ਪਠਾਨਕੋਟ : ਆਰਐਸਐਸ ਦਾ ਮੁਖੀ ਮੋਹਨ ਭਾਗਵਤ ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ ਕਾਨੂੰਨ ਪਾਸ ਕਰਾਉਣ ਦੀ ਮੰਗ ਕਰ ਰਿਹਾ ਹੈ। ਉਹ ਇਸ ਸਮੇਂ ਇਸ ਮੁੱਦੇ ਨੂੰ ਇਸ ਲਈ ਉਠਾ ਰਿਹਾ ਹੈ ਕਿਉਂਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਗਈਆਂ ਹਨ। ਇਹ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਅੱਜ ਇੱਥੇ ਪਾਰਟੀ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਅੱਜ ਰੁਪਏ ਦੀ ਕੀਮਤ ਵਿੱਚ ਗਿਰਾਵਟ ਆ ਰਹੀ ਹੈ। ਇਸ ਨਾਲ ਦੇਸ਼ ਹੋਰ ਕੰਗਾਲ ਹੋ ਜਾਵੇਗਾ। ਸਰਕਾਰ ਨੇ ਤੇਲ ਕੰਪਨੀਆਂ ਨੂੰ ਲੁੱਟ ਕਰਨ ਦੀ ਖੁੱਲ੍ਹੀ ਇਜਾਜ਼ਤ ਦੇ ਰੱਖੀ ਹੈ। ਕਾਮਰੇਡ ਪਾਸਲਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦੇ ਪੂਰੇ ਨਾ ਕਰ ਸਕਣ ਕਾਰਨ ਲੋਕਾਂ ਦਾ ਧਿਆਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਲ ਲਗਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨੀਤੀਆਂ ਖਿਲਾਫ਼ 10 ਦਸੰਬਰ ਨੂੰ ਜਲੰਧਰ ’ਚ ਰੈਲੀ ਕੀਤੀ ਜਾਵੇਗੀ।