
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 6 ਅਪ੍ਰੈਲ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਮਾਰੇ ਜਾ ਰਹੇ ਧਰਨਿਆਂ ਦੀ ਤਿਆਰੀ ਕਰਕੇ ਵੱਡੇ ਜਥਿਆਂ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਸੂਬਾ ਤੇ ਕੇਂਦਰ ਸਰਕਾਰ ਦੇ ਲੋਕ ਤੇ ਕਿਸਾਨ ਵਿਰੋਧੀ ਫੈਸਲਿਆ ਬੀਜ ਬਿੱਲ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼, ਮੁਕਤ ਵਪਾਰ ਲਾਗੂ ਕਰਨ, ਮਨਰੇਗਾ ਕਾਨੂੰਨ ਬਹਾਲ ਕਰਨ, ਚਾਰ ਲੇਬਰ ਕੋਡ ਵਾਪਸ ਕਰਵਾਉਣ, ਪਾਣੀਆਂ ਦੇ ਮਸਲੇ ਹੱਲ ਕਰਨ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਵਾਉਣ ਲਈ 6 ਅਪ੍ਰੈਲ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਸੰਯੁਕਤ ਕਿਸਾਨ ਮੋਰਚੇ ਵੱਲੋ ਧਰਨੇ ਮਾਰੇ ਜਾਣਗੇ। ਉਹਨਾਂ ਸਾਰੇ ਪੰਜਾਬ ਦੇ ਕਿਸਾਨਾਂ ਨੂੰ ਇਹਨਾਂ ਧਰਨਿਆਂ ਵਿੱਚ ਸ਼ਾਮਲ ਕਰਵਾਉਣ ਲਈ ਮੁਹਿਮ ਚਲਾਉਣ ਤੇ ਜੋਰ ਦਿੱਤਾ।
ਇਸ ਮੌਕੇ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਲਈ ਤਿਆਰ ਹੈ, ਪਰ ਸੂਬਾ ਤੇ ਕੇਂਦਰ ਸਰਕਾਰ ਵਲੋਂ ਕਣਕ ਖ਼ਰੀਦਣ ਦੀ ਤਿਆਰੀ ਤੋਂ ਪੱਛੜੀ ਪਈ ਹੈ। ਉਹਨਾ ਸਰਕਾਰਾਂ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖ਼ਰੀਦਿਆ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਹਨਾਂ ਪਿਛਲੇ ਦਿਨਾਂ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕੀਤੀਆਂ ਗਈਆਂ ਸਰਗਰਮੀਆਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਰਘਵੀਰ ਸਿੰਘ ਬੈਨੀਪਾਲ, ਹਰਪ੍ਰੀਤ ਸਿੰਘ ਬੁਟਾਰੀ, ਰਤਨ ਸਿੰਘ ਰੰਧਾਵਾ, ਮੋਹਣ ਸਿੰਘ ਧਮਾਣਾ, ਰੇਸ਼ਮ ਸਿੰਘ ਫੈਰੋਕੇ, ਅਮਰੀਕ ਸਿੰਘ ਮਾਨਸਾ, ਸ. ਸ. ਧਾਲ਼ੀਵਾਲ, ਵਰਿੰਦਰਜੀਤ ਸਿੰਘ ਪੁਰੀ, ਸੰਤੋਖ ਸਿੰਘ ਬਿਲਗਾ, ਮਨਜੀਤ ਸਿੰਘ ਬੱਗੂ, ਕੁਲਦੀਪ ਸਿੰਘ ਫਿਲੌਰ, ਉੱਧਮ ਸਿੰਘ ਸੰਤੋਖਪੁਰ, ਮੇਜਰ ਸਿੰਘ ਖੁਰਲਾਪੁਰ, ਦਰਬਾਰਾ ਸਿੰਘ ਆਦਿ ਹਾਜ਼ਰ ਸਨ।