
ਅਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ’ਤੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੰਜਾਬ ਅੰਦਰ ਆਏ ਹੜ੍ਹ ਦੀ ਜੁਡੀਸ਼ੀਅਲ ਜਾਂਚ ਅਤੇ ਹੜ੍ਹ ਪੀੜਤਾਂ ਨੂੰ ਢੁੱਕਵੀਂ ਸਹਾਇਤਾ ਦੇਣ ਆਦਿਕ ਮੰਗਾਂ ਦੀ ਪ੍ਰਾਪਤੀ ਲਈ ਹਜ਼ਾਰਾਂ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਆਕਾਸ਼ ਗੂੰਜਾਊ ਨਾਅਰੇ ਲਗਾ ਰਹੇ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਬੀ ਕੇ ਯੂ ਉਗਰਾਹਾਂ ਦੇ ਆਗੂ ਡਾਕਟਰ ਪਰਮਿੰਦਰ ਸਿੰਘ ਪੰਡੋਰੀ, ਬਘੇਲ ਸਿੰਘ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਪ੍ਰਭਜੀਤ ਸਿੰਘ ਤਿੰਮੋਵਾਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾਈ ਸਕੱਤਰ ਲਖਬੀਰ ਸਿੰਘ ਨਿਜ਼ਾਮਪੁਰਾ, ਬਲਦੇਵ ਸਿੰਘ ਵੇਰਕਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਸੁੱਚਾ ਸਿੰਘ ਅਜਨਾਲਾ ਤੇ ਸਵਿੰਦਰ ਸਿੰਘ ਮੀਰਾਂਕੋਟ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਦਲਬੀਰ ਸਿੰਘ ਬੇਦਾਦਪੁਰ ਅਤੇ ਹਰਜੀਤ ਸਿੰਘ ਝੀਤੇ, ਬੀਕੇਯੂ ਰਾਜੇਵਾਲ ਦੇ ਆਗੂ ਸੁਖਰਾਜਬੀਰ ਸਿੰਘ ਲੁਹਾਰਕਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਬੀਰ ਸਿੰਘ ਮੂਧਲ ਆਦਿ ਨੇ ਕਿਹਾ ਕਿ ਪੰਜਾਬ ਅੰਦਰ ਆਏ ਹੜ ਕੁਦਰਤੀ ਕਰੋਪੀ ਨਹੀਂ ਸਗੋਂ ਪੰਜਾਬ ਅਤੇ ਕੇਂਦਰ ਸਰਕਾਰਾਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਥੀਨ ਡੈਮ ਦੀ ਮੈਨੇਜਮੈਂਟ ਮੁੱਖ ਤੌਰ ਤੇ ਜਿੰਮੇਵਾਰ ਹਨ। ਉਨ੍ਹਾਂ ਕਿ ਹੜ ਪੀੜਤ ਲੋਕਾਂ ਦੀ ਮਦਦ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਨਾ ਮਾਤਰ ਸਹਾਇਤਾ ਵੀ ਪ੍ਰਦਾਨ ਨਹੀਂ ਕਰਦੇ।
ਆਗੂਆਂ ਨੇ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਫਸਲਾਂ ਦੇ ਖਰਾਬੇ ਲਈ ਪ੍ਰਤੀ ਏਕੜ 70 ਹਜਾਰ ਰੁਪਏ, ਕਮਾਦ ਦੀ ਫਸਲ ਲਈ ਇਕ ਲੱਖ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 10 ਹਜਾਰ ਰੁਪਏ ਪ੍ਰਤੀ ਏਕੜ ਦਿੱਤੇ ਜਾਣ, ਮੁਆਵਜਾ ਕਾਸ਼ਤਕਾਰ ਕਿਸਾਨਾਂ ਨੂੰ ਦਿੱਤਾ ਜਾਵੇ। ਇਸੇ ਤਰ੍ਹਾਂ ਇਕ ਲੱਖ ਰੁਪਏ ਦੀ ਗਰਾਂਟ ਹਰੇਕ ਪੀੜਤ ਪਰਿਵਾਰ ਨੂੰ ਦਿੱਤੀ ਜਾਵੇ, ਹੜਾਂ ਵਿੱਚ ਮਾਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਪ੍ਰਤੀ ਵਿਅਕਤੀ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਮਾਰੇ ਗਏ ਦੁਧਾਰੂ ਪਸ਼ੂਆਂ ਦਾ ਇੱਕ ਲੱਖ ਰੁਪਏ ਪ੍ਰਤੀ ਪਸ਼ੂ, ਭੇਡਾਂ ਬੱਕਰੀਆਂ ਆਦਿ ਦਾ 20 ਹਜ਼ਾਰ ਰੁਪਏ ਪ੍ਰਤੀ ਜਾਨਵਰ ਮੁਆਵਜ਼ਾ ਦਿੱਤਾ ਜਾਵੇ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦੀ ਉਕਤ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।