
ਜਲੰਧਰ: ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਰਤੀ ਆਰ ਐੱਮ ਪੀ ਆਈ ਦੇ ਆਗੂ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ ਵਿਚਾਰ ਚਰਚਾ ਉਪਰੰਤ ਫਰੰਟ ਦੇ ਸੂਬਾ ਸੱਦੇ ਤਹਿਤ 22 ਜੂਨ ਨੂੰ ਬਾਬਾ ਵਿਸ਼ਨੂੰ ਗਣੇਸ਼ ਪਿੰਗਲਾ ਹਾਲ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕਰਨ ਅਤੇ ਉਸ ਤੋਂ ਬਾਅਦ ਸ਼ਹਿਰ ਵਿੱਚ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਫਰੰਟ ਚ ਸ਼ਾਮਲ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਨਿਊ ਡੈਮੋਕ੍ਰੇਸੀ ਦੇ ਜ਼ਿਲ੍ਹਾ ਆਗੂ ਹੰਸ ਰਾਜ ਪੱਬਵਾਂ, ਕਸ਼ਮੀਰ ਸਿੰਘ ਘੁੱਗਸ਼ੋਰ, ਆਰ ਐੱਮ ਪੀ ਆਈ ਦੇ ਦਰਸ਼ਨ ਨਾਹਰ, ਮਨੋਹਰ ਸਿੰਘ ਗਿੱਲ, ਬਲਦੇਵ ਸਿੰਘ ਨੂਰਪੁਰੀ, ਨਿਰਮਲ ਸਿੰਘ ਮਲਸੀਆਂ ਸ਼ਾਮਿਲ ਹੋਏ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਰਛਪਾਲ ਕੈਲੇ ਨੇ ਕੀਤੇ ਜਾ ਰਹੇ ਮੁਜ਼ਾਹਰੇ ਨਾਲ ਸਹਿਮਤੀ ਪ੍ਰਗਟ ਕੀਤੀ।
ਇਸ ਮੌਕੇ ਆਗੂਆਂ ਕਿਹਾ ਕਿ ਸੰਘ ਪਰਿਵਾਰ ਦੇ ਫਿਰਕੂ-ਫਾਸ਼ੀ ਏਜੰਡੇ ਤਹਿਤ ਕੇਂਦਰ ਦੀ ਫਾਸ਼ੀਵਾਦੀ ਮੋਦੀ ਸਰਕਾਰ ਵਲੋਂ ਆਮ ਲੋਕਾਂ, ਖਾਸ ਕਰਕੇ ਕਿਰਤੀ ਵਸੋਂ ਦੀ ਰੋਜ਼ੀ-ਰੋਟੀ ‘ਤੇ ਕੀਤੇ ਜਾ ਰਹੇ ਆਰਥਿਕ ਮਾਰੂ ਹੱਲਿਆਂ ਵਿਰੁੱਧ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵਲੋਂ ਇਹ ਮੁਜ਼ਾਹਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਰਾਹੀਂ ਦੇਸ਼ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ. ਜਾਂ ਸੰਘ) ਵਲੋਂ ਫਿਰਕੂ ਤੇ ਜਾਤੀਵਾਦੀ ਵੰਡ ਤਿੱਖੀ ਕਰਨ ਲਈ ਦੇਸ਼ ਭਰ ‘ਚ ਮੁਸਲਮਾਨ ਤੇ ਈਸਾਈ ਘੱਟ ਗਿਣਤੀ ਵਸੋਂ ਅਤੇ ਦਲਿਤਾਂ ਦੇ ਕੀਤੇ ਜਾ ਰਹੇ ਘਿਨੌਣੇ ਕਤਲਾਂ,ਵਿਉਂਤਬੱਧ ਨਫਰਤੀ ਕੂੜ ਪ੍ਰਚਾਰ ਅਤੇ ਸਮਾਜਿਕ ਜਬਰ ਤੇ ਵਿਤਕਰੇ ਦਾ ਫਰੰਟ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸੰਘ ਪ੍ਰੀਵਾਰ ਦੇ ਗੁਰਗੇ ਔਰਤਾਂ ਖਿਲਾਫ ਦੇਸ਼ ਭਰ ‘ਚ ਹੌਲਨਾਕ ਜ਼ੁਲਮ ਕਮਾ ਰਹੇ ਹਨ। ਸੰਘ-ਭਾਜਪਾ ਅਤੇ ਮੋਦੀ ਸਰਕਾਰ ਦੇਸ਼ ਨੂੰ ਧਰਮ ਅਧਾਰਤ, ਕੱਟੜ-ਪਿਛਾਖੜੀ, ਗੈਰ ਲੋਕਰਾਜੀ ਰਾਸ਼ਟਰ ‘ਚ ਤਬਦੀਲ ਕਰਨਾ ਚਾਹੁੰਦੀ ਹੈ। ਆਪਣੇ ਇਸ ਮਕਸਦ ਲਈ ਇਨ੍ਹਾਂ ਖਰੂਦੀ ਟੋਲਿਆਂ ਵਲੋਂ ਦੇਸ਼ ਦੇ ਮੌਜੂਦਾ ਸੰਵਿਧਾਨ, ਭਾਰਤ ਦੇ ਲੋਕਰਾਜੀ, ਧਰਮ ਨਿਰਪੱਖ, ਫੈਡਰਲ਼ ਢਾਂਚੇ ਅਤੇ ਸੰਵਿਧਾਨਕ ਤੇ ਜਮਹੂਰੀ ਸੰਸਥਾਵਾਂ ਦਾ ਗਿਣ-ਮਿਥ ਕੇ ਘਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਦੀ ਮਿਲੀਭੁਗਤ ਤਹਿਤ ਹੀ ਕੰਪਨੀਆਂ ਵਲੋਂ ਘਰੇਲੂ ਗੈਸ, ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਦੀ ਜੇਬ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ। ਫਰੰਟ ਵਲੋਂ ਇਸਦਾ ਡੱਟ ਕੇ ਵਿਰੋਧ ਕਰਦਿਆਂ ਇਸ ਦੇ ਖਿਲਾਫ ਲੋਕਾਂ ਨੂੰ ਸੜਕਾਂ ਉੱਪਰ ਆਉਣ ਦਾ ਸੱਦਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਤੇ ਭਾਜਪਾ ਪੰਜਾਬ ਦੀ ਸੱਤਾ ‘ਤੇ ਕਬਜਾ ਜਮਾਉਣ ਦੀਆਂ ਕੁਚਾਲਾਂ ਨੂੰ ਭਾਂਜ ਦੇਣ ਲਈ ਸਿਆਸੀ ਤੇ ਜਨਤਕ ਘੋਲ ਹੋਰ ਪ੍ਰਚੰਡ ਕੀਤੇ ਜਾਣਗੇ।