Now Reading
8 ਦਸੰਬਰ ਨੂੰ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦੀਆਂ ਕਾਪੀਆਂ ਨੂੰ ਲਾਈ ਜਾਵੇਗੀ ਅੱਗ

8 ਦਸੰਬਰ ਨੂੰ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦੀਆਂ ਕਾਪੀਆਂ ਨੂੰ ਲਾਈ ਜਾਵੇਗੀ ਅੱਗ

ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਪਿਛਲੇ ਸਮੇਂ ਵਿੱਚ ਵਿਛੜੇ ਸਾਥੀਆਂ ਡਾ. ਬਲਵਿੰਦਰ ਸਿੰਘ ਛੇਹਰਟਾ, ਮਾ. ਦਲੀਪ ਸਿੰਘ, ਲੱਖਾ ਸਿੰਘ ਪੰਡੋਰੀ, ਗੁਰਮੇਜ ਕੌਰ ਫੈਰੋਕੇ ਅਤੇ ਗਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦੇ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋ ਕੀਤੀ ਗਈ ਸਫਲ ਰੈਲੀ ਲਈ ਸਮੁਚੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ ਦੀ ਸਫਲਤਾ ਨਾਲ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਨੂੰ ਠੱਲ ਪਵੇਗੀ। ਉਹਨਾਂ ਸੂਬਾ ਤੇ ਕੇਂਦਰ ਸਰਕਾਰ ਵੱਲੋ ਪਹਿਲਾ ਡੀਏਪੀ ਖਾਦ ਦਾ ਪ੍ਰਬੰਧ ਨਾ ਕਰਨਾ ਤੇ ਹੁਣ ਯੂਰੀਏ ਦੀ ਨਕਲੀ ਥੁੜ ਪੈਦਾ ਕਰਕੇ ਕਿਸਾਨਾਂ ਦੀ ਆਰਥਿਕ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਜੇ ਕਿਸਾਨਾਂ ਦੀ ਲੁੱਟ ਬੰਦ ਨਾ ਕਰੀ ਅਤੇ ਖਾਦਾਂ ਦੇ ਨਾਲ ਵਾਧੂ ਸਮਾਨ ਜ਼ਬਰਦਸਤੀ ਦੇਣਾ ਬੰਦ ਨਾ ਕੀਤਾ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਹਨਾਂ ਪੰਚਾਇਤੀ ਜ਼ਮੀਨਾਂ ਨੂੰ ਜਬਰੀ ਖੋਹ ਕੇ ਵੇਚਣ ਦੇ ਸਰਕਾਰ ਦੇ ਮਨਸੂਬਿਆਂ ਦੀ ਨਿੰਦਾ ਕੀਤੀ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੂੰ ਮਾਣਮੱਤੀ ਸੰਸਥਾ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ। ਹਾਜ਼ਰ ਮੈਂਬਰਾਂ ਨੇ ਆਖਿਆ ਕਿ ਸੰਧੂ ਦੇ ਪ੍ਰਧਾਨ ਚੁਣੇ ਜਾਣ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਫਖਰ ਮਹਿਸੂਸ ਕਰਦੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦਾ 8 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋ ਬਿਜਲੀ ਬੋਰਡ ਦੀਆਂ ਸਬ ਡਵੀਜ਼ਨਾਂ ਉੱਪਰ ਬਿੱਲ ਦੀਆਂ ਕਾਪੀਆਂ ਨੂੰ ਸਾੜ ਕੇ ਦੁਪਹਿਰ 12 ਵਜੇ ਤੋਂ ਲੈਕੇ 3 ਵਜੇ ਸ਼ਾਮ ਤੱਕ ਧਰਨੇ ਮਾਰੇ ਜਾਣਗੇ। ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਵਿੱਚ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਉਹਨਾਂ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ 19 ਦਸੰਬਰ ਨੂੰ ਲੁਧਿਆਣਾ ਵਿਖੇ ਜਲ੍ਹ ਸਰੋਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਮਾਰ ਕੇ ਦਰਿਆਵਾਂ ਦੇ ਕੰਢੇ ਮਜਬੂਤ ਕਰਨ, ਦਰਿਆ ਅੰਦਰ ਹੋ ਰਹੀ ਨਾਜਾਇਜ਼ ਮਾਈਨਿੰਗ ਰੋਕਣ ਅਤੇ ਦਰਿਆਵਾਂ ਵਿੱਚ ਖੇਤੀ ਕਰ ਰਹੇ ਕਿਸਾਨਾਂ ਨੂੰ ਭੇਜੇ ਗਏ ਨੋਟਿਸਾਂ ਦਾ ਵਿਰੋਧ ਦੀ ਮੰਗ ਕੀਤੀ ਜਾਵੇਗੀ। ਇਸੇ ਤਰਾਂ ਹੜ੍ਹ ਪੀੜਤਾਂ ਦੀਆਂ ਮੰਗਾਂ ਲਈ 23 ਦਸੰਬਰ ਨੂੰ ਤਰਨ ਤਾਰਨ ਵਿੱਚ ਰੋਸ ਪ੍ਰਦਰਸ਼ਨ ਕਰਕੇ ਹੜ੍ਹ ਪੀੜਤਾਂ ਦੇ ਮੁੜ ਵਿਸੇਵੇ ਦੀ ਮੰਗ ਕੀਤੀ ਜਾਵੇਗੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡਾਂ ਵਿੱਚ ਮੈਂਬਰਸ਼ਿਪ ਕਰਕੇ ਇਕਾਈਆਂ ਦੇ ਗਠਨ ਦੀ ਵਿਉਂਤਬੰਦੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸਭਾ ਵੱਲੋਂ ਪਿਛਲੇ ਸਮੇਂ ਵਿੱਚ ਕੀਤੀ ਗਈ ਮੈਬਰਸ਼ਿਪ ਉੱਪਰ ਹਾਜ਼ਰ ਮੈਂਬਰਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਭਾ ਦੇ ਸੂਬਾਈ ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ ਵੱਲੋ ਪਿਛਲੇ ਇੱਕਤਰ ਹੋਏ ਫੰਡ ਅਤੇ ਖਰਚ ਦਾ ਹਿਸਾਬ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Scroll To Top