ਬਠਿੰਡਾ, 13 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਜਨਤਕ ਜੱਥੇਬੰਦੀਆਂ ਅਤੇ ਪੈਨਸ਼ਨਰਜ਼ ਐਸੋਸੀਏਸ਼ਨਾਂ ਦੇ ਕਾਰਕੁੰਨਾਂ ਵਲੋਂ ਸਥਾਨਕ ਬਸ ਸਟੈਂਡ ਵਿਖੇ ਮੋਦੀ ਸਰਕਾਰ ਦੇ ਖੇਤੀ ਨਾਲ ਸਬੰਧਤ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ।
ਇਸ ਮੌਕੇ ਸਮੂਹ ਲੋਕਾਈ ਨੂੰ ਸੱਦਾ ਦਿੱਤਾ ਗਿਆ ਕਿ ਉਹ ਲੋਹੜੀ ਦੀ ਅਗਨੀ ਵਿੱਚ ਤਿਲਾਂ ਦੇ ਨਾਲ ਹੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਦੀ ਆਹੂਤੀ ਦਿੰਦਿਆਂ “ਈਸ਼ਵਰ ਆ ਦਲਿੱਦਰ ਜਾ ਮੋਦੀ ਦੀ ਜੜ੍ਹ ਚੁੱਲ੍ਹੇ ਪਾ” ਦਾ ਨਾਅਰਾ ਬੁਲੰਦ ਕਰਨ। ਇਸ ਮੌਕੇ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਵਿੱਤ ਸਕੱਤਰ ਸਾਥੀ ਮਹੀਪਾਲ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਦਰਸ਼ਨ ਸਿੰਘ ਮੌੜ ਤੇ ਸੀਨੀਅਰ ਆਗੂ ਹਰਜਸ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਨਾਇਬ ਸਿੰਘ ਔਲਖ, ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਕਿਸ਼ੋਰ ਚੰਦ ਗਾਜ਼, ਸੀਵਰੇਜ ਬੋਰਡ ਇੰਪਲਾਈਜ਼ ਯੂਨੀਅਨ ਦੇ ਸੀਨੀਅਰ ਆਗੂ ਸਾਥੀ ਮੱਖਣ ਸਿੰਘ ਖਣਗਵਾਲ, ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸਿਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਕਿੰਗਰਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲ੍ਹਾ ਆਗੂ ਸੁਖਚੈਨ ਸਿੰਘ, ਪੀ ਆਰ ਟੀ ਸੀ ਵਰਕਰਜ਼ ਯੂਨੀਅਨ ਆਜ਼ਾਦ ਦੇ ਪਰਧਾਨ ਰਵਿੰਦਰ ਸਿੰਘ, ਗੁਰਬਚਨ ਸਿੰਘ ਜੱਸੀ,ਜਮਹੂਰੀ ਅਧਿਕਾਰ ਸਭਾ ਦੇ ਪ੍ਰਿੰਸੀਪਲ ਰਣਜੀਤ ਸਿੰਘ ਸਿੱਧੂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਦਰਸ਼ਨ ਸਿੰਘ ਜੋਗਾਨੰਦ, ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਅਮ੍ਰਿਤ ਪਾਲ ਸਿੰਘ, ਸੀਟੀਯੂ ਦੇ ਮਲਕੀਤ ਸਿੰਘ ਮਹਿਮਾ ਸਰਜਾ ਨੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ਨੂੰ ਤਨਦੇਹੀ ਨਾਲ ਲਾਗੂ ਕਰਨ ਦਾ ਐਲਾਨ ਕੀਤਾ।
ਬੁਲਾਰਿਆਂ ਨੇ ਸੱਦਾ ਦਿੱਤਾ ਕਿ 18 ਜਨਵਰੀ ਨੂੰ ਵਿਸ਼ਾਲ ਇਸਤਰੀ ਸਭਾਵਾਂ ਕੀਤੀਆਂ ਜਾਣ, 20 ਜਨਵਰੀ ਨੂੰ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਫਤਹਿ ਦਿਵਸ ਵਜੋਂ ਮਨਾਇਆ ਜਾਵੇ, 23 ਜਨਵਰੀ ਨੂੰ ਕੌਮੀ ਰਾਜਧਾਨੀ ਦਿੱਲੀ ਵਿਖੇ ਕੀਤੀ ਜਾ ਰਹੀ ਇਤਿਹਾਸਕ ਟਰੈਕਟਰ ਪਰੇਡ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇ।
ਬੁਲਾਰਿਆਂ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਲਿੱਚ ਗੜਿੱਚੀਆਂ ਛੱਡ ਕੇ ਕਿਸਾਨ ਵਿਰੋਧੀ-ਖਪਤਕਾਰ ਵਿਰੋਧੀ, ਲੋਕ ਮਾਰੂ ਕਾਲੇ ਕਾਨੂੰਨ ਰੱਦ ਕਰੇ।
