
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਸਭਾ ਦੇ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਿਛਲੇ ਦਿਨੀ ਆਏ ਹੜ੍ਹਾਂ ਅਤੇ ਹੋਰ ਮੁੱਦਿਆਂ ਉੱਪਰ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਿਛਲੇ ਸਮੇਂ ਚ ਵਿਛੜੇ 59 ਹੜ੍ਹ ਪੀੜਤਾਂ, ਪ੍ਰਕਾਸ਼ ਸਿੰਘ ਕਾਲਵਾ ਅਤੇ ਮਲਕੀਤ ਸਿੰਘ ਰਾਗੜਾ ਦੇ ਬੇਵਕਤੀ ਵਿਛੋੜੇ ਉੱਪਰ ਸ਼ੋਕ ਮਤਾ ਪੇਸ਼ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਪਿਛਲੇ ਦਿਨੀ ਸੂਬੇ ਵਿੱਚ ਆਏ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਵਿੱਚ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਦੀ ਕੋਈ ਵੀ ਮਦਦ ਨਹੀਂ ਨਹੀ ਕੀਤੀ ਗਈ। ਉਹਨਾਂ ਆਖਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਹੜ੍ਹ ਪੀੜਤਾਂ ਲੋਕਾ ਦੇ ਹੋਏ ਨੁਕਸਾਨ ਦੀ ਭਰਪੂਰਤੀ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਠ ਅਕਤੂਬਰ ਨੂੰ ਸਾਰੇ ਪੰਜਾਬ ਦੇ ਜ਼ਿਲ੍ਹਾ ਕੇਂਦਰਾਂ ਉੱਪਰ ਧਰਨੇ ਮਾਰ ਕੇ ਹੜ੍ਹ ਪੀੜਤਾਂ ਦੇ ਮੁੜ ਵਸੇਵੇ ਅਤੇ ਉਨਾਂ ਦੇ ਹੋਏ ਨੁਕਸਾਨ ਦੀ ਭਰਪੂਰਤੀ ਦੀ ਮੰਗ ਕੀਤੀ ਜਾਵੇਗੀ। ਉਨਾਂ ਆਖਿਆ ਕਿ ਮੰਡੀਆਂ ਦੇ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ, ਪਰ ਸਰਕਾਰ ਉਹਨਾਂ ਦੀ ਖਰੀਦ ਤੋਂ ਆਨਾ ਕਾਨੀ ਕਰ ਰਹੀ ਹੈ। ਉਹਨਾਂ ਚੇਤਾਵਨੀ ਭਰੇ ਸ਼ਬਦਾਂ ਵਿੱਚ ਆਖਿਆ ਕਿ ਜੇ ਕਿਸਾਨਾਂ ਦੇ ਝੋਨੇ ਉੱਪਰ ਆੜਤੀਆਂ/ਸੈਲਰ ਮਾਲਕਾਂ ਨੇ ਸਰਕਾਰ ਦੀ ਸ਼ਹਿ ਉੱਪਰ ਕੱਟ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸਾਨਾਂ ਮਜ਼ਦੂਰਾਂ ਦੇ ਰੋਹ ਦਾ ਸ਼ਿਕਾਰ ਹੋਣਾ ਪਵੇਗਾ। ਉਨਾਂ ਮੰਗ ਕੀਤੀ ਕਿ ਬਾਸਮਤੀ ਝੋਨਾ ਜੋ ਕਿ ਪਿਛਲੇ ਸਮੇਂ ਵਿੱਚ ਪੰਜ ਸਾਢੇ ਪੰਜ ਹਜਾਰ ਤੱਕ ਵਿਕ ਰਿਹਾ ਸੀ ਉਹ ਇਸ ਵਾਰ 2500 ਤੋਂ ਵੀ ਥੱਲੇ ਆ ਗਿਆ ਹੈ। ਉਹਨਾਂ ਮੰਗ ਕੀਤੀ ਕਿ ਸਰਕਾਰ
ਬਾਸਮਤੀ ਝੋਨੇ ਦੀ ਖਰੀਦ ਸਰਕਾਰੀ ਪੱਧਰ ਉੱਪਰ ਕਰੇ। ਉਹਨਾਂ ਇਹ ਵੀ ਆਖਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਨਮੀ 22% ਤੱਕ ਕੀਤੀ ਜਾਵੇ ਅਤੇ ਜੋ ਮੰਡੀਆਂ ਦੇ ਵਿੱਚ ਝੋਨੇ ਦੀ ਤੁਲਾਈ ਕੰਪਿਊਟਰ ਕੰਡੇ ਨਾਲ ਕੀਤਾ ਜਾਵੇ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਆਖਿਆ ਕਿ ਸਰਕਾਰ ਵੱਲੋਂ ਆਪਣੀਆਂ ਨਕਾਮੀਆਂ ਛਪਾਉਣ ਲਈ ਕੇਵਲ ਅਖਬਾਰਾਂ ਵਿੱਚ ਬਿਆਨਬਾਜੀ ਕੀਤੀ ਜਾ ਰਹੀ ਹੈ। ਉਨਾਂ ਆਖਿਆ ਕਿ ਹੜ੍ਹ ਪੀੜਤ ਇਲਾਕਿਆਂ ਵਿੱਚ 27 ਅਕਤੂਬਰ ਨੂੰ ਗੁਰਦਾਸਪੁਰ 28 ਅਕਤੂਬਰ ਅਜਨਾਲਾ ਅਤੇ 29 ਅਕਤੂਬਰ ਖਡੂਰ ਸਾਹਿਬ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਹੜ੍ਹ ਪੀੜਤ ਇਲਾਕਿਆਂ ਦੇ ਵਿੱਚ ਮਾਰਚ ਕਰਕੇ ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਉੱਪਰ ਦਬਾਅ ਬਣਾਇਆ ਜਾਵੇਗਾ। ਉਹਨਾਂ ਆਖਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਖੇਤ ਪੱਧਰ ਕਰਨ ਉੱਪਰ 20 ਹਜ਼ਾਰ ਰੁਪਏ ਪ੍ਰਤੀ ਏਕੜ, ਫਸਲ ਨਾ ਬੀਜ ਹੋਣ ਤੇ ਡੇਢ ਲੱਖ ਰੁਪਏ ਅਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਆਖਿਆ ਕਿ ਆਉਣ ਵਾਲੇ ਸਮੇਂ ਵਿੱਚ ਹੜ੍ਹ ਰੋਕਣ ਦੇ ਯੋਗ ਉਪਰਾਲੇ ਕੀਤੇ ਜਾਣ। ਉਹਨਾਂ ਕਿਹਾ ਕਿ ਦਰਿਆਵਾਂ ਦਾ ਨਹਿਰੀਕਰਨ ਕੀਤਾ ਜਾਵੇ। ਸਿੰਚਾਈ ਲਈ ਨਹਿਰੀ ਪਾਣੀ ਨੂੰ ਸਾਰੇ ਸੂਬੇ ਵਿੱਚ ਵਰਤਿਆ ਜਾਵੇ। ਉਹਨਾਂ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਕਾਲਾ ਬਜਾਰੀ ਕਰਨ ਵਾਲੇ ਲੋਕਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ। ਉਹਨਾਂ ਮੰਗ ਕੀਤੀ ਕਿ ਖਾਦਾਂ ਦੇ ਨਾਲ ਹੋਰ ਕਿਸੇ ਕਿਸਮ ਦਾ ਵੀ ਵਾਧੂ ਸਮਾਨ ਚਕਾਉਣ ਵਾਲੇ ਦੁਕਾਨਦਾਰਾਂ ਅਤੇ ਡੀਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਨਕਲੀ ਖਾਦਾ ਦੀ ਸਪਲਾਈ ਰੋਕਣ ਲਈ ਜਿਲ੍ਹਾ ਪੱਧਰੀ ਗੁਦਾਮਾਂ ਦੀ ਚੈਕਿੰਗ ਕੀਤੀ ਜਾਵੇ। ਉਨਾਂ ਪਰਾਲੀ ਸਾੜਨ ਦੇ ਮੁੱਦੇ ਤੇ ਬੋਲਦਿਆਂ ਆਖਿਆ ਕਿ ਸਰਕਾਰ ਵੱਲੋਂ ਦਰਜ ਕੀਤੇ ਜਾ ਰਹੇ ਪਰਚਿਆਂ ਦੀ ਉਹ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਰਾਲੀ ਸੰਭਾਲਣ ਦਾ ਪ੍ਰਬੰਧ ਕਰੇ। ਕਿਸਾਨਾਂ ਨੂੰ ਮਜਬੂਰੀ ਬੱਸ ਪਰਾਲੀ ਨਾ ਸਾੜਨੀ ਪਵੇ।
ਇਸ ਮੌਕੇ ਤੇ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਆਖਿਆ ਕਿ ਹੜ੍ਹਾ ਕਾਰਨ ਲੱਖਾਂ ਏਕੜ ਫਸਲ ਤਬਾਹ ਹੋਈ ਹੈ। ਪਸ਼ੂ ਧੰਨ ਬਹੁਤ ਨੁਕਸਾਨ ਹੋਇਆ ਹੈ। ਸਰਕਾਰ ਨੇ ਜਿਸ ਦੀ ਕੋਈ ਵੀ ਮਦਦ ਨਹੀਂ ਕੀਤੀ। ਉਹਨਾਂ ਇਲਾਕੇ ਦੀਆਂ ਸਮਾਜ ਸੇਵੀ, ਧਾਰਮਿਕ, ਰਾਜਨੀਤਿਕ ਅਤੇ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਹਨਾਂ ਨੇ ਹੀ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜੀ ਹੈ। ਜਿਸ ਕਾਰਨ ਪੰਜਾਬ ਇਸ ਬਿਪਤਾ ਵਿੱਚੋਂ ਮੁੜ ਉਭਰ ਰਿਹਾ ਹੈ। ਉਹਨਾਂ ਸਾਰੇ ਦਾਨ ਕਰਨ ਵਾਲੇ ਲੋਕਾਂ ਦਾ ਵੀ ਧੰਨਵਾਦ ਕੀਤਾ। ਅੱਜ ਦੀ ਮੀਟਿੰਗ ‘ਚ ਜਥੇਬੰਦੀ ਦੀ ਮਜ਼ਬੂਤੀ ਲਈ ਅਗਲੇ ਪ੍ਰੋਗਰਾਮ ਵੀ ਤਹਿ ਕੀਤੇ ਗਏ।