ਕੁੱਝ ਹੋਰ ਆਗੂ ਵੀ ਸ਼ਾਮਲ ਸਨ।

Scroll To Top