
ਤਰਨਤਾਰਨ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਸੈਂਕੜੇ ਔਰਤਾਂ ਤੇ ਪੁਰਸ਼ਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਪੱਖੀ ਅਤੇ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਹ ਭਰਪੂਰ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪੰਜਾਬ ਖੇਤ ਮਜ਼ਦੂਰ ਸਭਾ ਦੇ ਜੋਗਿੰਦਰ ਸਿੰਘ ਵਲਟੋਹਾ, ਦਿਹਾਤੀ ਮਜ਼ਦੂਰ ਸਭਾ ਦੇ ਜਸਬੀਰ ਸਿੰਘ ਵੈਰੋਵਾਲ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਪ੍ਰੀਤਮ ਸਿੰਘ ਪੱਟੀ, ਮਜ਼ਦੂਰ ਮੁਕਤੀ ਮੋਰਚਾ ਦੇ ਚਰਨਜੀਤ ਸਿੰਘ ਲਾਲ ਪੁਰ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਜ਼ਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾਂ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਚਮਨ ਲਾਲ ਦਰਾਜਕੇ, ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਚੂੰਗ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰ ਸਿੰਘ ਪੱਟੀ,ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਦਲਵਿੰਦਰ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਕਾਮਰੇਡ ਜੋਗਿੰਦਰ ਸਿੰਘ ਗੋਹਲਵੜ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰਕੇ ਜੀ ਰਾਮ ਜੀ ਕਾਨੂੰਨ ਲਿਆਉਣ ਰਾਹੀਂ ਕਿਰਤੀਆਂ ਦੇ ਚੁੱਲ੍ਹੇ ਠੰਢੇ ਕਰਨ ਦੇ ਰਾਹ ਪੈ ਗਈ ਹੈ। ਉਹਨਾਂ ਆਖਿਆ ਕਿ ਮੋਦੀ ਸਰਕਾਰ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਕੇ ਮਜ਼ਦੂਰਾਂ ਕਿਸਾਨਾਂ ਤੇ ਗਰੀਬ ਲੋਕਾਂ ਦੇ ਘਰਾਂ ‘ਚ ਹਨੇਰਾ ਕਰਨ ਜਾ ਰਹੀ ਹੈ ਅਤੇ ਕਿਰਤ ਕਾਨੂੰਨਾਂ ‘ਚ ਸੋਧਾ ਕਰਕੇ ਮਜ਼ਦੂਰ ਵਰਗ ਨੂੰ ਮਿਲਦੀ ਨਾਮਾਤਰ ਸੁਰੱਖਿਆ ਦਾ ਭੋਗ ਪਾਉਣ ਵਰਗੀਆਂ ਨੀਤੀਆਂ ਲਾਗੂ ਕਰ ਰਹੀ ਹੈ। ਬੁਲਾਰਿਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਆਪ ਸਰਕਾਰ ਚੋਣ ਗਰੰਟੀਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਤੇ ਪੈਨਸ਼ਨਾਂ ਦੀ ਰਾਸ਼ੀ ਵਧਾਉਣ ਤੋਂ ਇਲਾਵਾ ਘਰਾਂ ਦੇ ਮਾਲਕੀ ਹੱਕ ਦੇਣ, ਪੰਚਾਇਤੀ ਜ਼ਮੀਨਾਂ ਚੋਂ ਐਸ ਸੀ ਪਰਿਵਾਰਾਂ ਨੂੰ ਤੀਜੇ ਹਿੱਸੇ ਦੀ ਜ਼ਮੀਨ ਸਸਤੇ ਭਾਅ ਠੇਕੇ ਤੇ ਦੇਣ, ਮਜ਼ਦੂਰਾ ਦੇ ਕੱਟੇ ਹੋਏ ਰਾਸ਼ਨ ਕਾਰਡ ਬਹਾਲ ਕਰਨ, ਆਦਿ ਮੰਗਾਂ ਲਾਗੂ ਕਰਨ ਤੋਂ ਭੱਜ ਚੁੱਕੀ ਹੈ। ਇਸ ਮੌਕੇ ਜਥੇਬੰਦੀਆਂ ਵੱਲੋ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇਣ ਤੋਂ ਇਲਾਵਾ ਮਨਰੇਗਾ ਨੂੰ ਖਤਮ ਕਰਕੇ ਲਿਆਂਦੇ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲੈਣ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਦੀ ਗਰੰਟੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮਤਾ ਪਾਸ ਕਰਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਗਿਰਫ਼ਤਾਰ ਦੀ ਨਿੰਦਾ ਕਰਦਿਆਂ ਬਿਨਾਂ ਸ਼ਰਤ ਰਿਹਾਅ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।
ਅੱਜ ਦੇ ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਦੇ ਰਸ਼ਪਾਲ ਸਿੰਘ ਘੁਰਕਵਿੰਡ ਪੱਪਾ ਮਸੀਹ ਚੂਸਲੇਵੜ,ਸਰਵਨ ਸਿੰਘ ਕਿਰਤੋਵਾਲ, ਹਰਜਿੰਦਰ ਕੌਰ ਸਰਹਾਲੀ ਕਲਾ,ਦਿਹਾਤੀ ਮਜ਼ਦੂਰ ਸਭਾ ਦੇ ਜਸਵੰਤ ਸਿੰਘ ਭਿੱਖੀਵਿੰਡ, ਸੰਤੋਖ ਸਿੰਘ ਮੱਖੀ ਕਲਾ,ਗੁਰਬੀਰ ਭੱਟੀ ਰਾਜੋਕੇ,ਧਰਮ ਸਿੰਘ ਪੱਟੀ,ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਮਨਜੀਤ ਸਿੰਘ ਝਬਾਲ, ਅੰਗਰੇਜ ਸਿੰਘ ਰਟੋਲ, ਮਨਪ੍ਰੀਤ ਸਿੰਘ, ਕਰਤਾਰ ਸਿੰਘ ਕੋਟਲੀ, ਮਜਦੂਰ ਮੁਕਤੀ ਮੋਰਚਾ ਦੇ ਬਲਵਿੰਦਰ ਸਿੰਘ ਕਵਾੜੀਆ, ਸਵਿੰਦਰ ਸਿੰਘ ਅਲਾਦੀਨ ਪੁਰ, ਤਰਸੇਮ ਸਿੰਘ ਢੋਟੀਆ, ਰੂਪ ਸਿੰਘ ਪਡੋਰੀ ਰਣ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੀਆਂ ਸਮੂਹ ਜਨਤਕ ਜਥੇਬੰਦੀਆਂ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਚ ਵਧ ਚੜ੍ਹ ਕੇ ਸ਼ਾਮਲ ਹੋਣ।