sangrami lehar

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਕਨਵੈੱਨਸ਼ਨ ਦੌਰਾਨ ਹਾਕਮਾਂ ਦੀਆਂ ਨੀਤੀਆਂ ਦਾ ਵਿਰੋਧ ਕਰਨ ਦਾ ਸੱਦਾ

  • 26/05/2018
  • 07:28 PM

 

ਜਲੰਧਰ: ਮਹਾਨ ਗ਼ਦਰੀ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 122ਵੇਂ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਅੱਜ ਇੱਥੇ ਸੂਬਾਈ ਕਨਵੈੱਨਸ਼ਨ ਕੀਤੀ ਗਈ। ਇਸ ਦੀ ਪ੍ਰਧਾਨਗੀ ਮਨਦੀਪ ਰਤੀਆ, ਨਵਦੀਪ ਕੋਟਕਪੂਰਾ, ਸੁਲੱਖਣ ਤੁੜ, ਰਵੀ ਕੁਮਾਰ ਪਠਾਨਕੋਟ, ਕੁਲਵੰਤ ਮੱਲੂਨੰਗਲ ਨੇ ਕੀਤੀ। ਜ਼ਿਕਰਯੋਗ ਹੈ ਕਿ ਇਹ ਕਨਵੈੱਨਸ਼ਨ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸੀ। ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਗ਼ਦਰ ਪਾਰਟੀ ਦਾ ਅਹਿਮ ਯੋਗਦਾਨ ਹੈ ਅਤੇ ਕਰਤਾਰ ਸਿੰਘ ਸਰਾਭਾ ਇਸ ਲਹਿਰ ਦਾ ਅਹਿਮ ਸਿਪਾਹੀ ਸੀ, ਜਿਸ ਨੇ ਗ਼ਦਰ ਪਾਰਟੀ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਸਰਾਭੇ ਦਾ ਵਿਚਾਰਾਂ ਵਾਲੀ ਆਜ਼ਾਦੀ ਨਹੀਂ ਆਈ ਸਗੋਂ ਵਿੱਦਿਆ ਖੋਹਣ ਅਤੇ ਬੇਰੁਜ਼ਗਾਰੀ ਪੈਦਾ ਕਰਨ ਵਾਲੀ 'ਆਜ਼ਾਦੀ' ਮਿਲੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੋਸਟ ਮੈਟ੍ਰਿਕ ਸਕੀਮ ਖੋਹਣ ਅਤੇ ਰੁਜ਼ਗਾਰ ਨਾ ਦੇਣ ਦੇ ਮੁੱਦੇ 'ਤੇ 28-29 ਮਈ ਨੂੰ ਹਾਕਮਾਂ ਦੇ ਪੁਤਲੇ ਸਾੜ ਕੇ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ ਜਾਵੇਗਾ ਅਤੇ 4-5 ਜੂਨ ਨੂੰ ਐਸਡੀਐਮਜ਼ ਰਾਹੀਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮੰਗ ਪੱਤਰ ਭੇਜੇ ਜਾਣਗੇ। ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਮਨਦੀਪ ਰਤੀਆ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 70 ਸਾਲ ਬੀਤ ਜਾਣ ਬਾਅਦ ਵੀ ਕਰਤਾਰ ਸਿੰਘ ਸਰਾਭਾ ਦੇ ਸੁਪਨੇ ਅਜੇ ਅਧੂਰੇ ਹਨ ਕਿਉਂਕਿ ਦੇਸ਼ ਦੇ ਹਾਕਮਾਂ ਦੁਆਰਾ ਲਾਗੂ ਕੀਤੀਆਂ ਜਾ ਰਹੀਆਂ ਨਵ ਉਦਾਰਵਾਦੀ ਨੀਤੀਆਂ ਕਾਰਨ ਬੇਰੁਜ਼ਗਾਰੀ, ਅਨਪੜ੍ਹਤਾ, ਗ਼ਰੀਬੀ, ਮਹਿੰਗਾਈ 'ਚ ਅਥਾਹ ਵਾਧਾ ਹੋਇਆ ਹੈ। ਦੇਸ਼ ਦੀ ਜਵਾਨੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੀ ਹੈ। ਹਾਕਮਾਂ ਦੁਆਰਾ ਨੌਜਵਾਨਾਂ ਨੂੰ ਨਸ਼ੇ ਅਤੇ ਗੰਦਾ ਸਭਿਆਚਾਰ ਪਰੋਸਿਆਂ ਜਾ ਰਿਹਾ ਹੈ। ਦਲਿਤਾਂ, ਘੱਟ ਗਿਣਤੀਆਂ ਤੇ ਪਛੜੇ ਵਰਗ ਦੇ ਲੋਕਾਂ ਅਤੇ ਔਰਤਾਂ ਖ਼ਾਸ ਕਰ ਬਾਲੜੀਆਂ ਉੱਪਰ ਤਸ਼ੱਦਦ ਲਗਾਤਾਰ ਵੱਧ ਰਿਹਾ ਹੈ। ਇੱਕ ਮਤੇ 'ਚ ਕਿਹਾ ਗਿਆ ਕਿ ਨਿੱਜੀ ਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਅਤੇ ਸੂਬੇ ਦੇ ਹਾਕਮਾਂ ਵੱਲੋਂ ਮੁਨਾਫ਼ੇ ਕਮਾਉਣ ਦੀ ਸ਼ਹਿ ਦੇਣ ਕਾਰਨ ਕਾਰਪੋਰੇਟ ਸੈਕਟਰ ਕੁਦਰਤੀ ਸਾਧਨਾਂ ਨਾਲ ਖਿਲਵਾੜ ਕਰ ਰਿਹਾ ਹੈ, ਜਿਸ ਦਾ ਤਾਜ਼ਾ ਮਿਸਾਲ ਬਿਆਸ ਦਰਿਆ ਤੇ ਤਾਮਿਲਨਾਡੂ ਦੀ ਹੈ। ਇਸ ਮਤੇ 'ਚ ਮੰਗ ਕੀਤੀ ਕਿ ਅਜਿਹੀਆਂ ਕੰਪਨੀਆਂ ਨੂੰ ਕੀਤੇ ਕਾਰੇ ਲਈ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਕੋਈ ਹੋਰ ਅਜਿਹਾ ਕਾਰਾ ਕਰਨ ਦੀ ਜੁਰਅਤ ਨਾ ਕਰ ਸਕੇ। ਕਨਵੈੱਨਸ਼ਨ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਨਿੱਤ ਵਧਦੀਆਂ ਕੀਮਤਾਂ ਰਾਹੀਂ ਖਪਤਕਾਰਾਂ ਦੀ ਕੀਤੀ ਜਾ ਰਹੀ ਲੁੱਟ ਦੀ ਨਿਖੇਧੀ ਵੀ ਕੀਤੀ ਗਈ। ਕਨਵੈੱਨਸ਼ਨ ਨੂੰ ਪੀਐਸਐਫ ਦੇ ਸੂਬਾ ਸਕੱਤਰ ਅਜੈ ਫਿਲੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਸਿੱਖਿਆ ਲਈ ਹਰ ਸਾਲ ਰੱਖਿਆ ਬਜਟ ਲਗਾਤਾਰ ਸੁੰਗੜਦਾ ਜਾ ਰਿਹਾ ਹੈ। ਸਿੱਖਿਆ ਕੇਂਦਰਾਂ ਅੰਦਰ ਭਾਜਪਾ ਵੱਲੋਂ ਫ਼ਿਰਕੂ ਤੱਤਾਂ ਦੀ ਘੁਸਪੈਠ ਕਰਵਾਈ ਜਾ ਰਹੀ ਹੈ। ਦੇਸ਼ ਦੇ ਇਤਿਹਾਸ ਨੂੰ ਤਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਇਤਿਹਾਸ ਦੇ ਪਾਠ ਕ੍ਰਮਾਂ ਵਿੱਚ ਕੀਤੀਆਂ ਗੈਰ ਵਿਗਿਆਨਕ ਸੋਧਾਂ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਪੀਐਸਐਫ ਦੇ ਸੂਬਾ ਪ੍ਰਧਾਨ ਨਵਦੀਪ ਕੋਟਕਪੂਰਾ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਸਿੱਖਿਆ ਨੂੰ ਮੰਡੀ ਦੀ ਜਿਣਸ ਬਣਾ ਦਿੱਤਾ ਗਿਆ ਹੈ ਅਤੇ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਵੱਲੋਂ ਫ਼ੀਸਾਂ ਵਿੱਚ ਆਪਣੀ ਮਨਮਰਜ਼ੀ ਨਾਲ ਵਾਧਾ ਕੀਤਾ ਜਾ ਰਿਹਾ ਹੈ। ਪੀਐਸਐਫ ਦੇ ਸੂਬਾ ਮੀਤ ਪ੍ਰਧਾਨ ਮਨਜਿੰਦਰ ਢੇਸੀ ਨੇ ਕੇਂਦਰ ਸਰਕਾਰ ਦੁਆਰਾ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਬੰਦ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਹਾਕਮ ਗ਼ਰੀਬ ਵਿਦਿਆਰਥੀਆਂ ਕੋਲੋਂ ਸਿੱਖਿਆ ਦਾ ਅਧਿਕਾਰ ਖੋਹਣਾ ਚਾਹੁੰਦੇ ਹਨ ਅਤੇ ਗ਼ਰੀਬਾਂ ਦੇ ਬੱਚਿਆਂ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਸਕੀਮ ਵਿੱਚ ਸੋਧਾਂ ਸਿਰਫ਼ ਤੇ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਪਹੁੰਚਾਉਣ ਲਈ ਹੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸੈਸ਼ਨ 2018-19 ਲਈ ਕੇਂਦਰ ਅਤੇ ਸੂਬਾ ਸਰਕਾਰ ਦਲਿਤ ਵਿਦਿਆਰਥੀਆਂ ਦੇ ਮੁਫ਼ਤ ਦਾਖ਼ਲੇ ਅਤੇ ਪੜ੍ਹਾਈ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ। ਇਸ ਮੌਕੇ ਉਪਰੋਕਤ ਆਗੂਆਂ ਤੋਂ ਬਿਨਾਂ ਸੁਰਜੀਤ ਦੁਧਾਰਾਏ, ਗੁਰਦੀਪ ਬੇਗਮਪੁਰਾ, ਬੰਸੀ ਲਾਲ, ਮੱਖਣ ਸੰਗਰਾਮੀ, ਮਨਦੀਪ ਕੌਰ ਸ਼ਕਰੀ, ਕਰਮਜੀਤ ਪੱਖੋਕੇ, ਹਰਨੇਕ ਗੁੱਜ਼ਰਵਾਲ, ਜਤਿੰਦਰ ਫਰੀਦਕੋਟ, ਸੁਰੇਸ਼ ਸਮਾਣਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਕਨਵੈੱਨਸ਼ਨ 'ਚ ਜਥੇਬੰਦੀ ਦੇ ਸਾਬਕਾ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।