
ਨਕੋਦਰ: ਯੁੱਧ ਨਸ਼ਿਆਂ ਵਿਰੁੱਧ ਦੀ ਪੰਜਾਬ ਸਰਕਾਰ ਦੀ ਮੁਹਿੰਮ ਉਸ ਵੇਲੇ ਠੁੱਸ ਸਾਬਤ ਹੋ ਗਈ ਜਦੋਂ ਨਸ਼ਿਆਂ ਦੇ ਸਮੱਗਲਰਾਂ ਵਲੋਂ ਕੀਤੇ ਹਮਲੇ ਤੋਂ ਬਾਅਦ ਪਿੰਡ ਬੂਟੇ ਦੀਆਂ ਛੰਨਾ ਦੇ ਸਰਪੰਚ ਮਹਿੰਦਰ ਸਿੰਘ ਅੱਜ ਸਵੇਰੇ ਸ਼ਹਾਦਤ ਦਾ ਜਾਮ ਪੀ ਗਏ। ਸਰਪੰਚ ਵਲੋਂ ਪੁਲੀਸ ਨੂੰ ਨਸ਼ਿਆਂ ਦੇ ਸਬੰਧ ‘ਚ ਦੱਸਿਆ ਸੀ, ਜਿਸ ਮਗਰੋਂ ਸਰਪੰਚ ਅਤੇ ਉਸ ਦੀ ਪਤਨੀ ਤੇ ਕੀਤੇ ਕਾਤਲਾਨਾ ਹਮਲੇ ਉਪਰੰਤ ਇਲਾਜ ਦੌਰਾਨ ਅੱਜ ਸਰਪੰਚ ਮਹਿੰਦਰ ਸਿੰਘ ਦੀ ਮੌਤ ਹੋ ਗਈ।
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਅਤੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ ਇਹ ਪੁਲੀਸ ਦੀ ਨਲਾਇਕੀ ਸਾਬਤ ਹੋਈ ਹੈ, ਜਿਸ ਕਾਰਨ ਹੀ ਇਹ ਹਮਲਾ ਹੋਇਆ। ਇੱਕ ਪਾਸੇ ਪੁਲੀਸ ਵਲੋਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਨਸ਼ੇ ਦੀ ਸ਼ਿਕਾਇਤ ਬਾਰੇ ਕਿਸੇ ਨੂੰ ਵੀ ਨਹੀਂ ਦੱਸਿਆ ਜਾਵੇਗਾ ਪਰ ਹਕੀਕਤ ਸਾਹਮਣੇ ਹੈ।
ਉਕਤ ਆਗੂਆਂ ਨੇ ਕਿਹਾ ਕਿ ਸਰਪੰਚ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਪਿੰਡ ਦੇ ਸਕੂਲ ਦਾ ਨਾਂ ਸ਼ਹੀਦ ਮਹਿੰਦਰ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ।
ਆਗੂਆਂ ਨੇ ਕਿਹਾ ਕਿ ਉਨਾ ਸਮਾਂ ਸਰਪੰਚ ਮਹਿੰਦਰ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਉਕਤ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਇੱਕ ਵੱਖਰੇ ਬਿਆਨ ‘ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਰਤਨ ਸਿੰਘ ਰੰਧਾਵਾ, ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ, ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਯਕੀਨ ਦਵਾਇਆ ਕਿ ਮੰਗਾਂ ਮੰਨਣ ਤੱਕ ਪਾਰਟੀ ਵਲੋਂ ਸੰਘਰਸ਼ ਕੀਤਾ ਜਾਵੇਗਾ।