
ਰਈਆ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਸਥਾਨਕ ਤਹਿਸੀਲ ਇਕਾਈ ਵਲੋਂ ਇਥੋਂ ਦੀ ਦਾਣਾ ਮੰਡੀ ਵਿਖੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਸ਼ਹੀਦ ਹੋਏ ਸ਼ਹੀਦ ਗੁਰਨਾਮ ਸਿੰਘ ਉੱਪਲ ਹੋਰਨਾ ਸ਼ਹੀਦਾਂ ਅਤੇ ਕੁਦਰਤੀ ਮੌਤ ਨਾਲ ਵਿਛੜੇ ਸਾਥੀਆਂ ਦੀ ਯਾਦ ਵਿੱਚ ਵਿਸ਼ਾਲ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਸਰਵ ਸਾਥੀ ਪਲਵਿੰਦਰ ਸਿੰਘ ਮਹਿਸਮਪੁਰ, ਅਮਰੀਕ ਸਿੰਘ ਦਾਊਦ, ਬਲਦੇਵ ਸਿੰਘ ਸੈਦਪੁਰ, ਗੁਰਨਾਮ ਸਿੰਘ ਭਿੰਡਰ ਆਦਿ ਹਾਜ਼ਰ ਸਨ। ਸਮਾਗਮ ਦੇ ਆਰੰਭ ਵਿੱਚ ਮਜ਼ਦੂਰ ਜਮਾਤ ਦੀ ਬੰਦ ਖਲਾਸੀ ਦਾ ਪ੍ਰਤੀਕ ਲਾਲ ਪਰਚਮ ਪਾਰਟੀ ਦੇ ਸੂਬਾਈ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਨੇ ਲਹਿਰਾਇਆ।
ਇਸ ਮੌਕੇ ਪਾਰਟੀ ਦੇ ਕੁਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਅੰਦਰ ਕੇਂਦਰ ਦੀ ਫਿਰਕੂ ਸਰਕਾਰ ਵੱਲੋਂ ਘੱਟ ਗਿਣਤੀ ਲੋਕਾਂ, ਦਲਿਤਾਂ, ਆਦਿਵਾਸੀਆਂ, ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਅਤੇ ਅਤੇ ਜ਼ੁਲਮ ਦੇ ਖਿਲਾਫ ਲਿਖਣ, ਬੋਲਣ ਵਾਲੇ ਲੋਕਾਂ ਨੂੰ ਜੇਲ੍ਹੀਂ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨਵ ਉਦਾਰਵਾਦੀ ਨੀਤੀਆਂ ਕਾਰਨ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਨਹੀਂ ਹੋ ਰਹੇ ਅਤੇ ਸਮਾਜ ਵਿੱਚ ਨਸ਼ਿਆਂ ਦੀ ਭਰਮਾਰ ਹੁਣ ਕਰਕੇ ਨੌਜਵਾਨ ਨਸ਼ਿਆਂ ਦੇ ਆਦੀ ਬਣ ਰਹੇ ਹਨ ਅਤੇ ਗੈਂਗਸਟਰਵਾਦ ਭਾਰੂ ਹੋ ਰਿਹਾ ਹੈ। ਦੇਸ਼ ਦੇ ਬਹੁਗਿਣਤੀ ਲੋਕ ਰੋਟੀ,ਕੱਪੜਾ,ਮਕਾਨ, ਵਿੱਦਿਆ,ਸਿਹਤ ਸਹੂਲਤਾਂ ਆਦਿ ਮੁੱਢਲੀਆਂ ਲੋੜਾਂ ਤੋਂ ਵਾਂਝੇ ਹੋ ਰਹੇ ਹਨ, ਜਿਸ ਦੇ ਖਿਲਾਫ ਤਿੱਖਾ ਸੰਘਰਸ਼ ਕਰਨਾ ਹੀ ਸ਼ਹੀਦਾਂ ਨੂੰ ਅਸਲ ਅਤੇ ਸੱਚੀ ਸ਼ਰਧਾਂਜਲੀ ਹੈ।
ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਸਾਥੀ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮਨਰੇਗਾ ਸਕੀਮ ਜਿਸ ਤਹਿਤ ਹਰ ਪਰਿਵਾਰ ਨੂੰ 100 ਦਿਨ ਰੁਜ਼ਗਾਰ ਦੇਣ ਦੀ ਗਰੰਟੀ ਸੀ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਸੀਡ ਬਿਲ ਖਤਰੇ ਬਿਜਲੀ ਬਿੱਲ 2025 ਲਿਆ ਕੇ ਬੀਜਾਂ ਤੋਂ ਕਿਸਾਨਾਂ ਦਾ ਅਧਿਕਾਰ ਖਤਮ ਕੀਤਾ ਜਾ ਰਿਹਾ ਹੈ ਅਤੇ ਬਿਜਲੀ ਬੋਰਡ ਵਰਗੇ ਵੱਡੇ ਅਦਾਰੇ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਜਿਸ ਖਿਲਾਫ ਕੱਲ 28 ਦਸੰਬਰ ਨੂੰ ਜਲੰਧਰ ਰੇਲਵੇ ਸਟੇਸ਼ਨ ਵਿਖੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਥੀ ਗੁਰਨਾਮ ਸਿੰਘ ਦਾਊਦ, ਰਤਨ ਸਿੰਘ ਰੰਧਾਵਾ, ਨਿਰਮਲ ਸਿੰਘ ਭਿੰਡਰ, ਸੁਵਿੰਦਰ ਸਿੰਘ ਖਹਿਰਾ, ਰਸ਼ਪਾਲ ਸਿੰਘ ਬਟਾਰੀ, ਪ੍ਰਗਟ ਸਿੰਘ ਟੌਗ, ਸੱਜਣ ਸਿੰਘ ਤਿੰਮੋਵਾਲ ਆਦਿ ਆਗੂਆਂ ਨੇ ਸ਼ਹੀਦਾਂ ਅਤੇ ਵਿਛੜੇ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੰਚ ਸੰਚਾਲਨ ਹਰਪ੍ਰੀਤ ਸਿੰਘ ਬੁਟਾਰੀ ਨੇ ਕੀਤਾ।