Now Reading
ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਤਰਨ ਤਾਰਨ : ਜ਼ਿਲ੍ਹੇ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨਾਲ ਮੀਟਿੰਗ ਕੀਤੀ ਜਿਸ ਵਿਚ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਛੇਤੀ ਹੱਲ ਕੀਤੇ ਜਾਣ ਦੀ ਮੰਗ ਉਠਾਈ| ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਜਥੇਬੰਦੀਆਂ ਨੇ ਕਿਸਾਨੀ ਦਾ ਸਾਰਾ ਕਰਜ਼ਾ ਮੁਆਫ ਕੀਤੇ ਜਾਣ,  ਮਾਝਾ ਖਿੱਤੇ ਅੰਦਰ ਟੁੱਟ ਚੁੱਕੇ ਨਹਿਰੀ ਪ੍ਰਬੰਧ ਨੂੰ ਮੁੜ ਉਸਾਰਨ, ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਸਹਾਇਤਾ ਦੇਣ, ਹੜ੍ਹਾਂ, ਅੱਗ, ਗੜ੍ਹੇਮਾਰੀ, ਬਾਰਸ਼ ਆਦਿ ਨਾਲ ਹੋਏ ਨੁਕਸਾਨ ਲਈ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਨੇ ਸਰਕਾਰੀ ਦਫਤਰਾਂ ਵਿਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕੀਤੇ ਜਾਣ ’ਤੇ ਵੀ ਜ਼ੋਰ ਦਿੱਤਾ| ਮੀਟਿੰਗ ਵਿਚ ਕਿਸਾਨ ਜਥੇਬੰਦੀ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਜੈਮਲ ਸਿੰਘ ਬਾਠ, ਕਿਸਾਨ ਸੰਘਰਸ਼ ਕਮੇਟੀ ਪੰਜਾਬ  ਦੇ ਸੂਬਾਈ ਸਕੱਤਰ ਕਰਮਜੀਤ ਸਿੰਘ ਤਲਵੰਡੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਕਿਸਾਨ ਸਭਾ ਦੇ ਪਾਲ ਸਿੰਘ ਜਾਮਾਰਾਏ ਆਦਿ ਨੇ ਵੀ ਮੁੱਦੇ ਉਠਾਏ। ਕਿਸਾਨ ਆਗੂ ਦਵਿੰਦਰ ਸੋਹਲ, ਭੁਪਿੰਦਰ ਸਿੰਘ ਪੰਡੋਰੀ ਤੱਖਤਮੱਲ, ਜਸਬੀਰ ਸਿੰਘ ਗੰਡੀਵਿੰਡ ਅਤੇ ਮਨਜੀਤ ਸਿੰਘ ਬੱਗੂ ਨੇ ਵੀ ਕਿਸਾਨੀ ਮੰਗਾਂ ਦੇ ਮੰਨੇ ਜਾਣ ’ਤੇ ਜ਼ੋਰ ਦਿੱਤਾ।

Scroll To Top