
ਰਾਏਕੋਟ: ਸੰਯੁਕਤ ਕਿਸਾਨ ਮੋਰਚੇ ਵੱਲੋ 26 ਨਵੰਬਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਕੀਤੀ ਜਾਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਕਿਸਾਨਾਂ ਵੱਲੋਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਟੀਮ ਵੱਲੋ ਰਾਏਕੋਟ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਚੰਡੀਗੜ੍ਹ ਰੈਲੀ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਤ ਕੀਤਾ। ਇਸ ਮੌਕੇ ਪਿੰਡ ਸਹਿਵਾਜਪੁਰਾ ‘ਚ ਬਾਬਾ ਦੁੱਲਾ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਇਹ ਮਹਾਂ ਰੈਲੀ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਮੀਲ ਪੱਥਰ ਸਾਬਿਤ ਹੋਵੇਗੀ। ਉਹਨਾਂ ਕਿਹਾ ਕਿ ਰੈਲੀ ਵਿੱਚ ਸ਼ਾਮਿਲ ਹੋਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦਰਸ਼ਣ ਸਿੰਘ ਸਹਿਵਾਜਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਗੁਰਦੀਪ ਸਿੰਘ ਕਲਸੀ, ਕੁਲਦੀਪ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਏਕੋਟ ਇਲਾਕੇ ਦੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਸ ਰੈਲੀ ਦਾ ਹਿੱਸਾ ਬਣਨਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਸ਼ਵਿੰਦਰ ਸਿੰਘ ਤਲਵੰਡੀ ਰਾਏ, ਮੇਜਰ ਸਿੰਘ, ਕੁਲਵੀਰ ਸਿੰਘ ਵੀ ਹਾਜ਼ਰ ਸਨ।