
ਸਰਹਾਲੀ ਕਲਾਂ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਡਵੀਜ਼ਨ ਸਰਹਾਲੀ ਕਲਾਂ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਲਿਆਂਦੇ ਗਏ ਬਿੱਜਲੀ ਬਿੱਲ, ਬੀਜ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਮੌਕੇ ਜਾਣਕਾਰੀ ਦਿੰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਦਾਰਾ ਸਿੰਘ ਮੁੰਡਾ ਪਿੰਡ ਤੇ ਕੈਪਟਨ ਸਿੰਘ ਕਾਹਲਵਾਂ, ਅੰਮ੍ਰਿਤਪਾਲ ਸਿੰਘ ਚੌਧਰੀ ਵਾਲਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਪਨੂੰ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਘੜਕਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਜਰਨਲ ਸਕੱਤਰ ਦੇਵੀ ਕੁਮਾਰੀ ਤੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾਂ , ਕੌਮੀ ਕਿਸਾਨ ਯੂਨੀਅਨ ਦੇ ਆਗੂ ਸੂਬੇਦਾਰ ਤਾਰਾ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਪਰਮਜੀਤ ਸਿੰਘ ਚੋਹਲਾ ਸਾਹਿਬ ਤੇ ਬਲਵਿੰਦਰ ਸਿੰਘ ਦੇਦਹਰ ਸਾਹਿਬ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਕੇਂਦਰ ਸਰਕਾਰ ਦਾ ਲੋਕਾਂ ਵਿਰੁੱਧ ਇੱਕ ਵੱਡਾ ਹਮਲਾ ਕਰਾਰ ਦਿੰਦਿਆਂ ਇਸਨੂੰ ਵਾਪਸ ਕਰਵਾਉਣ ਲਈ ਤਾਲਮੇਲਵੇ ਸੰਘਰਸ਼ਾਂ ਰਾਹੀਂ ਜਨਤਕ ਲਹਿਰ ਖੜੀ ਕਰਨ ਦਾ ਫੈਸਲਾ ਕੀਤਾ ਗਿਆ। ਬਿਜਲੀ ਨੂੰ ਜਨਤਕ ਹਿੱਤ ਦੀ ਵਸਤੂ ਵਜੋਂ ਸਮਝਦਿਆਂ ਸਰਕਾਰਾਂ ਨੇ ਸਰਕਾਰੀ ਬਿਜਲੀ ਅਦਾਰੇ ਅਤੇ ਢਾਂਚਾ ਖੜ੍ਹਾ ਕੀਤਾ ਸੀ। ਆਰਥਿਕ ਉਦਾਰੀਕਰਨ ਦੀਆਂ ਨੀਤੀਆਂ ਕਾਰਨ ਸਰਕਾਰਾਂ ਦੀ ਇਹ ਨੀਤੀ ਬਦਲ ਗਈ। ਹੁਣ ਬਿਜਲੀ ਨੂੰ ਮੰਡੀ ਦੀ ਵਸਤੂ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਤਾਂ ਇਸ ਸਬੰਧੀ ਕਾਰਪੋਰੇਟ ਘਰਾਣਿਆਂ ਦੇ ਸਾਹਮਣੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ। ਬਿਜਲੀ ਸੋਧ ਬਿੱਲ 2025 ਬਿਜਲੀ ਦੇ ਵੰਡ ਖੇਤਰ ਦੇ ਨਿਜੀਕਰਨ ਦੀ ਕਾਰਪੋਰੇਟ ਦੀ ਲੋੜ ਨੂੰ ਪੂਰਾ ਕਰੇਗਾ ਜਿਸ ਕਾਰਨ ਦੇਸ਼ ਦੇ ਕਰੋੜਾਂ ਖਪਤਕਾਰਾਂ ਨੂੰ ਪ੍ਰਾਈਵੇਟ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਬਣਾਇਆ ਜਾਵੇਗਾ। ਬਿਜਲੀ ਸੋਧ ਬਿੱਲ ਵਾਪਸ ਲੈਣ, ਸਮਾਰਟ ਚਿੱਪ ਮੀਟਰ ਵਾਪਸ ਲੈਣ ਦੀ ਮੰਗ ਵੀ ਕੀਤੀ। ਨਾਲ ਹੀ ਸਰਕਾਰੀ ਅਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਨੂੰ ਵੇਚਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਵੀ ਲੋਕ ਵਿਰੋਧੀ ਕਦਮ ਦੱਸਦਿਆਂ ਇਸ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਅਤੇ ਸੀਡ ਬਿੱਲ 2025 ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੀਆਂ ਕਠਪੁਤਲੀਆਂ ਬਣ ਕੇ ਫ੍ਰੀ ਟਰੇਡ ਸਮਝੌਤੇ ਅਮਰੀਕਾ ਸਾਮਰਾਜਵਾਦ ਦੇ ਦਬਾ ਹੇਠ ਦੇਸ਼ ਦੇ ਮਿਹਨਤਕਸ਼ ਲੋਕਾਂ ਨਾਲ ਦਗਾ ਕਮਾਇਆ ਜਾ ਰਿਹਾ ਹੈ। ਬੀ ਜੇ ਪੀ ਸਰਕਾਰ ਵੱਲੋਂ ਲਿਆਂਦੇ ਗਏ ਇਹ ਬਿੱਲ ਲੋਕਾਂ ਨੂੰ ਉਜਾੜ ਦੇਣਗੇ ਇਸ ਕਰਕੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਯੋਗਦਾਨ ਪਾਉਣ ਦਾ ਆਗੂਆਂ ਨੇ ਸੱਦਾ ਦਿੱਤਾ।