sangrami lehar

ਡੈਮ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਫੂਕਿਆ ਪੁਤਲਾ

  • 07/07/2018
  • 06:51 PM

ਪਠਾਨਕੋਟ : ਥੀਨ ਡੈਮ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਾਹਪੁਰਕੰਡੀ ਟਾਊਨਸ਼ਿਪ ਦੇ ਬੈਂਕ ਚੌਂਕ ਵਿੱਚ ਟ੍ਰੈਫਿਕ ਨੂੰ ਰੋਕ ਕੇ ਨਸ਼ੇ ਦੇ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ ਜਿਸ ਵਿੱਚ ਪੰਜਾਬ ਸੀਟੀਯੂ ਦੇ ਆਗੂ ਤੇ ਥੀਨ ਡੈਮ ਵਰਕਰਜ਼ ਯੂਨੀਅਨ ਦੇ ਚੇਅਰਮੈਨ ਕਾਮਰੇਡ ਨੱਥਾ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਕਾਂਗਰਸ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਕਰਨੀ ਅਤੇ ਕਥਨੀ ਵਿੱਚ ਅੰਤਰ ਦੱਸਦੇ ਹੋਏ ਕਾਮਰੇਡ ਨੱਥਾ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਰੇ ਪੰਜਾਬ ਵਾਸੀਆਂ ਨੂੰ ਸਰਕਾਰ ਤੋਂ ਉਮੀਦ ਛੱਡ ਕੇ ਇਕਜੁੱਟ ਹੋ ਕੇ ਨਸ਼ੇ ਖਿਲਾਫ਼ ਲੜਾਈ ਲੜਨੀ ਚਾਹੀਦੀ ਹੈ ਨਹੀਂ ਤਾਂ ਆਉਣ ਵਾਲੀਆਂ ਨਸਲਾਂ ਦਾ ਪੰਜਾਬ ਵਿੱਚ ਨਾਮੋ ਨਿਸ਼ਾਨ ਮਿਟ ਜਾਵੇਗਾ। ਜਸਵੰਤ ਸਿੰਘ ਸੰਧੂ ਨੇ ਕਿਹਾ ਕਿ 8 ਜੁਲਾਈ ਐਤਵਾਰ ਨੂੰ ਪੰਜਾਬ ਸਰਕਾਰ ਦੇ ਵਿਰੁੱਧ ਚੀਫ਼ ਇੰਜੀਨੀਅਰ ਦਫ਼ਤਰ ਮੂਹਰੇ ਰੋਸ ਧਰਨਾ ਲਾਇਆ ਜਾਵੇਗਾ।