Now Reading
ਜਮਹੂਰੀ ਅਤੇ ਜਨਤਕ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮੁਜ਼ਾਹਰਾ

ਜਮਹੂਰੀ ਅਤੇ ਜਨਤਕ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮੁਜ਼ਾਹਰਾ

ਲੁਧਿਆਣਾ- ਅੱਜ ਇੱਥੇ ਵੱਖ ਵੱਖ ਜਥੇਬੰਦੀਆਂ ਵੱਲੋਂ ਜਮਹੂਰੀ ਹੱਕਾਂ ਤੇ ਸ਼ਹਿਰੀ ਆਜ਼ਾਦੀਆਂ ਨੂੰ ਦਬਾਉਣ ਲਈ ਅਣਮਿਥੇ ਸਮੇਂ ਲਈ ਲਾਈ ਦਫ਼ਾ 144 ਅਤੇ ਹੋਰ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵਿਸ਼ਾਲ ਰੋਸ ਮੁਜ਼ਾਹਰਾ ਆਯੋਜਿਤ ਕੀਤਾ ਗਿਆ। ਇਸ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਜ਼ਿਲ੍ਹੇ ਦੀਆਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ, ਔਰਤਾਂ, ਬੁੱਧੀਜੀਵੀਆਂ ਅਤੇ ਜਮਹੂਰੀ ਕਾਰਕੁਨਾਂ ਦੀਆਂ 70 ਤੋਂ ਵਧੇਰੇ ਜਮਹੂਰੀ ਜਨਤਕ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵੱਡੇ ਪੱਧਰ ’ਤੇ ਮੁਜ਼ਾਹਰਾ ਕੀਤਾ। ਉਨ੍ਹਾਂ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਥਿਤ ਕਾਲੇ ਕਾਨੂੰਨਾਂ ਦੀ ਨਿੰਦਾ ਕਰਦਿਆਂ ਐਲਾਨ ਕੀਤਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਜਿਹੇ ਤਾਨਾਸ਼ਾਹੀ ਫੁਰਮਾਨ ਅਤੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਗਏ ਤਾਂ ਹੋਰ ਤਿੱਖਾ ਸੰਘਰਸ਼ ਕਰਨਗੇ। ਇਸ ਤੋਂ ਪਹਿਲਾਂ ਭਾਈ ਬਾਲਾ ਚੌਂਕ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਤੋਂ ਡੀਸੀ ਦਫ਼ਤਰ ਤੱਕ ਪੈਦਲ ਮਾਰਚ ਕੀਤਾ ਗਿਆ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾਰਾ 144 ਲਾ ਕੇ ਧਰਨੇ-ਮੁਜ਼ਾਹਰਿਆਂ ’ਤੇ ਅਣਮਿੱਥੇ ਸਮੇਂ ਲਈ ਲਾਈ ਰੋਕ ਤੁਰੰਤ ਰੱਦ ਕੀਤੀ ਜਾਵੇ। ਇਸ ਮੌਕੇ ਸੰਬੋਧਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲੁਧਿਆਣਾ ਪ੍ਰਸ਼ਾਸਨ ਦਾ ਪੱਕੇ ਤੌਰ ’ਤੇ ਧਾਰਾ 144 ਲਾਉਣ ਦਾ ਨਿਰਦੇਸ਼ ਨਾ ਸਿਰਫ਼ ਗ਼ੈਰਜਮਹੂਰੀ ਅਤੇ ਨਾਗਰਿਕ ਆਜ਼ਾਦੀਆਂ ਨੂੰ ਕੁਚਲਣ ਵਾਲਾ ਹੈ, ਸਗੋਂ ਗ਼ੈਰਕਨੂੰਨੀ ਅਤੇ ਗੈਰ ਸੰਵਿਧਾਨਿਕ ਵੀ ਹੈ ਕਿਉਂਕਿ ਧਾਰਾ 144 ਨਿਸ਼ਚਿਤ ਸਮੇਂ (ਵੱਧ ਤੋਂ ਵੱਧ ਦੋ ਮਹੀਨੇ) ਲਈ ਹੀ ਲਾਈ ਜਾ ਸਕਦੀ ਹੈ। ਮੁਜਾਹਰੇ ਨੂੰ ਪ੍ਰੋ. ਜਗਮੋਹਨ ਸਿੰਘ, ਡੀਪੀ ਮੌੜ, ਰਾਜਵਿੰਦਰ, ਤਰਸੇਮ ਜੋਧਾਂ, ਕਰਮਜੀਤ ਕੋਟਕਪੁਰਾ, ਕੰਵਲਜੀਤ ਖੰਨਾ, ਗੁਰਨਾਮ ਿਸੰਘ ਦਾਊਦ, ਜਗਦੀਸ਼ ਚੰਦ, ਰਘਬੀਰ ਸਿੰਘ, ਹਰਜਿੰਦਰ ਸਿੰਘ, ਵਿਜੇ ਨਾਰਾਇਣ ਅਤੇ ਜਸਦੇਵ ਸਿੰਘ ਲਲਤੋਂ ਨੇ ਸੰਬਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਾਲੇ ਕਾਨੂੰਨਾਂ ਰਾਹੀਂ ਲੋਕਾਂ ਦੇ ਜਮਹੂਰੀ ਹੱਕਾਂ ਅਤੇ ਨਾਗਰਿਕ ਆਜ਼ਾਦੀਆਂ ਨੂੰ ਕੁਚਲਣ ਦੇ ਰਾਹ ’ਤੇ ਤੇਜ਼ੀ ਨਾਲ਼ ਅੱਗੇ ਵੱਧ ਰਹੀਆਂ ਹਨ। ਦੇਸ਼ ਦੇ ਸਰਮਾਏਦਾਰਾਂ ਅਤੇ ਸਾਮਰਾਜੀ ਹਾਕਮਾਂ ਵੱਲੋਂ ਲੋਕਾਂ ਖਿਲਾਫ਼ ਤਿੱਖਾ ਆਰਥਿਕ ਹਮਲਾ ਵਿੱਢਿਆ ਹੋਇਆ ਹੈ ਤੇ ਅਮੀਰੀ-ਗਰੀਬੀ ਦਾ ਪਾੜਾ ਫੈਲਦਾ ਹੀ ਜਾ ਰਿਹਾ ਹੈ। ਰੋਸ ਮੁਜ਼ਾਹਰੇ ਵਿੱਚ ਜਮਹੂਰੀ ਅਧਿਕਾਰ ਸਭਾ, ਬਿਗੁਲ ਮਜ਼ਦੂਰ ਦਸਤਾ, ਇਨਕਲਾਬੀ ਕੇਂਦਰ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ, ਏਟਕ, ਸੀ.ਆਈ.ਟੀ.ਯੂ. (ਸੀਟੂ), ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਿਦਹਾਤੀ ਮਜਦੂਰ ਸਭਾ, ਇਨਕਲਾਬੀ ਲੋਕ ਮੋਰਚਾ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ, ਪੀਪਲਜ਼ ਮੀਡੀਆ ਲਿੰਕ, ਤਰਕਸ਼ੀਲ ਸੁਸਾਇਟੀ, ਨੌਜਵਾਨ ਭਾਰਤ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਆਂਗਨਵਾੜੀ ਮੁਲਾਜ਼ਮ ਯੂਨੀਅਨ, ਟੈਕਸਟਾਈਲ-ਹੌਜ਼ਰੀ ਕਾਮਗਾਰ ਯੂਨੀਅਨ, ਲਾਲ ਝੰਡਾ ਬਜਾਜ ਸੰਨਜ਼ ਮਜ਼ਦੂਰ ਯੂਨੀਅਨ, ਡੈਮੋਕ੍ਰੇਟਿਕ ਲਾਇਰਜ਼ ਐਸੋਸਿਏਸ਼ਨ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਸੀ.ਟੀ.ਯੂ. ਪੰਜਾਬ, ਸਫ਼ਾਈ ਲੇਬਰ ਯੂਨੀਅਨ (ਏਟਕ), ਲਾਲ ਝੰਡਾ ਹੀਰੋ ਸਾਈਕਲ ਮਜ਼ਦੂਰ ਯੂਨੀਅਨ, ਕਾਰਖਾਨਾ ਮਜ਼ਦੂਰ ਯੂਨੀਅਨ, ਮਿਊਂਸੀਪਲ ਵਰਕਰਜ਼ ਯੂਨੀਅਨ (ਏਟਕ), ਗੌਰਮਿੰਟ ਟੀਚਰਜ਼ ਯੂਨੀਅਨ, ਰੇਲਵੇ ਪੈਸ਼ਨਰਜ਼ ਐਸੋਸੀਏਸ਼ਨ, ਪੰਜਾਬ ਰੋਡ ਮੋਟਰ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ), ਉਸਾਰੀ ਮਜ਼ਦੂਰਾਂ ਅਤੇ ਔਰਤਾਂ ਦੀਆਂ ਕਈ ਜਥੇਬੰਦੀਆਂ ਨੇ ਹਿੱਸਾ ਲਿਆ।

Scroll To Top