Now Reading
ਡੀ ਸੀ ਗੁਰਦਾਸਪੁਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ ਯਾਦ ਪੱਤਰ

ਡੀ ਸੀ ਗੁਰਦਾਸਪੁਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ ਯਾਦ ਪੱਤਰ

ਬਟਾਲਾ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ 30 ਜੂਨ ਨੂੰ ਗੁਰੂ ਨਾਨਕ ਪਾਰਕ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਯਾਦ ਪੱਤਰ ਦਿੱਤਾ ਜਾਵੇਗਾ।
ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਸ਼ਮਸ਼ੇਰ ਸਿੰਘ ਬਟਾਲਾ ਸੂਬਾ ਵਿੱਤ ਸਕੱਤਰ ਦਿਹਾਤੀ ਮਜ਼ਦੂਰ ਸਭਾ, ਵਿਜੇ ਸੋਹਲ ਸੂਬਾ ਸਕੱਤਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਬਲਬੀਰ ਸਿੰਘ ਮੱਲ੍ਹੀ ਜ਼ਿਲ੍ਹਾ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ, ਮੇਜਰ ਸਿੰਘ ਕੋਟ ਟੋਡਰਮੱਲ ਸੂਬਾ ਆਗੂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਹੰਸਾ ਸਿੰਘ ਤੇ ਧੀਰ ਸਿੰਘ ਚਿਤੌੜਗੜ੍ਹ ਜ਼ਿਲ੍ਹਾ ਆਗੂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਕਿਹਾ ਕਿ ਇਹਨਾਂ ਯਾਦ ਪੱਤਰਾਂ ਰਾਹੀਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਜਾਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈ ਕੇ ਮਜ਼ਦੂਰ, ਪੱਕੇ ਰੁਜ਼ਗਾਰ ਲਈ, ਮਨਰੇਗਾ ਤਹਿਤ ਪੂਰੇ ਸਾਲ ਦੇ ਵਾਸਤੇ ਕੰਮ ਅਤੇ ਘੱਟੋ-ਘੱਟ ਦਿਹਾੜੀ 700 ਰੁਪਏ ਕਰਨ ਦੀ ਮੰਗ ਕਰ ਰਹੇ ਹਨ, ਚੋਣ ਗਰੰਟੀਆਂ ਪੂਰੀਆਂ ਕਰਨ ਅਤੇ ਔਰਤਾਂ ਦੇ ਖਾਤੇ ਵਿੱਚ ਬਕਾਏ ਸਮੇਤ ਪੈਸੇ ਪਾਉਣ, ਬੁੱਢਾਪਾ-ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ 5000 ਰੁਪਏ ਕਰਨ, ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜੀ ਰਾਮ ਜੀ ਕਾਨੂੰਨ ਅਤੇ ਕਿਰਤ ਕਾਨੂੰਨਾਂ ਦੀ ਥਾਂ ਬਣਾਏ ਚਾਰ ਲੇਬਰ ਕੌਡ ਰੱਦ ਕਰਨ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ‘ਚ ਵੰਡਣ, ਪੰਚਾਇਤੀ ਜ਼ਮੀਨ ‘ਚੋਂ ਤੀਸਰੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣ‌ ਅਤੇ ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਵਰਗੀਆਂ ਬੁਨਿਆਦੀ ਅਤੇ ਹੱਕੀ ਮੰਗਾਂ ਵਾਸਤੇ ਮਜ਼ਦੂਰ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਬਦਲਾਅ ਦਾ ਨਾਅਰਾ ਦੇਣ ਵਾਲੀ ਆਪ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਕੇ ਮਜ਼ਦੂਰਾਂ ਨਾਲ ਵਿਤਕਰਾ ਕਰ ਰਹੀ ਹੈ, ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਲੋਕ ਵਿਰੋਧੀ ਹੈ। ਸਰਕਾਰ ਮਜ਼ਦੂਰ ਮੰਗਾਂ ਦੀ ਜਿੱਥੇ ਅਣਦੇਖੀ ਕਰ ਰਹੀ ਹੈ ਉਥੇ ਹੱਕ ਮੰਗਦੇ ਹਰ ਤਬਕੇ ਦੇ ਸੰਘਰਸ਼ ਨੂੰ ਡਾਂਗ ਦੇ ਜ਼ੋਰ ਦਬਾਇਆ ਜਾ ਰਿਹਾ ਹੈ। ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਡੀਜ਼ਲ, ਰਸੋਈ ਗੈਸ ਅਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਅਸਲ ਵਿਚ ਜੰਗੀ ਮਹੌਲ ਦੇ ਬਹਾਨੇ ਵੱਡੇ ਸਰਮਾਏਦਾਰਾਂ ਨੂੰ ਕਿਰਤੀ ਲੋਕਾਂ ਦੀ ਲੁੱਟ ਕਰਨ ਦੀ ਖੁੱਲ ਦੇ ਕੇ ਭਾਰਤੀ ਹਕੂਮਤ ਨੇ ਆਪਣਾ ਲੋਕ ਵਿਰੋਧੀ ਅਤੇ ਸਾਮਰਾਜ ਪੱਖੀ ਚਿਹਰਾ ਇਕ ਵਾਰ ਫਿਰ ਨੰਗਾ ਕਰ ਲਿਆ ਹੈ।
ਮੀਟਿੰਗ ਵਿੱਚ ਸੁਪਰੀਮ ਕੋਰਟ ਵੱਲੋਂ ਅਨੂਸੂਚਿਤ ਜਾਤੀ ਅਤੇ ਜਨਜਾਤੀ ਉਪਰ ਜ਼ੁਲਮ ਰੋਕੂ ਐਕਟ 1989 ਨੂੰ ਸੋਧਾਂ ਰਾਹੀਂ ਕਮਜ਼ੋਰ ਕੀਤਾ ਜਾ ਰਿਹਾ ਹੈ ਸੋਧਾਂ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਮਜ਼ਦੂਰ ਮੰਗਾਂ ਮਨਵਾਉਣ ਅਤੇ ਮਹਿੰਗਾਈ ਵਿਰੁੱਧ ਪੰਜਾਬ ਅੰਦਰ ਵੱਡਾ ਮਜ਼ਦੂਰ ਅੰਦੋਲਨ ਖੜਾ ਕੀਤਾ ਜਾਵੇਗਾ।
ਮੀਟਿੰਗ ਵਿੱਚ ਮਜ਼ਦੂਰ ਆਗੂ ਠਾਕਰ ਧਿਆਨ ਸਿੰਘ, ਗੁਲਜ਼ਾਰ ਸਿੰਘ ਭੁੰਬਲੀ ਆਦਿ ਹਾਜ਼ਰ ਸਨ।

Scroll To Top