
ਰਾਏਕੋਟ: ਜਮਹੂਰੀ ਕਿਸਾਨ ਸਭਾ ਪੰਜਾਬ, ਸੀ ਟੀ ਯੂ ਪੰਜਾਬ ਅਤੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਸਾਂਝੀ ਮੀਟਿੰਗ ਅੱਜ ਕੁਲਦੀਪ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਇਥੇ ਹੋਈ। ਮੀਟਿੰਗ ‘ਚ ਫ਼ੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਅਤੇ ਜਮਹੂਰੀ ਜਨਤਕ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ 22 ਫਰਵਰੀ ਨੂੰ ਲੁਧਿਆਣਾ ‘ਚ ਸਥਿਤ ਭਾਜਪਾ ਦੇ ਦਫ਼ਤਰ, ਜਗਰਾਉ ‘ਚ ਵਿਧਾਇਕ ਸਰਬਜੀਤ ਕੌਰ ਮਾਣੂਕੇ ਅਤੇ ਖੰਨਾ ‘ਚ ਪੰਜਾਬ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਫ਼ਤਰ ਅੱਗੇ ਧਰਨੇ ਮਾਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜਗਤਾਰ ਸਿੰਘ ਚਕੋਹੀ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਮਨਰੇਗਾ ਕਾਨੂੰਨ ਵਿੱਚ ਕੀਤੇ ਬਦਲਾਅ, ਚਾਰ ਲੇਬਰ ਕੋਡ ਲਾਗੂ ਕਰਨ, ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਨੂੰ ਪਾਸ ਕਰਵਾਉਣ ਦੀਆਂ ਕੋਸ਼ਿਸ਼ਾਂ ਵਿੱਚ ਸਾਂਝੇ ਤੌਰ ‘ਤੇ ਅੰਦੋਲਨ ਚਲਾਇਆ ਜਾਵੇਗਾ ਅਤੇ ਜਿੱਤ ਤੱਕ ਜਾਰੀ ਰਹੇਗਾ। ਇਸ ਮੌਕੇ ਸੀ ਟੀ ਯੂ ਪੰਜਾਬ ਦੇ ਆਗੂ ਗੁਰਦੀਪ ਸਿੰਘ ਕਲਸੀ ਅਤੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਆਗੂ ਸਾਬਕਾ ਸਰਪੰਚ ਹਰਬੰਸ ਸਿੰਘ ਲੋਹਟਬੰਦੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸਾਜ਼ਸ਼ੀ ਚੁੱਪ ਧਾਰੀ ਹੋਈ ਹੈ। ਜਿਸ ਮਿਹਨਤਕਸ਼ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਕੁਲਦੀਪ ਸਿੰਘ ਗਰੇਵਾਲ ਅਤੇ ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ ਨੇ ਆਖਿਆ ਕਿ 22 ਫਰਵਰੀ ਨੂੰ ਕਿਰਤੀ ਕਿਸਾਨ ਇਹਨਾਂ ਰੋਸ ਪ੍ਰਦਰਸ਼ਨਾਂ ਤੇ ਧਰਨਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਜਸਵੰਤ ਸਿੰਘ ਟੂਸੇ, ਡੋਗਰ ਸਿੰਘ, ਸ਼ੇਰ ਸਿੰਘ ਲੋਹਟਬੰਦੀ, ਹਰਭਜਨ ਸਿੰਘ ਧਾਲੀਆ, ਲਾਭ ਸਿੰਘ ਦਰਬਾਰਾ ਸਿੰਘ ਆਦਿ ਹਾਜ਼ਰ ਸਨ।