
ਤਰਨਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਤਹਿਸੀਲ ਦੀ ਜਰਨਲ ਬਾਡੀ ਮੀਟਿੰਗ ਬਲਦੇਵ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਭਾਜਪਾ ਦੀ ਮੋਦੀ ਸਰਕਾਰ ਕਾਰਪੋਰੇਟਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਅਤੇ ਦੇਸ਼ ਦੀ ਪ੍ਰਭੂਸੱਤਾ ਨੂੰ ਅਮਰੀਕਨ ਸਾਮਰਾਜ ਕੋਲ ਗਹਿਣੇ ਧਰਕੇ ਦੇਸ਼ ਦੇ ਹਿੱਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ। ਅਮਰੀਕਾ ਅਤੇ ਹੋਰ ਸਾਮਰਾਜੀ ਦੇਸ਼ਾਂ ਨਾਲ ਕਰ ਮੁਕਤ ਵਪਾਰ ਦੇ ਕੀਤੇ ਜਾ ਰਹੇ ਸਮਝੌਤੇ ਕਿਸਾਨੀ, ਛੋਟੇ ਵਪਾਰੀ ਅਤੇ ਸਨਅਤਾਂ ਨੂੰ ਤਬਾਹ ਕਰ ਦੇਣਗੇ। ਉਹਨਾਂ ਕਿਹਾ ਕੇ ਖੇਤੀ ਵਿੱਚ ਲੱਗੇ ਲੋਕਾਂ, ਪੋਲਟਰੀ, ਛੋਟੀਆਂ ਦੁਕਾਨਾਂ ਰਾਹੀਂ ਆਪਣਾ ਜੂਨ ਗੁਜਾਰਾ ਕਰਦੇ ਲੋਕਾਂ ਨੂੰ ਰੁਜ਼ਗਾਰ ਤੋਂ ਹੱਥ ਧੋਣੇ ਪੈਣਗੇ ਅਤੇ ਬੇਰੋਜ਼ਗਾਰੀ ਵਿੱਚ ਵਾਧਾ ਹੋਵੇਗਾ।
ਜਾਮਾਰਾਏ ਨੇ ਦੇਸ਼ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐੱਸ.ਐੱਸ. ਜਾਂ ਸੰਘ) ਵਲੋਂ ਫਿਰਕੂ ਤੇ ਜਾਤੀਵਾਦੀ ਵੰਡ ਤਿੱਖੀ ਕਰਨ ਲਈ ਦੇਸ਼ ਭਰ ‘ਚ ਮੁਸਲਮਾਨ ਤੇ ਈਸਾਈ ਘੱਟ ਗਿਣਤੀ ਵਸੋਂ ਅਤੇ ਦਲਿਤਾਂ ਦੇ ਕੀਤੇ ਜਾ ਰਹੇ ਘਿਨੌਣੇ ਕਤਲਾਂ, ਇਨ੍ਹਾਂ ਖ਼ਿਲਾਫ਼ ਕੀਤੇ ਜਾ ਰਹੇ ਵਿਉਂਤਬੱਧ ਨਫਰਤੀ ਕੂੜ ਪ੍ਰਚਾਰ ਅਤੇ ਸਮਾਜਿਕ ਜਬਰ ਤੇ ਵਿਤਕਰੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮਨੂੰਵਾਦੀ ਸ਼ਾਸ਼ਨ ਪੱਧਤੀ ਲਾਗੂ ਕਰਨ ਲਈ ਸੰਘ ਪ੍ਰੀਵਾਰ ਦੇ ਗੁਰਗੇ ਔਰਤਾਂ ਖ਼ਿਲਾਫ਼ ਦੇਸ਼ ਭਰ ‘ਚ ਹੌਲਨਾਕ ਜ਼ੁਲਮ ਕਮਾ ਰਹੇ ਹਨ। ਉਹਨਾਂ ਕਿਹਾ ਕਿ ਸੰਘ-ਭਾਜਪਾ ਅਤੇ ਮੋਦੀ ਸਰਕਾਰ ਸਭਨਾਂ ਦੇ ਸਾਂਝੇ ਉਦਾਰ ਭਾਰਤ ਨੂੰ ਧਰਮ ਅਧਾਰਤ, ਕੱਟੜ-ਪਿਛਾਖੜੀ, ਗੈਰ ਲੋਕਰਾਜੀ ਰਾਸ਼ਟਰ ‘ਚ ਤਬਦੀਲ ਕਰਨਾ ਚਾਹੁੰਦੇ ਹਨ। ਆਪਣੇ ਇਸ ਮਕਸਦ ਲਈ ਇਨ੍ਹਾਂ ਖਰੂਦੀ ਟੋਲਿਆਂ ਵਲੋਂ ਦੇਸ਼ ਦੇ ਮੌਜੂਦਾ ਸੰਵਿਧਾਨ, ਭਾਰਤ ਦੇ ਲੋਕਰਾਜੀ, ਧਰਮ ਨਿਰਪੱਖ, ਫੈਡਰਲ ਢਾਂਚੇ ਅਤੇ ਸੰਵਿਧਾਨਕ ਤੇ ਜਮਹੂਰੀ ਸੰਸਥਾਵਾਂ ਦਾ ਗਿਣ-ਮਿਥ ਕੇ ਘਾਣ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਆਰ.ਐੱਸ.ਐੱਸ. ਤੇ ਭਾਜਪਾ ਦੀਆਂ ਪੰਜਾਬ ਦੀ ਸੱਤਾ ‘ਤੇ ਕਬਜਾ ਜਮਾਉਣ ਦੀਆਂ ਕੁਚਾਲਾਂ ਨੂੰ ਭਾਂਜ ਦੇਣ ਲਈ ਸਿਆਸੀ ਤੇ ਜਨਤਕ ਘੋਲ ਹੋਰ ਪ੍ਰਚੰਡ ਕੀਤੇ ਜਾਣਗੇ। ਜਾਮਾਰਾਏ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜਾ 31ਜੁਲਾਈ ਨੂੰ ਤਰਨ ਤਾਰਨ ਤਹਿਸੀਲ ਵੱਲੋਂ ਮਨਾਇਆ ਜਾਵੇਗਾ।
ਇਸ ਮੌਕੇ ਨਰਿੰਦਰ ਰਟੌਲ, ਜਸਬੀਰ ਕੌਰ ਕੈਰੋਵਾਲ, ਕੁਲਦੀਪ ਸਿੰਘ ਮਾਨੋਚਾਲ, ਕਰਮ ਸਿੰਘ ਪੰਡੋਰੀ, ਜਰਨੈਲ ਸਿੰਘ ਰਸੂਲਪੁਰ, ਸੁਖਦੇਵ ਸਿੰਘ ਜਵੰਦਾ, ਅੰਮ੍ਰਿਤਪਾਲ ਸਿੰਘ ਚੌਧਰੀਵਾਲਾ, ਗੁਰਭੇਜ ਸਿੰਘ ਭੱਟੀ, ਬੁੱਧ ਸਿੰਘ ਪੱਖੋਕੇ, ਬਲਵਿੰਦਰ ਸਿੰਘ, ਦਲਬੀਰ ਸਿੰਘ ਬਾਗੜੀਆਂ, ਡਾਕਟਰ ਅਸ਼ਵਨੀ ਕੁਮਾਰ, ਸੁਰਿੰਦਰ ਸਿੰਘ ਖੱਬਾ, ਪਰਮਜੀਤ ਸਿੰਘ ਗੰਡੀਵਿੰਡ, ਬਲਵਿੰਦਰ ਸਿੰਘ ਭੁੱਚਰ, ਗੁਰਵਿੰਦਰ ਸਿੰਘ ਠੱਠੀਆਂ, ਪ੍ਰਭ ਸਿੰਘ ਤਰਨ ਤਾਰਨ ਆਰੇਵਾਲੇ, ਸਤਨਾਮ ਸਿੰਘ ਤਰਨ ਤਾਰਨ ਤੋਂ ਇਲਾਵਾ ਪਾਰਟੀ ਆਗੂ ਹਾਜ਼ਰ ਸਨ।