ਕਾਹਨੂੰਵਾਨ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਕੀਤੇ ਵਾਅਦਿਆਂ ਅਤੇ ਦਾਅਵਿਆਂ ਦੇ ਬਾਵਜੂਦ ਅਜੇ ਤੱਕ 6 ਘੰਟੇ ਬਿਜਲੀ ਮਿਲ ਰਹੀ ਹੈ। ਇਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਬਾਗੜੀਆਂ ਅਤੇ ਮਾਸਟਰ ਪ੍ਰਕਾਸ਼ ਸਿੰਘ ਕਾਹਨੂੰਵਾਨ ਨੇ ਮੀਟਿੰਗ ਤੋਂ ਬਾਅਦ ਲਿਖਤੀ ਪ੍ਰੈੱਸ ਬਿਆਨ ਰਾਹੀਂ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਲਈ ਪਾਬੰਦ ਕੀਤਾ ਗਿਆ ਸੀ। ਸਰਕਾਰ ਦੇ ਇਸ ਐਲਾਨ ਦਾ ਸਾਥ ਦਿੰਦਿਆਂ ਹਲਕੇ ਵਿੱਚ ਕਿਸੇ ਵੀ ਕਿਸਾਨ ਵੱਲੋਂ 20 ਜੂਨ ਤੋਂ ਪਹਿਲਾਂ ਝੋਨਾ ਨਹੀਂ ਲਗਾਇਆ ਗਿਆ। ਪਰ ਪਾਵਰਕੌਮ ਵੱਲੋਂ ਉਨ੍ਹਾਂ ਨੂੰ ਟਿਊਬਵੈੱਲਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੀ ਬਜਾਏ 6 ਘੰਟੇ ਦੇ ਕੇ ਹੀ ਬੁੱਤਾ ਸਾਰ ਰਹੀ ਹੈ। ਉਨ੍ਹਾਂ ਨੇ ਇਹ ਵੀ ਰੋਸ ਜ਼ਾਹਿਰ ਕੀਤਾ ਕਿ ਜੋ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਉਹ ਵੀ ਨਿਰਵਿਘਨ ਸਪਲਾਈ ਦੇਣ ਦੀ ਬਜਾਏ ਘੰਟੇ-ਦੋ ਘੰਟੇ ਬਾਅਦ ਕੱਟ ਲਗਾ ਕੇ ਦਿੱਤੀ ਜਾ ਰਹੀ ਹੈ। ਬਿਜਲੀ ਸਪਲਾਈ ਦੌਰਾਨ ਲਗਾਏ ਜਾਣ ਵਾਲੇ ਕੱਟਾਂ ਕਾਰਨ ਵੀ ਕਿਸਾਨਾਂ ਨੂੰ ਆਪਣਾ ਸਮਾਂ ਬਰਬਾਦ ਕਰਨ ਦੇ ਨਾਲ ਨਾਲ ਕਈ ਪ੍ਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਐਸਡੀਓ ਕਾਹਨੂੰਵਾਨ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ ਪਾਵਰਕੌਮ ਵੱਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਸਬਡਿਵੀਜ਼ਨ ਕਾਹਨੂੰਵਾਨ ਵਿੱਚ ਧਰਨਾ ਲਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕਰਨੈਲ ਸਿੰਘ, ਅਮੋਲਕ ਸਿੰਘ ਆਦਿ ਵੀ ਮੌਜੂਦ ਸਨ।