/* SC_TH_END:4.3.24:fc0ffc30 */ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੇ ਖ਼ਿਲਾਫ਼ ਰੋਸ ਪ੍ਰਗਟਾਇਆ – Sangrami Lehar
Now Reading
ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੇ ਖ਼ਿਲਾਫ਼ ਰੋਸ ਪ੍ਰਗਟਾਇਆ

ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੇ ਖ਼ਿਲਾਫ਼ ਰੋਸ ਪ੍ਰਗਟਾਇਆ

ਮਾਨਸਾ : ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੇ ਖ਼ਿਲਾਫ਼ ਅਤੇ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਸਮੁੱਚੇ ਕਰਜ਼ੇ ਖ਼ਤਮ ਕਰਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਦੇ ਕੀਤੇ ਵਾਅਦੇ ਤੋਂ ਮੁੱਕਰਨ ਦੇ ਖ਼ਿਲਾਫ਼ ਪਿੰਡ ਬੱਪੀਆਣਾ ਦੇ ਕਿਸਾਨਾਂ ਵੱਲੋਂ ਜਮਹੂਰੀ ਕਿਸਾਨ ਸਭਾ ਦੇ ਆਗੂ ਜੀਵਨ ਬੱਪੀਆਣਾ ਦੀ ਅਗਵਾਈ ਹੇਠ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਤੇਲ ਕੰਪਨੀਆਂ ਨੂੰ ਮੋਟਾ ਮੁਨਾਫ਼ਾ ਦੇਣ ਵਾਸਤੇ ਸਰਕਾਰ ਨੇ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਮੁਕਤ ਕਰ ਦਿੱਤਾ ਹੈ ਅਤੇ ਖ਼ੁਦ ਸਰਕਾਰ ਵੱਲੋਂ ਵੀ ਤੇਲ ਉੱਪਰ ਭਾਰੀ ਟੈਕਸ ਉਗਰਾਹੇ ਜਾ ਰਹੇ ਹਨ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਤੋ ਪਹਿਲਾਂ ਬਠਿੰਡਾ ਵਿੱਚ ਇੱਕ ਵੱਡੀ ਰੈਲੀ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਗਰ ਕੇਂਦਰ ਵਿੱਚ ਬੀਜੇਪੀ ਦੀ ਸਰਕਾਰ ਬਣੀ ਤਾਂ ਉਹ ਕਿਸਾਨਾਂ ਦੇ ਸਾਰੇ ਕਰਜ਼ੇ ਖ਼ਤਮ ਕਰਨਗੇ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ: ਸਿਫ਼ਾਰਿਸ਼ਾਂ ਨੂੰ ਆਧਾਰ ਮੰਨ ਕੇ ਮੁਨਾਫ਼ੇ ਵਾਲੇ ਦੇਣਗੇ ਪਰ ਹੁਣ ਕੇਂਦਰ ਵਿੱਚ ਮੋਦੀ ਦੀ ਸਰਕਾਰ ਬਣੇ ਨੂੰ 4 ਸਾਲ ਤੋਂ ਵਧ ਦਾ ਸਮਾਂ ਹੋ ਚੁੱਕਾ ਹੈ ਪਰ ਇਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਸਭਾ ਦੇ ਜਨਰਲ ਸਕੱਤਰ ਅਮਰੀਕ ਸਿੰਘ ਫਫੜੇ ਭਾਈਕੇ ਨੇ ਮੰਗ ਕੀਤੀ ਕਿ ਖੇਤੀ ਵਿੱਚ ਵਰਤੇ ਜਾਂਦੇ ਡੀਜ਼ਲ ਉੱਪਰ 50% ਸਬਸਿਡੀ ਦਿੱਤੀ ਜਾਵੇ, ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਨਿਰਵਿਘਨ 16 ਘੰਟੇ ਬਿਜਲੀ ਸਪਲਾਈ ਤੁਰੰਤ ਚਾਲੂ ਕੀਤੀ ਜਾਵੇ ਅਤੇ ਪੂਰੀ ਮਾਤਰਾ ਵਿੱਚ ਨਹਿਰੀ ਪਾਣੀ ਦਿੱਤਾ  ਜਾਵੇ । ਇਸ ਮੌਕੇ ਤੇ ਭੀਖੀ ਬਲਾਕ ਦੇ ਪ੍ਰਧਾਨ ਮੱਘਰ ਸਿੰਘ ਅਤਲਾ, ਬਲਦੇਵ ਸਿੰਘ, ਜਗਸੀਰ ਸਿੰਘ, ਬਿੱਲੂ ਸਿੰਘ, ਜਗਪਾਲ ਸਿੰਘ, ਬਿੱਕਰ ਸਿੰਘ ਅਤੇ ਜੱਗੀ ਸਿੰਘ ਬੱਪੀਆਣਾ ਵੀ ਹਾਜ਼ਰ ਸਨ।

Scroll To Top