sangrami lehar

ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ

  • 26/04/2018
  • 08:55 PM

ਝਬਾਲ- ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਤਹਿਸੀਲ ਕਮੇਟੀ ਮੈਂਬਰ ਗੁਰਵੇਲ ਸਿੰਘ ਚੀਮਾ, ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਕਮੇਟੀ ਮੈਂਬਰ ਹਰਭਜਨ ਸਿੰਘ ਬੂਰਾ ਅਤੇ ਜਨਵਾਦੀ ਇਸਤਰੀ ਸਭਾ ਦੀ ਆਗੂ ਬੀਬੀ ਮੀਨੂੰ ਚੀਮਾ ਦੀ ਅਗਵਾਈ 'ਚ ਪਿੰਡ ਚੀਮਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਜਸਪਾਲ ਸਿੰਘ ਝਬਾਲ ਅਤੇ ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਬੀਬੀ ਲਖਵਿੰਦਰ ਕੌਰ ਝਬਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜ਼ਬਰ ਜਨਾਹ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਨੱਥ ਨਹੀਂ ਪਾਈ ਜਾ ਰਹੀ ਹੈ, ਜਿਸ ਕਰਕੇ ਆਏ ਦਿਨ ਮਾਸੂਮ ਬਾਲੜੀਆਂ ਨਾਲ ਵਹਿਸ਼ੀ ਦਰਿੰਦੇ ਸ਼ਰਮਨਾਕ ਕਾਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਸੱਤਾ ਹਥਿਆਉਣ ਲਈ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਕਰਮਚਾਰੀਆਂ, ਕਾਰੋਬਾਰੀਆਂ ਅਤੇ ਨੌਜਵਾਨਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਸਰਕਾਰ ਨਵੇਂ ਏਜੰਡੇ ਅਤੇ ਕਾਲੇ ਕਾਨੂੰਨ ਲਾਗੂ ਕਰਨ ਦੇ ਮਨਸੂਬੇ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਪਹਿਲਾਂ ਹੀ ਲਤਾੜਿਆ ਪਿਆ ਹੈ ਪ੍ਰੰਤੂ ਸਰਕਾਰ ਇਨ੍ਹਾਂ ਨੂੰ ਕਰਜੇ ਤੋਂ ਮੁਕਤ ਕਰਨ ਦੀ ਥਾਂ ਹੋਰ ਵਾਧੂ ਬੋਝ ਪਾ ਕੇ ਖਤਮ ਕਰਨਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ, ਗਰੀਬਾਂ ਅਤੇ ਲੋੜਵੰਦਾਂ ਨੂੰ ਪਿੰਡਾਂ ਅੰਦਰ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਨਹੀਂ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਕਥਿਤ ਨੁਮਾਇੰਦਿਆਂ ਵੱਲੋਂ ਸਿਆਸੀ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਹੀ ਹੱਕਦਾਰ ਲੋਕ ਭਲਾਈ ਸਕੀਮਾਂ ਤੋਂ ਵਾਂਝੇ ਹਨ। ਗਰੀਬਾਂ ਦੇ ਘਰਾਂ 'ਚ ਫਲੱਸਾਂ ਨਹੀਂ ਬਣਾਈਆਂ ਜਾ ਰਹੀਆਂ, ਮਨਰੇਗਾ ਕਾਮਿਆਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਹੈ, ਗਲੀਆਂ, ਨਾਲੀਆਂ ਦੀ ਹਾਲਤ ਖਸਤਾ ਹੈ, ਨਿਰਮਾਣ ਰੋਕੇ ਗਏ ਹਨ, ਵਾਟਰ ਸਪਲਾਈ ਬੰਦ ਕਰ ਦਿੱਤੀ ਗਈ ਹੈ। ਆਗੂਆਂ ਨੇ ਕਿਹਾ ਕਿ ਜਨਤਕ ਜੱਥੇਬੰਦੀਆਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਪੰਜਾਬ ਦੀਆਂ ਸੜਕਾਂ ਜਾਮ ਕਰਨ ਤੋਂ ਇਲਾਵਾ ਥਾਂ-ਥਾਂ 'ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਗੁਰਵੇਲ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਮੀਤਾ ਕੌਰ, ਹਰਜਿੰਦਰ ਕੌਰ, ਸੁਖਵਿੰਦਰ ਕੌਰ, ਵਰਿੰਦਰ ਕੌਰ, ਸ਼ੀਲਾ ਕੌਰ, ਰਾਜਵਿੰਦਰ ਕੌਰ, ਹਰਵੰਤ ਸਿੰਘ ਚੀਮਾ, ਅਵਤਾਰ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਬੂਟਾ ਸਿੰਘ, ਰਛਪਾਲ ਸਿੰਘ, ਗੁਰਜੀਤ ਸਿੰਘ, ਰਾਜ ਕੌਰ, ਬਲਵਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ 'ਚ ਔਰਤਾਂ ਤੇ ਮਰਦ ਹਾਜ਼ਰ ਸਨ।