ਫਿਲੌਰ : ਅੱਜ ਸ਼ਹੀਦ ਡਾ. ਗੁਰਦਿਆਲ ਸਿੰਘ ਮੁਠੱਡਾ ਦੀ 31 ਵੀਂ ਬਰਸੀ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪਿੰਡ ਮੁਠੱਡਾ ਕਲਾਂ ਵਿਖੇ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਆਰੰਭ ‘ਚ ਸ਼ਹੀਦ ਲਾਟ ‘ਤੇ ਝੰਡਾ ਲਹਿਰਾਉਣ ਦੀ ਰਸਮ ਬਲਾਕ ਸੰਮਤੀ ਮੈਂਬਰ ਅਤੇ ਪਾਰਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਮਾ. ਸ਼ਿੰਗਾਰਾ ਸਿੰਘ ਦੁਸਾਂਝ ਨੇ ਨਿਭਾਈ। ਇਸ ਮੌਕੇ ਸੰਬੋਧਨ ਕਰਦੇ ਹੋਏ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ ਪਾਰਟੀ ਵੱਲੋਂ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਵਿਦਿਆਰਥੀਆਂ ਦੇ ਮਸਲਿਆਂ ਦੇ ਹੱਲ ਕਰਵਾਉਣ ਲਈ ਸਰਕਾਰ ਦਾ ਧਿਆਨ ਖਿੱਚਣ ਲਈ 10 ਦਸੰਬਰ ਜਲੰਧਰ ‘ਚ ਵੱਡੀ ਰੈਲੀ ਕੀਤੀ ਜਾ ਰਹੀ ਹੈ। ਤਹਿਸੀਲ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕਰਦੇ ਹੋਏ ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਰਧਾਂਜਲੀ ਭੇਟ ਕੀਤੀ। ਪਾਰਟੀ ਦੇ ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਨੇ ਮਜ਼ਦੂਰਾਂ ਨਾਲ ਹਰ ਰੋਜ਼ ਦੇ ਮਸਲਿਆਂ ਦੇ ਹੱਲ ਲਈ ਵੱਡੇ ਅੰਦੋਲਨਾਂ ਦੇ ਸੱਦੇ ਵੀ ਦਿੱਤੇ। ਪੀਐਸਐਫ ਦੇ ਸੂਬਾ ਜਨਰਲ ਸਕੱਤਰ ਅਜੈ ਫਿਲੌਰ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜਰਨੈਲ ਫਿਲੌਰ, ਗੁਰਦੀਪ ਗੋਗੀ, ਮੱਖਣ ਸੰਗਰਾਮੀ, ਸਰਪੰਚ ਬਿੱਟੂ ਭਾਰਦਵਾਜੀਆਂ, ਮੇਜਰ ਫਿਲੌਰ, ਮਨਜਿੰਦਰ ਢੇਸੀ, ਡਾ. ਗੁਰਦਿਆਲ ਸਿੰਘ ਮੁਠੱਡਾ ਯਾਦਗਾਰੀ ਸੁਸਾਇਟੀ ਦੇ ਚੇਅਰਮੈਨ ਮਨਮੋਹਣ ਲਾਲ ਸ਼ਰਮਾ, ਮਨਜੀਤ ਸੂਰਜਾ, ਪਰਮਜੀਤ ਬੋਪਾਰਾਏ, ਹਰਦੇਵ ਘੁੜਕਾ, ਗੁਰਜੀਤ ਜੀਤਾ, ਕੁਲਜਿੰਦਰ ਤਲਵਣ, ਸਰਬਜੀਤ ਸੰਗੋਵਾਲ, ਜਗੀਰ ਸਿੰਘ ਨੰਬਰਦਾਰ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।