ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਅੱਜ ਇੱਥੇ ਜਾਰੀ ਕੀਤੇ ਸਾਂਝੇ ਪਰੈੱਸ ਬਿਆਨ ਰਾਹੀਂ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ, ਕੇਂਦਰ ਦੀ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਗੰਨੇ ਦੀਆਂ ਕੀਮਤਾਂ ਪਿਛਲੇ ਸਾਲ ਵਾਲੀਆਂ ਹੀ ਰੱਖਣ ਦੀ ਨਿੰਦਾ ਕਰਦੀ ਹੈ। ਆਗੂਆਂ ਨੇ ਕਿਹਾ ਕੇ ਗੰਨੇ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਾ ਕਰਨ ਕਰਕੇ ਇੱਕ ਵਾਰ ਫਿਰ ਉਕਤ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆਂ ਕਿ ਕਿਸਾਨਾਂ ਦੀਆਂ ਫ਼ਸਲਾਂ ਪਾਲਣ ਲਈ ਵਰਤੀਆਂ ਜਾਂਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਡੀਜ਼ਲ ਦੀਆਂ ਕੀਮਤਾਂ ਵਿਚ ਮੋਦੀ ਸਰਕਾਰ ਵੱਲੋਂ ਤਾਜ਼ਾ ਹੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਦੇ ਲਾਗਤ ਖ਼ਰਚੇ ਵਧੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਕਿਸਾਨਾਂ ਨਾਲ ਧੋਖਾ ਸਾਬਤ ਹੋਏ ਹਨ। ਆਗੂਆਂ ਨੇ ਗੰਨਾਂ ਉਤਪਾਦਕ ਕਿਸਾਨਾਂ ਨੂੰ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲੇ ਵਿਰੁੱਧ ਤਿੱਖੇ ਸੰਘਰਸ਼ ਲਈ ਮੈਦਾਨ ਵਿਚ ਆਉਣ ਦਾ ਸੱਦਾ ਦਿੱਤਾ।