Now Reading
ਤੇਲ ਕੀਮਤਾਂ ’ਚ ਵਾਧੇ ਖਿਲਾਫ਼ ਪੁਤਲੇ ਫੂਕੇਗੀ ਆਰਐਮਪੀਆਈ

ਤੇਲ ਕੀਮਤਾਂ ’ਚ ਵਾਧੇ ਖਿਲਾਫ਼ ਪੁਤਲੇ ਫੂਕੇਗੀ ਆਰਐਮਪੀਆਈ

ਬਠਿੰਡਾ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮਪੀਆਈ) ਨੇ ਨਿੱਤ ਛਾਲਾਂ ਮਾਰ ਕੇ ਵਧ ਰਹੀ ਮਹਿੰਗਾਈ ਅਤੇ ਭਿਆਨਕਤਾ ਦੀਆਂ ਹੱਦਾਂ ਪਾਰ ਕਰ ਗਈ ਬੇਰੁਜ਼ਗਾਰੀ ’ਤੇ ਕਾਬੂ ਪਾਉਣ ’ਚ ਨਾਕਾਮ ਰਹਿਣ ’ਤੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਰੁੱਧ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦੋਹਾਂ ਹਕੂਮਤਾਂ ਦੇ ਪੁਤਲੇ ਸਾੜੇ ਜਾਣਗੇ। ਇਹ ਫੈਸਲਾ ਇਥੇ ਸੂਬਾ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਸਕੱਤਰੇਤ ਦੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਵਿੱਚ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਪੰਜਾਬ ਰਾਜ ਕਮੇਟੀ ਦੇ ਸਕੱਤਰ ਸਾਥੀ ਹਰਕੰਵਲ ਸਿੰਘ ਨੇ ਦੱਸਿਆ ਕਿ ਸਕੱਤਰੇਤ ਦੀ ਇਹ ਸਪੱਸ਼ਟ ਰਾਇ ਹੈ ਕਿ ਭਾਰਤ ਦੀ ਸੈਂਕੜੇ ਕਰੋੜ ਵਸੋਂ ਨੂੰ ਭੁੱਖਮਰੀ ਦੀ ਕਗਾਰ ’ਤੇ ਪਹੁੰਚਾਉਣ ਵਾਲੀ ਮਹਿੰਗਾਈ ਦਾ ਮੂਲ ਕਾਰਨ, ਜ਼ਖੀਰੇਬਾਜਾਂ ਅਤੇ ਕਾਲਾਬਾਜ਼ਾਰੀਆਂ ਨੂੰ ਮਨਮਰਜ਼ੀ ਦੀ ਲੁੱਟ ਮਚਾਉਣ ਦੀਆਂ ਹਕੂਮਤਾਂ ਵੱਲੋਂ ਦਿੱਤੀਆਂ ਜਾਂਦੀਆਂ ਖੁੱਲ੍ਹੀਆਂ ਛੁੱਟੀਆਂ ਹਨ ਪਰ ਤੇਲ ਕੰਪਨੀਆਂ ਦੇ ਮੁਨਾਫੇ ਵਧਾਉਣ ਦੀ ਸਰਕਾਰੀ ਨੀਤੀ ਅਤੇ ਤਰ੍ਹਾਂ-ਤਰ੍ਹਾਂ ਦੇ ਟੈਕਸਾਂ/ਸੈੱਸਾਂ ਰਾਹੀਂ ਕੇਂਦਰੀ ਅਤੇ ਸੂਬਾਈ ਸਰਕਾਰਾਂ ਵੱਲੋਂ ਕੀਤੀ ਜਾਂਦੀ ਪ੍ਰਸ਼ਾਸਕੀ ਲੁੱਟ ਸਦਕਾ ਲਗਭਗ ਹਰ ਰੋਜ਼ ਵੱਧਦੇ ਡੀਜ਼ਲ/ਪੈਟਰੋਲ ਦੇ ਰੇਟ ਵੀ ਮਹਿੰਗਾਈ ਦਾ ਵੱਡਾ ਕਾਰਨ ਹਨ। ਉਨ੍ਹਾਂ ਕਿਹਾ ਕਿ 9 ਤੋਂ 11 ਸਤੰਬਰ ਤੱਕ ਕੀਤੇ ਜਾ ਰਹੇ ਉਕਤ ਐਕਸ਼ਨਾਂ ਦੀ ਕਾਮਯਾਬੀ ਲਈ ਕੋਈ ਕਸਰ ਬਾਕੀ ਨਾ ਛੱਡਣ ਦਾ ਸੱਦਾ ਦਿੱਤਾ ਹੈ।

Scroll To Top