Now Reading
ਬੀਬੀ ਮਹਿੰਦਰ ਕੌਰ ਡੇਹਲੋ ਦੀ ਸ਼ਹਾਦਤ ਹਮੇਸ਼ਾ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ: ਜਾਮਾਰਾਏ

ਬੀਬੀ ਮਹਿੰਦਰ ਕੌਰ ਡੇਹਲੋ ਦੀ ਸ਼ਹਾਦਤ ਹਮੇਸ਼ਾ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ: ਜਾਮਾਰਾਏ

ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਅੱਜ ਸਭਾ ਦੇ ਦਫ਼ਤਰ ਕਿਲ੍ਹਾ ਰਾਏਪੁਰ ਵਿਖੇ ਵਿਸ਼ੇਸ਼ ਸਮਾਗਮ ਕਰਕੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿੱਚ ਸ਼ਹੀਦ ਹੋਣ ਵਾਲੀ ਬੀਬੀ ਮਹਿੰਦਰ ਕੌਰ ਡੇਹਲੋ ਨੂੰ ਯਾਦ ਕਰਕੇ ਉਹਨਾ ਵੱਲੋ ਅੰਦੋਲਨ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ। ਬੀਬੀ ਜੀ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਉੱਪਰ ਲੱਗੇ ਪੱਕੇ ਮੋਰਚੇ ਦੀ ਟੀਮ ਦਾ ਹਿੱਸਾ ਸਨ। ਉਹ ਇੱਥੋਂ ਕਈ ਵਾਰ ਦਿੱਲੀ ਦੇ ਸਿੰਘੂ ਬਾਹਡਰ ਦੇ ਮੋਰਚੇ ’ਤੇ ਗਏ ਅਤੇ ਕਿਲ੍ਹਾ ਰਾਏਪੁਰ ਦੇ ਮੋਰਚੇ ਉੱਪਰ ਦਿਨ ਰਾਤ ਹਾਜ਼ਰੀ ਭਰਕੇ ਇਸ ਮੋਰਚੇ ਨੂੰ ਸਫ਼ਲ ਕਰਨ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ।

ਅੱਜ ਦੇ ਸਮਾਗਮ ਦੀ ਪ੍ਰਧਾਨਗੀ ਅਮਨਦੀਪ ਕੌਰ ਕਿਲ੍ਹਾ ਰਾਏਪੁਰ, ਪੰਚ ਕਰਮਜੀਤ ਕੌਰ ਨਾਰੰਗਵਾਲ ਅਤੇ ਸੁਖਵਿੰਦਰ ਕੌਰ ਡੇਹਲੋ ਨੇ ਕੀਤੀ। ਸ਼ਹੀਦ ਬੀਬੀ ਮਹਿੰਦਰ ਕੌਰ ਡੇਹਲੋ ਦੇ ਪਤੀ ਹੁਕਮ ਸਿੰਘ ਅਤੇ ਉਹਨਾਂ ਦੇ ਪੁੱਤਰ ਤੇ ਨੂੰਹਾਂ ਨੂੰ ਵੀ ਇਸ ਮੌਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ ਨੇ ਸ਼ਹੀਦ ਬੀਬੀ ਮਹਿੰਦਰ ਕੌਰ ਡੇਹਲੋ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਉਹਨਾਂ ਦੀ ਸ਼ਹਾਦਤ ਸਾਨੂੰ ਜਬਰ, ਜ਼ੁਲਮ ਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ। ਉਹਨਾਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਮਜਦੂਰਾਂ ਕਿਸਾਨਾਂ ਨੂੰ ਆਪਣੀਆਂ ਜਾਨਾਂ ਦੀ ਕੁਰਬਾਨੀ ਕਰਨੀ ਪਈ ਹੈ। ਉਹਨਾ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਵੱਲ ਵੱਧ ਰਹੀ ਹੈ। ਪਰ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੇ ਇਨਸਾਫ਼ ਪੰਸਦ ਕਿਰਤੀ ਕਿਸਾਨ ਇਹਨਾਂ ਨੀਤੀਆਂ ਨੂੰ ਲਾਗੂ ਨਹੀ ਹੋਣ ਦੇਣਗੇ। ਉਹਨਾ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਸੰਯੁਕਤ ਕਿਸਾਨ ਮੋਰਚਾ ਲੋਕਾ ਦੇ ਹਿੱਤ ਵਿੱਚ ਆਪਣਾ ਸੰਘਰਸ਼ ਜਾਰੀ ਰੱਖੇਗਾ।

          ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਦੀ ਮੰਗ ਕਰਦੀ ਹੈ। ਉਹਨਾਂ ਸੂਬਾ ਸਰਕਾਰ ਵੱਲੋ ਬਿਜਲੀ ਨਿਗਮ ਦੀਆਂ ਜਾਇਦਾਦਾਂ ਨੂੰ ਵੇਚਣ ਦੀ ਤਿਆਰੀ ਦਾ ਵਿਰੋਧ ਕੀਤਾ ਕਰਦਿਆਂ ਕਿਹਾ ਕਿ ਉਸ ਬਿਜਲੀ ਮੁਲਾਜ਼ਮਾਂ ਦੇ ਵੱਲੋ ਕੀਤੇ ਜਾ ਰਹੇ ਸੰਘਰਸ਼ ਵਿੱਚ ਵੱਧ ਚੱੜ ਕੇ ਹਿੱਸਾ ਪਾਉਣਗੇ। ਉਹ ਸਰਕਾਰੀ ਜਾਇਦਾਦ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੌਮੀ ਆਗੂ ਕੁਲਦੀਪ ਸਿੰਘ ਗਰੇਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਵਿੱਚ ਧਰਮ, ਜਾਤ, ਇਲਾਕਿਆਂ ਦੇ ਨਾਮ ਤੇ ਵੰਡੀਆ ਪਾ ਕੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ ਪਰ ਦੇਸ਼ ਦੇ ਕਿਰਤੀ ਸਰਕਾਰ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਣਗੇ।

ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 4 ਨਵੰਬਰ ਨੂੰ ਜ਼ਿਲ੍ਹਾ ਕੇਂਦਰਾਂ ਉੱਪਰ ਮੰਗ ਪੱਤਰ ਦਿੱਤੇ ਜਾਣਗੇ ਅਤੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਰੈਲੀ ਕਰਕੇ ਕੇਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

See Also

ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਖੱਜਲ ਖੁਵਾਰ ਕਰਨ ਦੀ ਨੀਤੀ ਨੂੰ ਸਰਕਾਰ ਬੰਦ ਕਰੇ। ਉਹਨਾਂ ਮੰਗ ਕੀਤੀ ਕਿ ਝੋਨੇ ਦੀ ਨਮੀ 17% ਪ੍ਰਤੀਸ਼ਤ ਤੋ ਵਧਾ ਕੇ 22% ਪ੍ਰਤੀਸ਼ਤ ਕਰ ਕੇ ਖਰੀਦ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇ ਕੋਈ ਆੜਤੀਆ ਜਾਂ ਅਧਿਕਾਰੀ ਝੋਨੇ ਦੀ ਤੁਲਾਈ ਵਿੱਚ ਕਾਟ ਲਗਾਉਂਦਾ ਹੈ ਜਾਂ ਪੈਸੇ ਦੀ ਮੰਗ ਕਰਦਾ ਹੈ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਉਹ ਇਸ ਧੱਕੇਸ਼ਾਹੀ ਨੂੰ ਚੱਲਣ ਨਹੀਂ ਦੇਣਗੇ।

ਇਸ ਮੌਕੇ ਤੇ ਹੋਰਨਾ ਤੋ ਇਲਾਵਾ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ, ਜਸਵੀਰ ਕੌਰ ਜੜਤੌਲੀ, ਸੁਰਜੀਤ ਸਿੰਘ ਸੀਲੋ, ਰਘਵੀਰ ਸਿੰਘ ਆਸੀ ਕਲਾਂ, ਮਲਕੀਤ ਸਿੰਘ ਗਰੇਵਾਲ, ਪੰਚ ਸਰਬਪ੍ਰੀਤ ਸਿੰਘ ਕਿਲ੍ਹਾ ਰਾਏਪੁਰ, ਦਫਤਰ ਸਕੱਤਰ ਨਛੱਤਰ ਸਿੰਘ, ਵਰਿੰਦਰ ਸਿੰਘ ਜੜਤੌਲੀ, ਕੁਲਦੀਪ ਸਿੰਘ ਗਰੇਵਾਲ ਪੱਖੋਵਾਲ, ਡਾ. ਕੇਸਰ ਸਿੰਘ ਧਾਦਰਾ, ਡਾ. ਜਸਵਿੰਦਰ ਸਿੰਘ ਢਿੱਲੋ, ਸਵਰਨਜੀਤ ਸਿੰਘ ਢਿੱਲੋ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਕਰਮ ਸਿੰਘ ਗਰੇਵਾਲ, ਸੁਖਦੇਵ ਸਿੰਘ ਭੋਮਾ, ਦਿਵਾਨ ਸਿੰਘ ਕੋਟਉਮਰਾ, ਮੋਹਣਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

Scroll To Top