sangrami lehar

ਸ੍ਰੀ ਹਰਗੋਬਿੰਦਪੁਰ ਵਿਖੇ ਜਮਹੂਰੀ ਕਿਸਾਨ ਸਭਾ ਵੱਲੋਂ ਧਰਨਾ

  • 09/02/2018
  • 04:28 PM

ਸ੍ਰੀ ਹਰਗੋਬਿੰਦਪੁਰ - ਜਮਹੂਰੀ ਕਿਸਾਨ ਸਭਾ ਵੱਲੋਂ ਸ੍ਰੀ ਹਰਗੋਬਿੰਦਪੁਰ ਸਬ-ਤਹਿਸੀਲ ਵਿਖੇ ਪ੍ਰਧਾਨ ਖੁਸ਼ਵੰਤ ਸਿੰਘ ਚੀਮਾ, ਚੈਂਚਲ ਸਿੰਘ ਤੇ ਦਿਲਬਾਗ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਤਹਿਸੀਲ ਸਕੱਤਰ ਸੁਰਜੀਤ ਸਿੰਘ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਆ ਰਹੀਆਂ ਮੁਸ਼ਕਲਾਂ ਜੱਗ ਜ਼ਾਹਿਰ ਹੋ ਚੁੱਕੀਆਂ ਹਨ ਤੇ ਕਿਸਾਨ ਕਰਜ਼ੇ ਦੇ ਜਾਲ ਵਿੱਚ ਫਸ ਕੇ ਖੁਦਕੁਸ਼ੀਆਂ ਦੇ ਰਸਤੇ ਪੈ ਚੁੱਕਾ ਹੈ। ਇਸ ਦੇ ਬਾਵਜੂਦ ਕੈਪਟਨ ਸਰਕਾਰ ਵੱਲੋਂ ਟਿਊਬਵੈੱਲਾਂ ’ਤੇ ਬਿੱਲ ਲਗਾ ਦਿੱਤੇ ਗਏ ਹਨ ਜਿਸ ਨਾਲ ਕਿਸਾਨਾਂ ਉੱਪਰ ਮਾਰੂ ਪ੍ਰਭਾਵ ਪਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬੇਦਾਰ ਰਛਪਾਲ ਸਿੰਘ ਭਰਥ ਨੇ ਕਿਹਾ ਕਿ ਕੈਪਟਨ ਸਰਕਾਰ ਵਾਅਦਿਆਂ ਤੋਂ ਮੁੱਕਰ ਗਈ ਹੈ। ਪੰਜਾਬ ਦੇ ਕਿਸਾਨ ਤੇ ਖੇਤ ਮਜ਼ਦੂਰ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਖੁਸ਼ਵੰਤ ਸਿੰਘ ਜਮਹੂਰੀ ਆਗੂ ਨੇ ਕਿਹਾ ਕਿ ਅੱਜ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਦੀਆਂ ਮੰਗਾਂ ਜਿਵੇਂ ਕਰਜ਼ਿਆਂ ਨੂੰ ਮੁਆਫ਼ ਕਰਨਾ, ਸਬਸਿਡੀਆਂ ਵਿੱਚ ਵਾਧਾ ਕਰਨਾ, ਟਿਊਬਵੈੱਲਾਂ ’ਤੇ ਬਿੱਲ ਲਾਉਣ ਦੀ ਯੋਜਨਾ ਬੰਦ ਕਰਨੀ, ਖਾਦਾਂ ਦੀਆਂ ਸਬਸਿਡੀਆਂ ਕਿਸਾਨਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਦਿੱਤੀਆਂ ਜਾਣ ਆਦਿ ਸ਼ਾਮਲ ਹਨ। ਇਸ ਮੌਕੇ ਹਰਦੀਪ ਸਿੰਘ, ਕਾਮਰੇਡ ਬਿਸੰਬਰ ਸਿੰਘ ਚੀਮਾ, ਅਜੈਬ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਹਰਜਿੰਦਰ ਸਿੰਘ, ਸਰਬਜੀਤ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ।