ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਵਾਰ ਜਿੱਥੇ ਕਿਸਾਨਾਂ ਦੀ ਆਲੂ ਪੈਦਾ ਕਰਨ ਤੇ ਲਾਗਤ ਖ਼ਰਚਾ ਵੱਧ ਆਇਆ ਹੈ, ਉੱਥੇ ਆਲੂ ਦੀ ਫਸਲ ਦਾ ਰੇਟ ਨਹੀਂ ਮਿਲ ਰਿਹਾ। ਜਿਸ ਕਾਰਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਉੱਪਰ ਕਰਜ਼ੇ ਦਾ ਹੋਰ ਬੋਝ ਵੱਧ ਜਾਵੇਗਾ। ਉਹਨਾਂ ਕਿਹਾ ਕਿ ਜਿੰਨਾ ਪ੍ਰਾਈਵੇਟ ਕੰਪਨੀਆਂ ਨੇ ਕਿਸਾਨਾਂ ਨੂੰ ਮਹਿੰਗੇ ਮੁੱਲ ‘ਤੇ ਬੀਜ ਦੇਕੇ ਆਲੂ ਬਿਜਵਾਏ ਸਨ, ਉਹਨਾਂ ਵੱਲੋਂ ਤੈਅ ਕੀਤੇ ਰੇਟ ‘ਤੇ ਕਿਸਾਨਾਂ ਦੇ ਆਲੂ ਨਹੀਂ ਚੱਕੇ ਜਾ ਰਹੇ। ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਮੰਗ ਕੀਤੀ ਕਿ ਉਹ ਕੰਪਨੀਆਂ ਨੂੰ ਕਹਿ ਕੇ ਆਲੂ ਚਕਵਾਉਣ ਅਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਨ ਵਾਲੀਆਂ ਕੰਪਨੀਆ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ।
ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਅਤੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਵੱਖਰੇ ਪ੍ਰੈਸ ਨੋਟ ਰਾਹੀਂ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਸਾਨ ਪੱਖੀ ਨੀਤੀਆਂ ਬਣਾਕੇ ਕੇ ਉਹਨਾਂ ਦੀ ਜਿਣਸ ਦੀ ਲਾਹੇਬੰਦ ਕੀਮਤ ‘ਤੇ ਖਰੀਦ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਮੰਦੀ ਦੀ ਮਾਰ ਝੱਲ ਰਹੇ ਆਲੂ ਉਤਪਾਦਕ ਕਿਸਾਨਾਂ ਦੀ ਬਾਂਹ ਫੜੇ ਸਰਕਾਰ