
ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਕਮੇਟੀ ਤਰਨਤਾਰਨ ਦੀ ਮੀਟਿੰਗ ਸਰਪੰਚ ਮੀਨਾ ਕੌਰ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਥੇਬੰਦੀ ਦੇ ਮੈਂਬਰਾਂ ਤੇ ਹਮਦਰਦਾਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਤੇ ਸੂਬਾ ਕਮੇਟੀ ਮੈਂਬਰ ਬਲਦੇਵ ਸਿੰਘ ਭੈਲ ਨੇ ਕਿਹਾ ਕਿ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ 8 ਅਪ੍ਰੈਲ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਜ਼ਿਲ੍ਹਾ ਤਰਨਤਾਰਨ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਖੇਤ ਮਜ਼ਦੂਰ ਔਰਤਾਂ ਤੇ ਮਰਦ ਭਾਗ ਲੈਣਗੇ, ਜਿਸ ਦੀਆਂ ਤਿਆਰੀਆਂ ਬੜੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਵਿਸ਼ਾਲ ਰੈਲੀ ਪ੍ਰਤੀ ਮਜ਼ਦੂਰ ਵਰਗ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਨ੍ਹਾਂ ਆਗੂਆਂ ਨੇ ਕਿਰਤੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਹਾਤੀ ਮਜ਼ਦੂਰ ਸਭਾ ਵੱਲੋਂ ਹੋ ਰਹੀ ਇਸ ਵਿਸ਼ਾਲ ਰੈਲੀ ਨੂੰ ਤਨ ਮਨ ਧਨ ਨਾਲ ਸਫ਼ਲ ਬਣਾਇਆ ਜਾ ਸਕੇ ਤਾਂ ਜੋ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦਾ ਮੁਕਾਬਲਾ ਕੀਤਾ ਜਾ ਸਕੇ। ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਰਸੂਲਪੁਰ, ਪਰਮਜੀਤ ਸਿੰਘ ਗੰਡੀਵਿੰਡ, ਸੋਨੂੰ ਸਿੰਘ ਭੁੱਚਰ ਆਦਿ ਆਗੂ ਹਾਜ਼ਰ ਸਨ।