
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮਤਾ ਪਾਸ ਕਰਕੇ ਅਮਰੀਕਾ ਵੱਲੋ ਵੈਨਜੁਏਲਾ ਉੱਪਰ ਕੀਤੇ ਹਮਲੇ ਦੀ ਨਿਖੇਧੀ ਕਰਕੇ ਉੱਥੇ ਦੇ ਗ੍ਰਿਫਤਾਰ ਕੀਤੇ ਗਏ ਰਾਸ਼ਟਰਪਤੀ ਤੇ ਉਸ ਦੇ ਪਰਿਵਾਰ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਮਨਰੇਗਾ ਕਾਨੂੰਨ ਬਦਲਣ, ਚਾਰ ਲੇਬਰ ਕੋਡ ਲਾਗੂ ਕਰਨ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦੇ ਵਿਰੋਧ ਵਿੱਚ 16 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਮਾਰਕੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਧਰਨਿਆਂ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਦਿਹਾਤੀ ਮਜ਼ਦੂਰ, ਕਾਰਖਾਨਿਆਂ ਦੇ ਮਜ਼ਦੂਰ, ਮੁਲਾਜ਼ਮ, ਨੌਜਵਾਨ, ਵਿਦਿਆਰਥੀ ਤੇ ਔਰਤਾਂ ਦੀਆਂ ਜਥੇਬੰਦੀਆਂ ਵੀ ਵੱਡੇ ਪੱਧਰ ਤੇ ਸ਼ਮੂਲੀਅਤ ਕਰਨਗੀਆਂ। ਉਹਨਾਂ ਕਿਹਾ ਕਿ ਇਸ ਦੀ ਤਿਆਰੀ ਲਈ 10 ਜਨਵਰੀ ਨੂੰ ਸਾਰੀਆਂ ਜਥੇਬੰਦੀਆਂ ਦੀਆਂ ਸਾਂਝੀਆਂ ਮੀਟਿੰਗਾਂ ਕਰਕੇ ਰੋਸ ਪ੍ਰਦਰਸ਼ਨਾਂ ਦੀ ਤਿਆਰੀ ਹੋਰ ਤੇਜ਼ ਕਰ ਦਿੱਤੀ ਜਾਵੇਗੀ। ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਲੁਧਿਆਣਾ ਜ਼ਿਲ੍ਹੇ ਦੇ 110 ਪਿੰਡਾਂ ਨੂੰ ਸ਼ਹਿਰ ਦੇ ਵਿੱਚ ਮਰਜ ਕਰਨ ਦੀ ਨਿਖੇਧੀ ਕਰਦਿਆਂ ਆਖਿਆ ਕਿ ਇਹ ਲੈਡ ਪੂਲਿੰਗ ਨੀਤੀ ਵਰਗਾ ਹੀ ਕਦਮ ਹੈ, ਜਿਸ ਨੂੰ ਇਹਨਾਂ ਪਿੰਡਾਂ ਦੇ ਲੋਕ ਕਦੇ ਵੀ ਬਰਦਾਸ਼ਤ ਨਹੀ ਕਰਨਗੇ। ਉਹਨਾਂ ਮੰਗ ਕੀਤੀ ਕਿ ਪਿਛਲੇ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਸਰਕਾਰ ਲਾਗੂ ਕਰੇ। ਉਹਨਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇ ਕੇਂਦਰ ਤੇ ਸੂਬਾ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸਤਲੁਜ ਦਰਿਆ ਚੋਂ ਪਾਪੂਲਰ ਪੁੱਟਣ ਦਾ ਕਿਸਾਨਾਂ ਨੂੰ ਆਏ ਨੋਟਿਸਾਂ ਦਾ ਜਵਾਬ ਕਿਸਾਨ ਆਪਣੀ ਜਥੇਬੰਦਕ ਤਾਕਤ ਨਾਲ ਦੇਣਗੇ। ਉਨ੍ਹਾਂ ਕਿਹਾ ਕਿ ਰੇਤਾ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਰੇਤਾ ਚੁਕਣ ਨਾਲ ਅਗਲੇ ਸਾਲ ਨੀਵੇਂ ਥਾਵਾਂ ਤੇ ਪਾਣੀ ਆਉਣ ਨਾਲ ਬੰਨ੍ਹ ਨੂੰ ਫਿਰ ਖ਼ਤਰਾ ਖੜਾ ਹੋਵੇਗਾ।
ਸਭਾ ਦੇ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ 12 ਫਰਵਰੀ ਦੀ ਆਮ ਹੜਤਾਲ ਵਿੱਚ ਸ਼ਾਮਲ ਹੋਵੇਗੀ। ਉਹਨਾਂ ਕਿਹਾ ਕਿ ਮਹਾਨ ਦੇਸ਼ ਭਗਤ ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਵੀ 23 ਫਰਵਰੀ ਨੂੰ ਮਨਾਇਆ ਜਾਵੇਗਾ।