Now Reading
ਸੰਯੁਕਤ ਕਿਸਾਨ ਮੋਰਚਾ, ਪੰਜਾਬ ਵਲੋਂ ਬੀਕੇਯੂ ਉਗਰਾਹਾਂ ਦੇ ਆਗੂਆਂ ਅਤੇ ਵਰਕਰਾਂ ‘ਤੇ ਜ਼ਬਰ ਦੀ ਨਿਖੇਧੀ

ਸੰਯੁਕਤ ਕਿਸਾਨ ਮੋਰਚਾ, ਪੰਜਾਬ ਵਲੋਂ ਬੀਕੇਯੂ ਉਗਰਾਹਾਂ ਦੇ ਆਗੂਆਂ ਅਤੇ ਵਰਕਰਾਂ ‘ਤੇ ਜ਼ਬਰ ਦੀ ਨਿਖੇਧੀ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਜ਼ਬਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਪ੍ਰਧਾਨਗੀ ਮੰਡਲ ਨੇ ਕਿਹਾ ਕਿ ਚਾਉਕੇ ਸਕੂਲ ਦੇ ਮਸਲੇ ਵਿੱਚ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੂੰ ਕਈ ਮਹੀਨਿਆਂ ਤੋਂ ਨਜਾਇਜ਼ ਤੌਰ ‘ਤੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਉਹਨਾਂ ਦੀ ਰਿਹਾਈ ਵਾਸਤੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਨ ਰਾਤ ਨੂੰ ਹੀ ਉਨਾਂ ਦੇ ਬਹੁਤ ਸਾਰੇ ਆਗੂ ਗ੍ਰਿਫ਼ਤਾਰ ਕਰ ਲਏ ਹਨ। ਅੱਜ ਵੱਖ-ਵੱਖ ਥਾਵਾਂ ਤੋਂ ਬਠਿੰਡਾ ਵੱਲ ਵੱਧ ਰਹੇ ਕਿਸਾਨ ਕਾਫਲਿਆਂ ਤੇ ਲਾਠੀਚਾਰਜ ਕਰਕੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਉਨਾਂ ਨੂੰ ਸੜਕਾਂ ਤੇ ਘੇਰ ਕੇ ਬਠਿੰਡਾ ਪਹੁੰਚਣ ਤੋਂ ਰੋਕਿਆ ਗਿਆ ਹੈ ਜਿਸ ਨਾਲ ਸੜਕਾਂ ਤੇ ਜਾਮ ਵਰਗੀ ਸਥਿਤੀ ਬਣ ਗਈ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ ਅਤੇ ਕਿਸਾਨਾਂ ਨੂੰ ਸੜਕਾਂ ਤੇ ਘੇਰ ਕੇ ਆਮ ਲੋਕਾਂ ਲਈ ਪਰੇਸ਼ਾਨੀ ਦਾ ਸਬੱਬ ਬਣ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਇਕੱਲੀ ਨਾ ਸਮਝੇ। ਜੇਕਰ ਕਿਸਾਨਾਂ ‘ਤੇ ਜਬਰ ਬੰਦ ਕਰਕੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ, ਸੰਯੁਕਤ ਕਿਸਾਨ ਮੋਰਚਾ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਸਾਮ, ਦਾਮ, ਦੰਡ, ਭੇਦ ਦੀਆਂ ਨੀਤੀਆਂ ਨੂੰ ਪੂਰੇ ਜ਼ੋਰ ਨਾਲ ਲਾਗੂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕਾਂ ਦੀ ਆਵਾਜ਼ ਅੱਜ ਤੱਕ ਕਿਸੇ ਵੀ ਜਾਬਰ ਤੋਂ ਦਬਾਈ ਨਹੀਂ ਜਾ ਸਕੀ। ਇਸ ਲਈ ਪੰਜਾਬ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹਨਾ ਚਾਹੀਦਾ ਹੈ ਤੇ ਕਿਸਾਨਾਂ ‘ਤੇ ਜਬਰ ਬੰਦ ਕਰਕੇ ਉਹਨਾਂ ਦੀਆਂ ਹੱਕੀ ਮੰਗਾਂ ਮੰਨਣੀਆਂ ਚਾਹੀਦੀਆਂ ਹਨ।

Scroll To Top