
ਰਾਏਕੋਟ: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਾਂਝੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਕਿ 8 ਦਸੰਬਰ ਨੂੰ ਬਿਜਲੀ ਬਿੱਲ 2025 ਨੂੰ ਰੱਦ ਕਰਵਾਉਣ ਲਈ ਜ਼ਿਲ੍ਹੇ ਵਿੱਚ ਬਿਜਲੀ ਬੋਰਡ ਦੀਆਂ ਸਾਰੀਆਂ ਸਬ ਡਵੀਜ਼ਨ ਉੱਪਰ ਬਿੱਲ ਦੀਆਂ ਕਾਪੀਆਂ ਸਾੜਕੇ ਅਤੇ ਧਰਨੇ ਮਾਰਕੇ ਇਸ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਕਿ ਇਹਨਾ ਵਿਰੋਧ ਪ੍ਰਦਰਸ਼ਨਾਂ ਦੀ ਤਿਆਰੀ ਲਈ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਗਲੀ ਮੁਹੱਲਿਆਂ ਵਿੱਚ ਮੀਟਿੰਗਾਂ ਕਰਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਭਾਂਡਾ ਭੰਨਿਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਬਿਜਲੀ ਬੋਰਡ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਸੰਯੁਕਤ ਮੋਰਚੇ ਵੱਲੋ ਸਾਂਝੇ ਤੌਰ ‘ਤੇ ਕੀਤਾ ਜਾਵੇਗਾ। ਮੀਟਿੰਗ ਵਿੱਚ ਆਗੂਆਂ ਨੇ ਆਮ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।
ਅੱਜ ਦੀ ਮੀਟਿੰਗ ਵਿੱਚ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਤੋਂ ਇਲਾਵਾ ਆਲ ਇੰਡੀਆ ਕਿਸਾਨ ਸਭਾ (1936) ਦੇ ਚਮਕੌਰ ਸਿੰਘ ਬਰਮੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ, ਕਿਰਤੀ ਕਿਸਾਨ ਯੂਨੀਅਨ ਦੇ ਸਾਧੂ ਸਿੰਘ ਅੱਚਰਵਾਲ, ਭਾਰਤੀ ਕਿਸਾਨ ਯੂਨੀਅਨ ਡਕੌਦਾ (ਬੁਰਜਗਿੱਲ) ਦੇ ਸਤਵੀਰ ਸਿੰਘ ਰਾਏ, ਭਾਰਤੀ ਕਿਸਾਨ ਯੂਨੀਅਨ ਡਕੌਦਾ (ਧਨੇਰ) ਦੇ ਹਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੁਦਾਗਰ ਸਿੰਘ, ਆਲ ਇੰਡੀਆਂ ਕਿਸਾਨ ਸਭਾ (ਹੱਨਨ ਮੁੱਲਾ) ਦੇ ਮੁਖ਼ਤਿਆਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਕਾਂਸੀਆਂ) ਦੇ ਅਮਰ ਸਿੰਘ ਤਲਵੰਡੀ, ਟੀ ਐਸ ਯੂ ਦੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
